ਰਾਸ਼ਟਰੀ ਪ੍ਰੀਖਿਆਵਾਂ ਵਿੱਚ ਹੋਈਆਂ ਬੇਨਿਯਮੀਆਂ ਅਤੇ ਨੀਟ ਪੇਪਰ ਲੀਕ ਦੇ ਵਿਰੋਧ ਵਿੱਚ ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਿਹਾ ਅੰਦੋਲਨ ਹੁਣ ਹੋਰ ਤੇਜ਼ ਹੋ ਗਿਆ ਹੈ। ਸੋਨਮ ਵਾਂਗਚੁਕ ਨੂੰ ਜ਼ਬਰਦਸਤੀ ਪ੍ਰਦਰਸ਼ਨ ਵਾਲੀ ਥਾਂ ਤੋਂ ਚੁੱਕ ਕੇ ਹਸਪਤਾਲ ਦਾਖਲ ਕਰਵਾਇਆ ਸੀ, ਉੱਥੇ ਵੀ ਉਹਨਾਂ ਆਪਣਾ ਮਰਨ ਵਰਤ ਜਾਰੀ ਰੱਖਿਆ ਹੋਇਆ ਹੈ। ਜ਼ਬਰਦਸਤੀ ਹਟਾਉਣ ਦੇ ਵਿਰੋਧ ਵਿੱਚ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 20 ਜੁਲਾਈ ਨੂੰ ‘ਸੰਸਦ ਚਲੋ’ ਮਾਰਚ ਦਾ ਐਲਾਨ ਕੀਤਾ ਹੋਇਆ ਹੈ। ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਦੇਸ਼ ਦੇ ਨਾਮ ਇੱਕ ਇਮੋਸ਼ਨਲ ਮੈਸੇਜ ਜਾਰੀ ਕਰਦਿਆਂ ਲੋਕਾਂ ਨੂੰ ਸੋਨਮ ਦੀ ਸਿਹਤ ਲਈ ਪ੍ਰਾਰਥਨਾ ਕਰਨ ਅਤੇ ਇਸ ਮੁਹਿੰਮ ਵਿੱਚ ਮਜ਼ਬੂਤੀ ਨਾਲ ਖੜ੍ਹੇ ਹੋਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਜੰਤਰ-ਮੰਤਰ ਵਿਖੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਵੀ ਹੁਣ ਭੁੱਖ ਹੜਤਾਲ ‘ਤੇ ਬੈਠ ਗਏ ਹਨ, ਜਦੋਂ ਕਿ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਵੀ ਪ੍ਰਦਰਸ਼ਨਕਾਰੀਆਂ ਦੇ ਸਮਰਥਨ ਵਿੱਚ ਜੰਤਰ-ਮੰਤਰ ਪਹੁੰਚੇ ਹੋਏ ਹਨ।
ਸੋਨਮ ਵਾਂਗਚੁਕ 28 ਜੂਨ ਨੂੰ ਜਨਰਲ ਜ਼ੈੱਡ ਦੀ ਅਗਵਾਈ ਵਾਲੀ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਅੰਦੋਲਨ ਵਿੱਚ ਸ਼ਾਮਲ ਹੋਏ ਸਨ ਅਤੇ ਵਿਰੋਧ ਪ੍ਰਦਰਸ਼ਨ ਅਤੇ ਮਾਰਚ ਜਾਰੀ ਰੱਖ ਰਹੇ ਹਨ। ਹੋਰ ਵਿਦਿਆਰਥੀ ਕਾਰਕੂਨਾਂ ਨੇ ਜਿਨ੍ਹਾਂ ਵਿੱਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਏਆਈਐਸਏ) ਦੇ ਮੈਂਬਰ ਸ਼ਾਮਲ ਹਨ ਨੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਆਪਣੀ ਜਗ੍ਹਾ ਲੈ ਲਈ ਹੈ। ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੇ ਵਲੋਂ ਹਸਪਤਾਲ ਦੇ ਵਿੱਚ ਵੀ ਆਪਣੀ ਭੁੱਖ-ਹੜਤਾਲ ਜਾਰੀ ਹੈ। ਉਹਨਾਂ ਨੂੰ ਨਵੀਂ ਦਿੱਲੀ ਦੇ ਜੰਤਰ-ਮੰਤਰ ‘ਤੇ ਉਨ੍ਹਾਂ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ 21ਵੇਂ ਦਿਨ 18 ਜੁਲਾਈ ਨੂੰ ਪੁਲਿਸ ਨੇ ਜ਼ਬਰਦਸਤੀ ਹਟਾ ਦਿੱਤਾ ਸੀ । ਉਨ੍ਹਾਂ ਨੂੰ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਹ ਹਾਲ ਹੀ ਵਿੱਚ ਹੋਏ ਪ੍ਰੀਖਿਆ ਘੁਟਾਲਿਆਂ ਨੂੰ ਲੈ ਕੇ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਨ ਲਈ ਵਰਤ ਜਾਰੀ ਰੱਖਿਆ ਹੋਇਆ ਹੈ। ਉਨ੍ਹਾਂ ਦੀ ਵਿਗੜਦੀ ਸਿਹਤ ਦੀ ਨਿਗਰਾਨੀ ਕਰਨ ਲਈ ਨਵੀਂ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਪੁਲਿਸ ਨੇ 59 ਸਾਲਾ ਕਾਰਕੁਨ ਨੂੰ ਉਨ੍ਹਾਂ ਦੀ ਇੱਛਾ ਦੇ ਵਿਰੁੱਧ ਤਬਦੀਲ ਕਰ ਦਿੱਤਾ ਸੀ। ਉਨ੍ਹਾਂ ਦੇ ਹਟਾਏ ਜਾਣ ਨਾਲ ਵੱਡਾ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੇ ਇਸ ਕਦਮ ਦੀ ਨਿੰਦਾ ਕਰਦਿਆਂ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਕੋਈ ਡਾਕਟਰੀ ਦਖਲਅੰਦਾਜ਼ੀ ਨਾ ਕਰਨ ਦੀ ਮੰਗ ਕੀਤੀ। ਹਸਪਤਾਲ ਵਿੱਚ ਭਰਤੀ ਨੂੰ “ਗੈਰ-ਕਾਨੂੰਨੀ ਨਜ਼ਰਬੰਦੀ” ਵਜੋਂ ਚੁਣੌਤੀ ਦੇਣ ਵਾਲੀ ਸੋਨਮ ਵਾਂਗਚੁਕ ਦੀ ਪਤਨੀ ਦੁਆਰਾ ਦਾਖਲ ਕੀਤੀ ਗਈ ਪਟੀਸ਼ਨ ਨੂੰ ਅਦਾਲਤਾਂ ਨੇ ਰੱਦ ਕਰ ਦਿੱਤਾ ਹੈ।
ਸੋਨਮ ਵਾਂਗਚੁਕ ਦੀ ਹੈਲਥ ਅਪਡੇਟ ਦਿੰਦੇ ਹੋਏ ਏਮਜ਼ ਦੇ ਐਮਰਜੈਂਸੀ ਮੈਡੀਸਨ ਵਿਭਾਗ ਦੇ ਐਡੀਸ਼ਨਲ ਪ੍ਰੋਫੈਸਰ ਡਾæ ਅਕਸ਼ੈ ਕੁਮਾਰ ਨੇ ਦੱਸਿਆ ਕਿ ਮੈਡੀਕਲ ਜਾਂਚ ਦੌਰਾਨ ਵਾਂਗਚੁਕ ਦੇ ਸਾਰੇ ਵਾਈਟਲ ਪੈਰਾਮੀਟਰਸ ਜਿਵੇਂ ਕਿ ਬਲੱਡ ਪ੍ਰੈਸ਼ਰ, ਆਕਸੀਜਨ ਲੈਵਲ ਅਤੇ ਨਬਜ਼ ਪੂਰੀ ਤਰ੍ਹਾਂ ਨੋਰਮਲ ਪਾਏ ਗਏ ਹਨ। ਉਹ ਪੂਰੀ ਤਰ੍ਹਾਂ ਹੋਸ਼ ਵਿੱਚ ਹਨ ਅਤੇ ਸਾਰਿਆਂ ਨਾਲ ਆਮ ਵਾਂਗ ਗੱਲਬਾਤ ਕਰ ਰਹੇ ਹਨ, ਹਾਲਾਂਕਿ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਆਈਵੀ ਫਲੂਇਡਜ਼ ਅਤੇ ਇਲੈਕਟ੍ਰੋਲਾਈਟਸ ਲੈਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਦੌਰਾਨ ਵਾਂਗਚੁਕ ਦੇ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸੋਨਮ ਦੀ ਆਫੀਸ਼ੀਅਲ ਮੈਡੀਕਲ ਰਿਪੋਰਟ ਮੁਹੱਈਆ ਨਹੀਂ ਕਰਵਾਈ ਜਾ ਰਹੀ। ਪੁਲਿਸ ਦਾ ਕਹਿਣਾ ਹੈ ਕਿ ਇਹ ਐਕਸ਼ਨ ਦਿੱਲੀ ਹਾਈ ਕੋਰਟ ਦੇ ਆਰਡਰਸ ਮੁਤਾਬਕ ਵਾਂਗਚੁਕ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਜਦਕਿ ਵਿਰੋਧੀ ਧਿਰ ਇਸ ਨੂੰ ਤਾਨਾਸ਼ਾਹੀ ਕਰਾਰ ਦੇ ਰਹੀ ਹੈ।
