Punjab

ਸੂਬੇ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ; 336 ਬੈਂਚਾਂ ਨੇ ਕੀਤੀ 1,45,779 ਕੇਸਾਂ ਦੀ ਸੁਣਵਾਈ

ਚੰਡੀਗੜ – ਪੰਜਾਬ ਭਰ ਵਿੱਚ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਕੁੱਲ 336 ਬੈਂਚਾਂ ਨੇ 1,45,779 ਕੇਸਾਂ ਦੀ ਸੁਣਵਾਈ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਅਰੁਣ ਗੁਪਤਾ, ਜ਼ਿਲਾ ਤੇ ਸੈਸ਼ਨ ਜੱਜ-ਕਮ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਤੇਜਿੰਦਰ ਸਿੰਘ ਢੀਂਡਸਾ ਦੀ ਦੂਰਅੰਦੇਸ਼ੀ ਅਗਵਾਈ ਹੇਠ ਲਗਾਈ ਗਈ ਇਸ ਕੌਮੀ ਲੋਕ ਅਦਾਲਤ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਲੇਬਰ ਦੇ ਮਾਮਲੇ, ਅਪਰਾਧਿਕ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ ਦੀਆਂ ਰੱਦ/ਲਾਪਤਾ ਰਿਪੋਰਟਾਂ ਆਦਿ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ‘ਤੇ ਸੁਣਵਾਈ ਕੀਤੀ ਗਈ ਅਤੇ ਪਾਰਟੀਆਂ ਦੀ ਸਹਿਮਤੀ ਨਾਲ ਅਵਾਰਡ ਪਾਸ ਕੀਤੇ ਗਏ।

ਮੈਂਬਰ ਸਕੱਤਰ ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਉਨਾਂ ਦੱਸਿਆ ਕਿ ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ।

ਉਨਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦਾਂ ਨੂੰ ਕਾਨੂੰਨੀ ਸੇਵਾਵਾਂ ਦੇਣ ਲਈ ਟੌਲ ਫਰੀ ਨੰਬਰ-1968 ਚਲਾਇਆ ਜਾ ਰਿਹਾ ਹੈ ਅਤੇ ਹਰ ਲੋੜਵੰਦ ਵਿਅਕਤੀ, 24 ਘੰਟੇ ਉਪਲਬਧ ਰਹਿਣ ਵਾਲੇ ਇਸ ਟੌਲ ਫਰੀ ਨੰਬਰ 1968 ‘ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਉਨਾਂ ਦੱਸਿਆ ਕਿ ਲੀਗਲ ਸਰਵਿਸਿਜ ਅਥਾਰਟੀ ਐਕਟ, 1987 ਤਹਿਤ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

admin

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ

admin