Punjab

ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਬਰ ਵਿਰੋਧੀ ਰੈਲੀ ਅਤੇ ਰੋਸ ਮੁਜ਼ਾਹਰਾ !

ਇੱਥੇ ਰੋਸ਼ ਰੈਲੀ ਕਰਨ ਤੋਂ ਬਾਅਦ ਡੀਸੀ ਦਫ਼ਤਰ ਤੱਕ ਵਿਸ਼ਾਲ ਰੋਸ਼ ਮੁਜਾਹਰਾ ਕਰਕੇ ਮੁੱਖ ਮੰਤਰੀ ਦੇ ਨਾਂ ਡੀਸੀ ਸੰਗਰੂਰ ਨੂੰ ਮੰਗ ਪੱਤਰ ਦਿੱਤਾ।
ਸੰਗਰੂਰ – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਸਥਾਨਕ ਅਨਾਜ ਮੰਡੀ ਵਿਖੇ ਕਿਸਾਨਾਂ ਦਾ ਭਾਰੀ ਇਕੱਠ ਹੋਇਆ। ਇੱਥੇ ਰੋਸ਼ ਰੈਲੀ ਕਰਨ ਤੋਂ ਬਾਅਦ ਡੀਸੀ ਦਫ਼ਤਰ ਤੱਕ ਵਿਸ਼ਾਲ ਰੋਸ਼ ਮੁਜਾਹਰਾ ਕਰਕੇ ਮੁੱਖ ਮੰਤਰੀ ਦੇ ਨਾਂ ਡੀਸੀ ਸੰਗਰੂਰ ਨੂੰ ਮੰਗ ਪੱਤਰ ਦੇ ਕੇ 25 ਅਪ੍ਰੈਲ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ਤੇ ਕਾਤਲਾਨਾ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਚਾਉਕੇ, ਜਿਉਂਦ ਅਤੇ ਅਖਾੜਾ ਪਿੰਡ ਵਿੱਚ ਪੁਲਸ ਤਸ਼ੱਦਦ ਕਰਨ ਵਾਲੇ ਦੋਸ਼ੀਆਂ ਤੇ ਕਾਰਵਾਈ ਕਰਨ ਅਤੇ ਲੋਕਾਂ ਦੇ ਜਨਤਕ ਸੰਘਰਸ਼ ਕਰਨ ਦੇ ਬੁਨਿਆਦੀ ਹੱਕ ਬਹਾਲ ਕਰਨ ਦੀ ਮੰਗ ਕੀਤੀ।
ਇਸ ਮੌਕੇ ਕੀਤੀ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨੇ ਪੁਲਿਸ ਨੂੰ ਖੁੱਲੀਆਂ ਛੁੱਟੀਆਂ ਦੇ ਕੇ ਲੋਕਾਂ ਵੱਲੋਂ ਆਪਣੀਆਂ ਮੰਗਾਂ ਮਸਲਿਆਂ ਤੇ ਸੰਘਰਸ਼ ਕਰਨ ਦਾ ਹੱਕ ਖੋਹ ਲਿਆ ਹੈ, ਹਰ ਥਾਂ ਤਸ਼ੱਦਦ ਅਤੇ ਅੰਨ੍ਹੇਵਾਹ ਗ੍ਰਿਫਤਾਰੀਆਂ ਦਾ ਦੌਰ ਚਲਾਇਆ ਜਾ ਰਿਹਾ ਹੈ ਅਤੇ ਕਿਸਾਨ ਆਗੂਆਂ ਖ਼ਿਲਾਫ਼ ਗੁੰਡਾ ਅਨਸਰਾਂ ਤੋਂ ਹਮਲੇ ਕਰਵਾਏ ਜਾ ਰਹੇ ਹਨ। ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ਤੇ 25 ਅਪ੍ਰੈਲ ਨੂੰ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਸਹਿ ਪ੍ਰਾਪਤ ਭੂ ਮਾਫੀਆ ਗਰੋਹ ਨੇ ਕਾਤਲਾਨਾ ਹਮਲਾ ਕੀਤਾ ਸੀ ਪਰ ਅੱਜ ਤੱਕ ਪੁਲਿਸ ਵਲੋਂ ਦੋਸ਼ੀਆਂ ਨੂੰ ਗਿਰਫਤਾਰ ਨਹੀਂ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਲਗਾਤਾਰ ਸੰਘਰਸ਼ੀ ਕਿਸਾਨਾਂ ਮਜ਼ਦੂਰਾਂ ਤੇ ਜਬਰ ਦਾ ਕੁਹਾੜਾ ਤੇਜ਼ ਕਰ ਰਹੀ ਹੈ। ਪਿੰਡ ਜਿਉਂਦ ਵਿਖੇ ਅਤੇ ਚਾਉਕੇ ਵਿਖੇ ਸੰਘਰਸ਼ੀ ਕਿਸਾਨਾਂ ਤੇ ਪੁਲਿਸ ਵੱਲੋਂ ਜਬਰ ਕੀਤਾ ਗਿਆ। ਇਸੇ ਤਰ੍ਹਾਂ ਬਾਇਓਗੈਸ ਫੈਕਟਰੀ ਦੇ ਖਿਲਾਫ ਪਿੰਡ ਅਖਾੜਾ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਤਸ਼ੱਦਦ ਕੀਤਾ।ਇਸ ਤਰ੍ਹਾਂ ਦੇ ਮਾਹੌਲ ਨੂੰ ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ।ਇੱਕ ਪਾਸੇ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਸ਼ਰੇਆਮ ਚੱਲ ਰਹੀ ਹੈ, ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਪੁਲਿਸ ਅਤੇ ਰਾਜਨੀਤਕ ਗੱਠਜੋੜ ਦੁਆਰਾ ਚੱਲ ਰਿਹਾ ਹੈ, ਬੇਰੁਜ਼ਗਾਰ ਸੜਕਾਂ ਤੇ ਰੁਲ ਰਹੇ ਹਨ ਅਤੇ ਦੂਜੇ ਪਾਸੇ ਸਰਕਾਰ ਪੰਜਾਬ ਚ ਕਾਰਪੋਰੇਟ ਘਰਾਣਿਆਂ ਨੂੰ ਸੱਦੇ ਦੇ ਰਹੀ ਹੈ ਅਤੇ ਉਨ੍ਹਾਂ ਦੀ ਸੇਵਾ ਲਈ ਪੰਜਾਬ ਦੀ ਹਜ਼ਾਰਾਂ ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਲੁਟਾਇਆ ਜਾ ਰਿਹਾ ਹੈ। ਸਰਕਾਰ ਇਨ੍ਹਾਂ ਮਾਮਲਿਆਂ ਨੂੰ ਹੱਲ ਕਰਨ ਦੀ ਬਜਾਏ ਕੇਂਦਰ ਸਰਕਾਰ ਨਾਲ ਮਿਲ ਕੇ ਸੰਘਰਸ਼ੀ ਲੋਕਾਂ ਤੇ ਤਸ਼ੱਦਦ ਦੇ ਰਾਹ ਪਈ ਹੈ। ਇਸ ਜਬਰ ਦਾ ਟਾਕਰਾ ਜਥੇਬੰਦਕ ਸੰਘਰਸ਼ਾਂ ਰਾਹੀਂ ਕੀਤਾ ਜਾਵੇਗਾ।
ਇਸ ਸਮੇਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਨਿਰਭੈ ਸਿੰਘ ਖਾਈ ਦਾ ਕੇਸ ਲਹਿਰਾਂ ਪੁਲਸ ਦੀ ਥਾਂ ਸੀਆਈਏ ਸਟਾਫ਼ ਨੂੰ ਦਿੱਤਾ ਜਾਵੇ ਅਤੇ ਦੂਸਰੇ ਮਤੇ ਰਾਹੀਂ ਜੀਂਦ ਰਿਆਸਤ ਦੇ ਰਾਜੇ ਦੀ ਜ਼ਮੀਨ ਦੀ ਵੰਡ ਦੀ ਮੰਗ ਕਰ ਰਹੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੇਲ੍ਹਾਂ ਚ ਬੰਦ ਔਰਤਾਂ ਸਮੇਤ ਸਾਰੇ ਕਾਰਕੁਨਾਂ ਨੂੰ ਰਿਹਾਅ ਕੀਤਾ ਜਾਵੇ।
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ, ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾਈ ਆਗੂ ਜਨਕ ਸਿੰਘ ਭੁਟਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜ਼ਰ ਸਿੰਘ ਪੁੰਨਾਵਾਲ, ਬੀਕੇਯੂ ਡਕੌਂਦਾ ਧਨੇਰ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਹਰਭਜਨ ਬੁੱਟਰ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀਕੇਯੂ ਡਕੌਂਦਾ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ, ਬੀਕੇਯੂ ਸ਼ਾਦੀਪੁਰ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਕੁਲਵੰਤ ਸਿੰਘ ਮੌਲਵੀਵਾਲਾ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ, ਡੀਟੀਐਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਖੇਤੀਬਾੜੀ ਕਿਸਾਨ ਵਿਕਾਸ ਫਰੰਟ ਦੇ ਸੂਬਾਈ ਆਗੂ ਮਹਿੰਦਰ ਸਿੰਘ ਅਤੇ ਇਨ੍ਹਾਂ ਤੋਂ ਇਲਾਵਾ ਕਿਸਾਨ ਆਗੂ ਜਨਕ ਸਿੰਘ ਭੁਟਾਲ, ਭੁਪਿੰਦਰ ਸਿੰਘ ਲੌਂਗੋਵਾਲ, ਕਸ਼ਮੀਰ ਸਿੰਘ ਘਰਾਚੋਂ, ਕਰਮਜੀਤ ਸਿੰਘ ਛੰਨਾਂ, ਕਰਮ ਸਿੰਘ ਬਲਿਆਲ, ਇੰਦਰਪਾਲ ਸਿੰਘ ਪੁੰਨਾਵਾਲ, ਨਰੰਜਣ ਸਿੰਘ ਸਫੀਪੁਰ, ਸਵਰਨ ਸਿੰਘ ਨਵਾਂਗਾਓ, ਧੰਨਾਮੱਲ ਗੋਇਲ, ਡੀਟੀਐੱਫ ਦੇ ਸੂਬਾ ਆਗੂ ਬਲਵੀਰ ਚੰਦ ਨੇ ਵੀ ਸੰਬੋਧਨ ਕੀਤਾ।

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin

ਅਹਿੰਸਾ ਦਿਵਸ ਵਜੋਂ 27 ਅਗਸਤ ਨੂੰ ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ !

admin