ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 421ਵਾਂ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਹਾਜ਼ਰ ਸੰਗਤ ਨੂੰ ਰਸਭਿੰਨੇ ਕੀਰਤਨ ਦੀ ਛਹਿਬਰ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ ਨੇ ਗੁਰੂ ਚਰਨਾਂ ’ਚ ਨਤਮਸਤਕ ਹੋਣ ਉਪਰੰਤ ਹਾਜ਼ਰ ਅਤੇ ਦੇਸ਼-ਵਿਦੇਸ਼ ’ਚ ਵੱਸਦੀ ਸਮੂੰਹ ਸੰਗਤ ਨੂੰ ਪਾਵਨ ਦਿਹਾੜੇ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ਿੰਦਗੀ ਦੀ ਸਹੀ ਦਿਸ਼ਾ ਨੂੰ ਪਛਾਣਨ ਦਾ ਸੁਨੇਹਾ ਦਿੰਦਿਆਂ ਗੁਰੂ ਸਾਹਿਬਾਨਾਂ ਦੁਆਰਾ ਵਿਖਾਏ ਗਏ ਮਾਰਗ ਅਤੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਿੱਖ ਇਤਿਹਾਸ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਸਬੰਧੀ ਵਿਸਥਾਰ ਪੂਰਵਕ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨਾਂ ਦੁਆਰਾ ਦਿੱਤੇ ਗਏ ਉਪਦੇਸ਼ਾਂ ’ਤੇ ਚਾਨਣਾ ਪਾਇਆ। ਇਸ ਮੌਕੇ ਸ: ਹੇਰ ਨੇ ਖਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ , ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਖਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਕੌਂਸਲ ਦੇ ਜੁਆਇੰਟ ਸਕੱਤਰ ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ੍ਰੀਮਤੀ ਰਮਿੰਦਰ ਕੌਰ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਸ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਘੁੱਗ (ਜਲੰਧਰ) ਪ੍ਰਿੰਸੀਪਲ ਸ: ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ. ਐਸ. ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।