ਨਵੀਂ ਦਿੱਲੀ – ਨਵੀਂ ਦਿੱਲੀ ਦੇ ਸੱਤਿਆ ਨਿਕੇਤਨ ਇਲਾਕੇ ਵਿੱਚ ਵਿਦਿਆਰਥੀਆਂ ਦੇ ਹੋਸਟਲ ਵਜੋਂ ਵਰਤੀ ਜਾ ਰਹੀ ਇੱਕ ਨਿੱਜੀ ਬਹੁ-ਮੰਜ਼ਿਲਾ ਇਮਾਰਤ ਦੇ ਢਹਿ ਜਾਣ ਤੋਂ ਬਾਅਦ ਨੈਸ਼ਨਲ ਡੈਮੋਕ੍ਰੇਟਿਕ ਟੀਚਰਜ਼ ਫਰੰਟ (NDТF) ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਗਠਨ ਨੇ ਦਿੱਲੀ ਯੂਨੀਵਰਸਿਟੀ ਦੇ ਆਲੇ-ਦੁਆਲੇ ਸਥਿਤ ਨਿੱਜੀ ਹੋਸਟਲਾਂ ਅਤੇ ਕਿਰਾਏ ਦੇ ਮਕਾਨਾਂ ਦੀ ਤੁਰੰਤ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਅਧਿਆਪਕ ਸੰਗਠਨ ਨੇ ਕਿਹਾ ਕਿ ਅਜਿਹੀਆਂ ਇਮਾਰਤਾਂ ਦੀ ਸਮੇਂ ਸਿਰ ਜਾਂਚ ਅਤੇ ਵਿਆਪਕ ਸੁਰੱਖਿਆ ਆਡਿਟ ਕਰਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਸੰਗਠਨ ਮੁਤਾਬਕ ਸੱਤਿਆ ਨਿਕੇਤਨ ਵਿੱਚ ਵਿਦਿਆਰਥੀਆਂ ਦੇ ਰਹਿਣ ਲਈ ਵਰਤੀ ਜਾ ਰਹੀ ਬਹੁ-ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਹਾਦਸੇ ਤੋਂ ਬਾਅਦ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦੀ ਜਾਣਕਾਰੀ ਸਾਹਮਣੇ ਆਈ।
ਮੁੱਢਲੀਆਂ ਰਿਪੋਰਟਾਂ ਮੁਤਾਬਕ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਲੋਕ ਗੰਭੀਰ ਜ਼ਖਮੀ ਹੋਏ ਹਨ। ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।
NDTF ਨੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਦੇ ਕੈਂਪਸ ਅਤੇ ਇਸ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਨਿੱਜੀ ਹੋਸਟਲਾਂ ਅਤੇ ਕਿਰਾਏ ਦੇ ਮਕਾਨਾਂ ਵਿੱਚ ਰਹਿੰਦੇ ਹਨ। ਇਸ ਲਈ ਇਨ੍ਹਾਂ ਇਮਾਰਤਾਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵਿਦਿਆਰਥੀਆਂ ਦੀ ਜ਼ਿੰਦਗੀ ਲਈ ਵੱਡਾ ਖਤਰਾ ਬਣ ਸਕਦੀ ਹੈ। ਸੰਗਠਨ ਨੇ ਮੰਗ ਕੀਤੀ ਹੈ ਕਿ ਸਬੰਧਤ ਅਧਿਕਾਰੀ ਨਿੱਜੀ ਹੋਸਟਲਾਂ ਅਤੇ ਕਿਰਾਏ ਦੀਆਂ ਇਮਾਰਤਾਂ ਦੀ ਢਾਂਚਾਗਤ ਮਜ਼ਬੂਤੀ, ਅੱਗ ਤੋਂ ਸੁਰੱਖਿਆ ਅਤੇ ਹੋਰ ਜ਼ਰੂਰੀ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ। ਅਧਿਆਪਕ ਮੋਰਚੇ ਨੇ ਕਿਹਾ ਕਿ ਵਿਦਿਆਰਥੀਆਂ ਲਈ ਸੁਰੱਖਿਅਤ ਰਹਿਣ ਦੀ ਥਾਂ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿੱਚ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣੇ ਚਾਹੀਦੇ ਹਨ।
