Articles Punjab

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ: ਪੰਜ ਸਿੰਘ ਸਾਹਿਬਾਨ

ਸ੍ਰੀ ਅਕਾਲ ਤਖਤ ਸਾਹਿਬ।

ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ’ਚ ਵੱਡਾ ਫੈਸਲਾ ਲਿਆ ਗਿਆ। ਨਾਲ ਹੀ ਖੁਦ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਰਪ੍ਰਸਤੀ ਹਾਸਲ ਹੋਣ ਦਾ ਦਾਅਵਾ ਕਰਨ ਵਾਲੇ ਧੜੇ ਨੂੰ ਤਾੜਨਾ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਹਾ ਗਿਆ ਸੰਗਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ।

ਜਾਰੀ ਹੁਕਮਨਾਮੇ ਮੁਤਾਬਿਕ 22 ਸਾਵਣ ਨਾਨਕਸ਼ਾਹੀ ਸੰਮਤ 557 ਮੁਤਾਬਿਕ 06 ਅਗਸਤ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿੱਚ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸਿੰਘ ਸਭਾਵਾਂ, ਸਿੱਖ ਸਿਆਸੀ ਧਿਰਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਪ੍ਰਾਪਤ ਹੋਏ ਪੱਤਰਾਂ ਵਿੱਚ ਪੁੱਜੀਆਂ ਸ਼ਿਕਾਇਤਾਂ ਕਿ, “ਕੁਝ ਧਿਰਾਂ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਹੋਣ ਦਾ ਦਾਅਵਾ ਕਰਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ” – ਦਾ ਮਾਮਲਾ ਵਿਚਾਰਿਆ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ 2 ਦਸੰਬਰ 2024 ਨੂੰ ਪੰਜ ਸਿੰਘ ਸਾਹਿਬਾਨ ਵਲੋਂ ਕੀਤੇ ਗਏ ਆਦੇਸ਼ ਵਿੱਚ ਸਮੂਹ ਅਕਾਲੀ ਦਲ ਧਿਰਾਂ ਨੂੰ ਤਾਕੀਦ ਕੀਤੀ ਗਈ ਸੀ ਕਿ ਉਹ ਆਪੋ ਆਪਣੇ ਵੱਖਰੇ ਚੁੱਲ੍ਹੇ ਸਮੇਟ ਕੇ ਇਕਜੁੱਟ ਹੋਣ। ਇਸ ਸਬੰਧੀ ਹੁਣ ਤੱਕ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ। ਅੱਜ ਸਿੱਖ ਵਿਸ਼ਵ ਭਰ ਅੰਦਰ ਵੱਖ-ਵੱਖ ਦੇਸ਼ਾਂ ਸਿਆਸੀ ਧਿਰਾਂ ਵਿਚ ਰਹਿੰਦਾ ਹੋਇਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਮਾਈ ਭਾਈ ਦੇ ਹੱਕ ਹਕੂਕ ਤੇ ਹਿੱਤ ਵਿੱਚ ਖੜਾ ਹੈ। ਜੇਕਰ 2 ਦਸੰਬਰ 2024 ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇੰਨ-ਬਿੰਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ-ਆਪਣੀ ਸਿਆਸਤ ਮੁਬਾਰਕ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿੱਚ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ। ਕਿਉਂਕਿ ਵੱਖੋ-ਵੱਖਰੇ ਚੁੱਲ੍ਹੇ ਕਾਇਮ ਰੱਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ।

ਅੱਜ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਦੀਰਘ ਵਿਚਾਰ ਵਟਾਂਦਰਾ ਕਰਕੇ ਆਦੇਸ਼ ਕੀਤਾ ਜਾਂਦਾ ਹੈ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ। ਖ਼ਾਲਸਾ ਪੰਥ ਦੇ ਵਡੇਰੇ ਹਿਤਾਂ, ਪੰਜਾਬ ਦੀ ਜ਼ਮੀਨ ਨੂੰ ਬਚਾਉਣ, ਸਿੱਖ ਪਛਾਣ ਤੇ ਕਕਾਰਾਂ ਨੂੰ ਦੁਰਪੇਸ਼ ਚੁਣੋਤੀਆਂ, ਮੌਜੂਦਾ ਤਕਨੀਕੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਯੁੱਗ ਅੰਦਰ ਸਿੱਖ ਇਤਿਹਾਸ. ਸਿਧਾਂਤ ਅਤੇ ਪਾਵਨ ਗੁਰਬਾਣੀ ਨਾਲ ਛੇੜਛਾੜ ਅਤੇ ਦੇਸ਼-ਵਿਦੇਸ਼ ਅੰਦਰ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਮਾਮਲਿਆਂ ਨੂੰ ਨਜਿੱਠਣ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਲਾਮਬੰਦੀ ਕਰਕੇ ਇਕਜੁਟ ਹੋ ਕੇ ਚਲਣ।

ਇਹ ਪੰਥਕ ਫੈਸਲਾ ਸਾਰੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਸਰਬਸੰਮਤੀ ਨਾਲ ਲਿਆ ਗਿਆ, ਜਿਸ ਵਿੱਚ ਸ਼ਾਮਲ ਹਨ:

  • ਸ੍ਰੀ ਅਕਾਲ ਤਖਤ ਸਾਹਿਬ (ਅੰਮ੍ਰਿਤਸਰ)
  • ਤਖਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਆਨੰਦਪੁਰ ਸਾਹਿਬ)
  • ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)
  • ਤਖਤ ਸ੍ਰੀ ਪਟਨਾ ਸਾਹਿਬ (ਪਟਨਾ)
  • ਤਖਤ ਸ੍ਰੀ ਹਜ਼ੂਰ ਸਾਹਿਬ (ਨੰਦਰ, ਮਹਾਰਾਸ਼ਟਰ)

Related posts

ਮੁਹੰਮਦ ਸਿਰਾਜ ਤੇ ਪ੍ਰਸਿਧ ਕ੍ਰਿਸ਼ਨਾ ਨੇ ਆਈਸੀਸੀ ਟੈਸਟ ਰੈਂਕਿੰਗ ਵਿੱਚ ਟੌਪ ‘ਤੇ !

admin

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਏ !

admin

ਪ੍ਰੋ. ਭਾਈ ਰਾਮ ਸਿੰਘ ਦੇ ਖਾਲਸਾ ਕਾਲਜ ਦੀ ਇਮਾਰਤਕਲਾ ’ਚ ਯੋਗਦਾਨ ਨੂੰ ਯਾਦ ਕੀਤਾ !

admin