ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੇ ਉਮੀਦਵਾਰਾਂ ਨੂੰ ਨੌਕਰੀਆਂ ਤੇ ਐਡਮਿਸ਼ਨ ਵਿਚ 10 ਫ਼ੀਸਦੀ ਰਿਜ਼ਰਵੇਸ਼ਨ ਦੇਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕੇਰਲ ਹਾਈਕੋਰਟ ਵਿਚ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਦਾਖ਼ਲ ਪਟੀਸ਼ਨ ’ਤੇ ਨੋਟਿਸ ਵੀ ਜਾਰੀ ਕੀਤਾ। ਸਰਕਾਰ ਵੱਲੋਂ ਦਾਖ਼ਲ ਪਟੀਸ਼ਨ ਵਿਚ ਮਾਮਲੇ ਨੂੰ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿਚ ਟਰਾਂਸਫਰ ਕਰਨ ਦੀ ਬੇਨਤੀ ਕੀਤੀ ਗਈ ਹੈ।
ਮੁੱਖ ਜੱਜ ਐੱਨਵੀ ਰਮਨ, ਜੱਜ ਸੂਰਜ ਕਾਂਤ ਤੇ ਜੱਜ ਹਿਮਾ ਕੋਹਲੀ ਦੀ ਬੈਂਚ ਨੇ ਕੇਂਦਰ ਦੁਆਰਾ ਦਾਖ਼ਲ ਪਟੀਸ਼ਨ ’ਤੇ ਨੋਟਿਸ ਵੀ ਜਾਰੀ ਕੀਤਾ, ਜਿਸ ਵਿਚ ਮਾਮਲੇ ਨੂੰ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿਚ ਟਰਾਂਸਫਰ ਕਰਨ ਦੀ ਬੇਨਤੀ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਇਸੇ ਤਰ੍ਹਾਂ ਦੇ ਮਾਮਲੇ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਦੇ ਸਾਹਮਣੇ ਭੇਜ ਦਿੱਤਾ ਸੀ। ਦੱਸ ਦਈਏ ਕਿ ਨੁਜੈਮ ਪੀਕੇ ਨੇ ਕੇਰਲ ਹਾਈਕੋਰਟ ਵਿਚ ਜਨਹਿਤ ਪਟੀਸ਼ਨ ਦਾਖ਼ਲ ਕਰ ਕੇ ਕੇਂਦਰ ਸਰਕਾਰ ਦੇ ਉਕਤ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ।