ਸੰਗਰੂਰ, (ਦਲਜੀਤ ਕੌਰ) – ਅੱਜ ਇੱਥੇ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਸਕੱਤਰ ਹਰਦੇਵ ਸਿੰਘ ਬਖਸ਼ੀਵਾਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੂਬਾ ਪੱਧਰੀ ਸੱਦੇ ਤਹਿਤ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਦੀ ਵਿਉਂਤਬੰਦੀ ਕੀਤੀ ਗਈ ਅਤੇ ਸੰਗਰੂਰ ਜ਼ਿਲ੍ਹੇ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ।
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬੀਕੇਯੂ ਡਕੌਦਾ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਮੰਗਤ ਰਾਮ ਲੌਂਗੋਵਾਲ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਆਗੂ ਬਹਾਦਰ ਸਿੰਘ ਦੁੱਗਾਂ ਨੇ ਦੱਸਿਆ ਕਿ ਪਿਛਲੇ ਦਿਨੀ ਜੋ ਪੰਜਾਬ ਦੀ ਕਿਸਾਨੀ ਦੀਆਂ ਭਖਦੀਆਂ ਮੰਗਾਂ ਦੇ ਮਸਲੇ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ ਸੀ ਉਹਨਾਂ ਮੰਗਾਂ ਤੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਜਿਸ ਤਰ੍ਹਾਂ ਭੱਜੇ ਹਨ ਮੁੱਖ ਮੰਤਰੀ ਦਾ ਕਿਸਾਨ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਨੰਗਾ ਹੋਇਆ ਹੈ। ਉਪਰੋਕਤ ਮੰਗਾਂ ਨੂੰ ਲੈ ਕੇ ਅਤੇ ਕਿਸਾਨੀ ਪ੍ਰਤੀ ਪੰਜਾਬ ਸਰਕਾਰ ਦੇ ਘਟੀਆ ਰਵਈਏ ਦੇ ਖਿਲਾਫ ਰੋਸ ਪ੍ਰਗਟਾਉਣ ਲਈ 10 ਮਾਰਚ ਨੂੰ ਪੂਰੇ ਪੰਜਾਬ ਭਰ ਵਿੱਚ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਕੇਂਦਰ ਸਰਕਾਰ ਦੀ ਹੱਥ ਠੋਕਾ ਬਣੀ ਪੰਜਾਬ ਸਰਕਾਰ ਨੂੰ ਜਗਾਇਆ ਜਾ ਸਕੇ। ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਖੇਤੀਬਾੜੀ ਪੰਜਾਬ ਦੇ ਬਹੁ ਗਿਣਤੀ ਲੋਕਾਂ ਦਾ ਕਿੱਤਾ ਹੈ ਤੇ ਆਰਥਿਕਤਾ ਦੀ ਰੀੜ ਦੀ ਹੱਡੀ ਹੈ ਇਸ ਨੂੰ ਆਪਣੇ ਕਬਜ਼ੇ ਹੇਠ ਕਰ ਲਈ ਕਾਰਪੋਰੇਟ ਘਰਾਣੇ ਕੇਂਦਰ ਸਰਕਾਰ ਨਾਲ ਮਿਲ ਕੇ ਲਗਾਤਾਰ ਵਿਉਂਤਾਂ ਬੁਣ ਰਹੇ ਹਨ। ਪੰਜਾਬ ਸਰਕਾਰ ਵੀ ਕੇਂਦਰ ਦੇ ਦਬਾਅ ਹੇਠ ਕਿਸਾਨ ਵਿਰੋਧੀ ਫੈਸਲੇ ਲੈ ਰਹੀ ਹੈ। ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਵਾਤਾਵਰਨ ਪੱਖੀ ਹੰਡਣਸਾਰ ਖੇਤੀ ਨੀਤੀ ਲਾਗੂ ਕਰਨ ਦੀ ਫੌਰੀ ਲੋੜ ਹੈ ਜਿਸ ਤੋਂ ਪੰਜਾਬ ਸਰਕਾਰ ਭੱਜ ਰਹੀ ਹੈ।ਉਪਰੋਕਤ ਮੰਗਾਂ ਨੂੰ ਲੈ ਕੇ 10 ਮਾਰਚ ਨੂੰ ਵੱਡੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਅੱਜ ਦੀ ਮੀਟਿੰਗ ਵਿੱਚ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭਟਾਲ, ਕਰਮ ਸਿੰਘ ਬਲਿਆਲ, ਕੁਲਦੀਪ ਸਿੰਘ ਸੰਗਰੂਰ, ਸਤਵੰਤ ਸਿੰਘ ਖੰਡੇਬਾਦ, ਨਿਰਮਲ ਬੱਟੜੀਆਣਾ, ਇੰਦਰਪਾਲ ਸਿੰਘ ਪੁੰਨਾਵਾਲ, ਹਰਮਿੰਦਰ ਸਿੰਘ ਸ਼ੇਰਗੜ੍ਹ, ਰੋਹੀ ਸਿੰਘ ਮੰਗਵਾਲ, ਸ਼ਮਸ਼ੇਰ ਸਿੰਘ ਈਸਾਪੁਰ, ਮਨਜਿੰਦਰ ਸਿੰਘ ਘਾਬਦਾਂ ਸਮੇਤ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।