Breaking News Latest News News Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੀ ਫੁੱਲਾਂ ਨਾਲ ਮਨਮੋਹਕ ਸਜਾਵਟ

ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਦੇ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਮਨਮੋਹਕ ਸਜਾਵਟ ਕੀਤੀ ਗਈ ਹੈ। ਏਮਿਲ ਫਾਰਮੇਸੀ ਦੇ ਮਾਲਕ ਕੇਕੇ ਸ਼ਰਮਾ ਵੱਲੋਂ ਹਰ ਸਾਲ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਸ਼ੇਸ਼ ਫੁਲਾਂ ਦੀ ਸਜਾਵਟ ਕਰਵਾਈ ਜਾਂਦੀ ਹੈ। ਦੇਸ਼ ਵਿਦੇਸ਼ ਦੇ 100 ਪ੍ਰਕਾਰ ਦੇ 100 ਟਨ ਫੁਲਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਬੁੰਗਾ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਗੁਰਦੁਆਰਾ ਸ੍ਰੀ ਅਟੱਲ ਰਾਏ ਸਾਹਿਬ, ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਗੁਰਦੁਆਰਾ ਸ਼ਹੀਦੀ ਯਾਦਗਾਰ, ਗੁਰਦੁਆਰਾ ਸ੍ਰੀ ਦੁੱਖ ਭੰਜਨੀ ਬੇਰ ਸਾਹਿਬ, ਗੁਰਦੁਆਰਾ ਸ੍ਰੀ ਬਾਬਾ ਬੁਢਾ ਸਾਹਿਬ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ, ਪਰਿਕਰਮਾਂ ਆਦਿ ਵਿਖੇ ਮਨਮੋਹਕ ਸਜਾਵਟ ਕੀਤੀ ਗਈ ਹੈ। ਇਨ੍ਹਾਂ ਸਥਾਨਾਂ ’ਤੇ ਕੀਤੀ ਗਈ ਫੁੱਲਾਂ ਦੀ ਸਜਾਵਟ ਨੂੰ ਨਤਮਸਤਕ ਹੋਣ ਆਈਆਂ ਸੰਗਤਾਂ ਆਪਣੇ ਮੋਬਾਇਲ ਕੈਮਰਿਆਂ ਵਿਚ ਕੈਦ ਕਰ ਰਹੀਆਂ ਹਨ ਅਤੇ ਸੈਲਫੀਆਂ ਨੂੰ ਤਰਜੀਹ ਦੇ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦੀਆਂ ਮੁੱਲਵਾਨ ਸਿੱਖਿਆਵਾਂ ਮਨੁੱਖੀ ਜੀਵਨ ਨੂੰ ਸੇਧ ਦੇਣ ਵਾਲੀਆਂ ਹਨ। ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਵਿੱਚੋਂ ਮਨੁੱਖ ਨੂੰ ਧਾਰਮਿਕ, ਸਮਾਜਿਕ, ਰਾਜਨੀਤਕ, ਵਿਗਿਆਨਕ ਤੇ ਬ੍ਰਹਿਮੰਡੀ ਭਾਵ ਹਰ ਤਰ੍ਹਾਂ ਦੀ ਅਗਵਾਈ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਨੂੰ ਸੁਖਦ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਵੀ ਰਾਹ ਦਿਖਾਉਂਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਇਸ ਵਾਰ ਵੀ ਭਲਕੇ 7 ਸਤੰਬਰ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਸਜੇਗਾ। ਇਸ ਮੌਕੇ ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਾਏ ਜਾਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ ਅਤੇ ਸ਼ਾਮ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ।

Related posts

ਹੋਲਾ ਮਹੱਲਾ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ: ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਧਾਲੂਆਂ ਉਪਰ ਹਮਲਾ: 5 ਜਣੇ ਜ਼ਖਮੀਂ !

admin

ਵਿਜੈ ਗਰਗ ਦੀ ਕਿਤਾਬ, “ਸੈਨਿਕ ਸਕੂਲ ਪ੍ਰਵੇਸ਼ ਪ੍ਰੀਖਿਆ”, ਪ੍ਰਿੰਸੀਪਲ ਸੰਧਿਆ ਬਠਲਾ ਦੁਆਰਾ ਲੋਕ ਅਰਪਣ !

admin