ਨਵੀਂ ਦਿੱਲੀ – ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪਹਿਲੀ ਨਵੰਬਰ ਨੂੰ ਸਰਸਵਤੀ ਵਿਹਾਰ ਇਲਾਕੇ ਵਿਚ ਪਿਉ-ਪੁੱਤ ਦੀ ਹੱਤਿਆ ਨਾਲ ਸਬੰਧਤ ਕੇਸ ਵਿਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਦਰਜ ਕੇਸ ਵਿਚ ਫੈਸਲਾ ਰਾਖਵਾਂ ਰੱਖ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਬੈਂਚ ਵੱਲੋਂ ਹੁਣ 7 ਫਰਵਰੀ ਨੂੰ ਫੈਸਲਾ ਸੁਣਾਇਆ ਜਾਵੇਗਾ। ਬੈਂਚ ਨੇ ਸਰਕਾਰੀ ਵਕੀਲ ਮਨੀਸ਼ ਰਾਵਤ ਦੀਆਂ ਵਾਧੂ ਦਲੀਲਾਂ ਸੁਣਨ ਮਗਰੋਂ ਫੈਸਲਾ ਰਾਖਵਾਂ ਰੱਖ ਲਿਆ। ਇਸ ਤੋਂ ਪਹਿਲਾਂ ਕੋਰਟ ਨੇ 21 ਜਨਵਰੀ ਨੂੰ ਪਿਛਲੀ ਸੁਣਵਾਈ ਦੌਰਾਨ ਫੈਸਲਾ ਮੁਲਤਵੀ ਕਰ ਦਿੱਤਾ ਸੀ। ਇਹ ਕੇਸ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਨਾਲ ਸਬੰਧਤ ਸੀ।