ArticlesPunjab

ਹਰਜੀਤ ਸਿੰਘ ਗਰੇਵਾਲ: ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ !

ਹਰਜੀਤ ਸਿੰਘ ਗਰੇਵਾਲ, ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ।

ਭਾਰਤ ਸਰਕਾਰ ਨੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਕੱਲ੍ਹ ਆਪਣਾ ਅਹੁਦਾ ਸੰਭਾਲ ਲਿਆ ਹੈ ਅਤੇ ਉਹਨਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ। ਕੇਂਦਰੀ ਘੱਟ-ਗਿਣਤੀ ਮਾਮਲੇ ਮੰਤਰਾਲੇ ਨੇ ਇਸ ਦੇ ਨਾਲ ਹੀ ਐਸ਼ ਮੁਨੱਵਰੀ ਬੇਗਮ ਨੂੰ ਕਮਿਸ਼ਨ ਦੀ ਉਪ ਚੇਅਰਪਰਸਨ ਅਤੇ ਗਲੇਨ ਈ ਸੂਜ਼ਾ ਟਿਕਲੋ ਨੂੰ ਮੈਂਬਰ ਵਜੋਂ ਨਿਯੁਕਤ ਕੀਤਾ ਹੈ।

ਗਰੇਵਾਲ ਲੰਬੇ ਸਮੇਂ ਤੋਂ ਭਾਜਪਾ ਅਤੇ ਰਾਸ਼ਟਰੀ ਸਵੈਸੇਵਕ ਸੰਘ (ਆਰਐੱਸ਼ਐੱਸ਼) ਨਾਲ ਜੁੜੇ ਹੋਏ ਹਨ ਅਤੇ ਪੰਜਾਬ ਵਿੱਚ ਪਾਰਟੀ ਦੇ ਪ੍ਰਮੁੱਖ ਸਿੱਖ ਚਿਹਰਿਆਂ ਵਿੱਚ ਗਿਣੇ ਜਾਂਦੇ ਹਨ। ਸਿਆਸੀ ਹਲਕਿਆਂ ਵਿੱਚ ਇਸ ਨਿਯੁਕਤੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਨੂੰ ਸਿੱਖ ਭਾਈਚਾਰੇ ਤੱਕ ਪਹੁੰਚ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ। ਨਿਯੁਕਤੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਉਨ੍ਹਾਂ ‘ਤੇ ਜੋ ਭਰੋਸਾ ਕੀਤਾ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਈ ਜਨਤਕ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ ਅਤੇ ਇਸ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਹਰਜੀਤ ਸਿੰਘ ਗਰੇਵਾਲ ਦਾ ਸਬੰਧ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਨਾਲ ਹੈ। ਹਰਜੀਤ ਸਿੰਘ ਗਰੇਵਾਲ ਪਿਛਲੇ 30 ਸਾਲ ਤੋਂ ਵੱਧ ਸਮੇਂ ਤੋਂ ਭਾਜਪਾ ਅਤੇ ਆਰæਐੱਸ਼ਐੱਸ਼ ਨਾਲ ਸਰਗਰਮ ਹਨ। ਉਹ 2013 ਤੋਂ 2017 ਤੱਕ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਰਹੇ। ਸਾਲ 2017 ਦੀ ਪੰਜਾਬ ਵਿਧਾਨ ਸਭਾ ਚੋਣ ਵਿੱਚ ਉਨ੍ਹਾਂ ਨੇ ਰਾਜਪੁਰਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ, ਪਰ ਜਿੱਤ ਹਾਸਲ ਨਹੀਂ ਕਰ ਸਕੇ। ਉਹ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਅਤੇ ਪੰਜਾਬ ਭਾਜਪਾ ਦੇ ਸੂਬਾ ਉਪ ਪ੍ਰਧਾਨ ਵੀ ਰਹਿ ਚੁੱਕੇ ਹਨ। ਸਾਲ 2020 ਵਿੱਚ ਜਦੋਂ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਚੱਲ ਰਿਹਾ ਸੀ, ਉਸ ਸਮੇਂ ਹਰਜੀਤ ਸਿੰਘ ਗਰੇਵਾਲ ਨੇ ਖੁੱਲ੍ਹ ਕੇ ਕੇਂਦਰ ਸਰਕਾਰ ਦਾ ਸਮਰਥਨ ਕੀਤਾ ਸੀ। ਉਨ੍ਹਾਂ ਨੇ ਇੱਕ ਬਿਆਨ ਵਿੱਚ ਦਾਅਵਾ ਕੀਤਾ ਸੀ ਕਿ ਅੰਦੋਲਨ ਵਿੱਚ ਦੇਸ਼ ਵਿਰੋਧੀ ਅਤੇ ਨਕਸਲਵਾਦੀ ਤੱਤ ਵੀ ਸ਼ਾਮਲ ਹੋ ਗਏ ਹਨ। ਇਸ ਬਿਆਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦਾ ਤਿੱਖਾ ਵਿਰੋਧ ਕੀਤਾ। ਕਈ ਪਿੰਡਾਂ ਵਿੱਚ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਬਾਈਕਾਟ ਦੀਆਂ ਅਪੀਲਾਂ ਕੀਤੀਆਂ ਗਈਆਂ। ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਠੇਕੇ ‘ਤੇ ਨਾ ਲੈਣ ਲਈ ਵੀ ਕਿਹਾ ਗਿਆ। ਕਿਸਾਨ ਅੰਦੋਲਨ ਦੌਰਾਨ ਇੱਕ ਵਾਰ ਪਟਿਆਲਾ ਦੀ ਇੱਕ ਬੇਕਰੀ ਵਿੱਚ ਕਿਸਾਨਾਂ ਨੇ ਉਨ੍ਹਾਂ ਦਾ ਘਿਰਾਓ ਵੀ ਕੀਤਾ ਸੀ। ਹਾਲਾਤ ਤਣਾਅਪੂਰਨ ਹੋਣ ਕਾਰਨ ਪੁਲਿਸ ਨੂੰ ਉਨ੍ਹਾਂ ਨੂੰ ਪਿਛਲੇ ਦਰਵਾਜ਼ੇ ਰਾਹੀਂ ਸੁਰੱਖਿਅਤ ਬਾਹਰ ਕੱਢਣਾ ਪਿਆ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਖੇਤਾਂ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦੇ ਦੋਸ਼ ਵੀ ਲਗਾਏ ਸਨ।

ਸਾਲ 2024 ਵਿੱਚ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ਸਬੰਧੀ ਦਿੱਤੇ ਗਏ ਵਿਵਾਦਤ ਬਿਆਨ ਤੋਂ ਬਾਅਦ ਹਰਜੀਤ ਸਿੰਘ ਗਰੇਵਾਲ ਨੇ ਖੁੱਲ੍ਹ ਕੇ ਅਸਹਿਮਤੀ ਜਤਾਈ ਸੀ। ਉਨ੍ਹਾਂ ਕਿਹਾ ਸੀ ਕਿ ਅਜਿਹੇ ਬਿਆਨ ਜ਼ਿੰਮੇਵਾਰ ਆਗੂਆਂ ਨੂੰ ਨਹੀਂ ਦੇਣੇ ਚਾਹੀਦੇ ਅਤੇ ਸਿਰਫ਼ ਸੰਸਦ ਮੈਂਬਰ ਬਣ ਜਾਣ ਨਾਲ ਕੋਈ ਵੱਡਾ ਆਗੂ ਨਹੀਂ ਬਣ ਜਾਂਦਾ। ਉਨ੍ਹਾਂ ਨੇ ਇਸ ਮਾਮਲੇ ‘ਤੇ ਪਾਰਟੀ ਹਾਈਕਮਾਨ ਕੋਲ ਵੀ ਆਪਣੀ ਨਾਰਾਜ਼ਗੀ ਜਤਾਈ ਸੀ। ਸਾਲ 2025 ਵਿੱਚ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤੁਲਨਾ ਉੱਤਰੀ ਕੋਰੀਆ ਦੇ ਆਗੂ ਕਿਮ ਜੋਂਗ ਉਨ ਨਾਲ ਕੀਤੀ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਅਕਾਲੀ ਦਲ ਹੁਣ ਸਿਰਫ਼ ਇੱਕ ਪਰਿਵਾਰ ਤੱਕ ਸੀਮਿਤ ਹੋ ਕੇ ਰਹਿ ਗਿਆ ਹੈ। ਅਪ੍ਰੈਲ 2024 ਵਿੱਚ ਪੰਜਾਬ ਭਾਜਪਾ ਦੀ ਇੱਕ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਵਿਚਾਲੇ ਭਾਰੀ ਹੰਗਾਮਾ ਹੋ ਗਿਆ ਸੀ। ਮੀਟਿੰਗ ਦੌਰਾਨ ਕੁਰਸੀਆਂ ਅਤੇ ਮੇਜ਼ਾਂ ਤੱਕ ਸੁੱਟੀਆਂ ਗਈਆਂ। ਉਸ ਵੇਲੇ ਹਰਜੀਤ ਸਿੰਘ ਗਰੇਵਾਲ ਮੰਚ ‘ਤੇ ਮੌਜੂਦ ਸਨ। ਸਥਿਤੀ ਵਿਗੜਣ ‘ਤੇ ਪੁਲਿਸ ਨੇ ਉਨ੍ਹਾਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਸੀ।

ਰਾਸ਼ਟਰੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਹਰਜੀਤ ਸਿੰਘ ਗਰੇਵਾਲ ਦੀ ਨਿਯੁਕਤੀ ਨੂੰ ਕੇਂਦਰ ਸਰਕਾਰ ਦਾ ਇੱਕ ਅਹਿਮ ਫ਼ੈਸਲਾ ਮੰਨਿਆ ਜਾ ਰਿਹਾ ਹੈ। ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਰਹੇਗੀ ਕਿ ਉਹ ਆਪਣੇ ਨਵੇਂ ਅਹੁਦੇ ‘ਤੇ ਘੱਟ-ਗਿਣਤੀ ਭਾਈਚਾਰਿਆਂ ਨਾਲ ਜੁੜੇ ਮੁੱਦਿਆਂ ਨੂੰ ਕਿਸ ਤਰ੍ਹਾਂ ਅੱਗੇ ਵਧਾਉਂਦੇ ਹਨ ਅਤੇ ਕਮਿਸ਼ਨ ਦੀ ਭੂਮਿਕਾ ਨੂੰ ਕਿੰਨਾ ਪ੍ਰਭਾਵਸ਼ਾਲੀ ਬਣਾਉਂਦੇ ਹਨ।

Related posts

ਗਿਆਰਾਂ ਸਾਲ, ਗਿਆਰਾਂ ਦਿਨ ਕਾਰਗੁਜ਼ਾਰੀ ਕੀ?

admin

ਪੰਜਾਬ ਤੇ ਹਰਿਆਣਾ ‘ਚ 3 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ

Bunty

ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਸਪੇਸ ਨੂੰ ਲੈ ਕੇ ਅੱਜ ਪੰਜਾਬ ਭਰ ‘ਚ ਸੜਕੀ ਆਵਾਜਾਈ ਰਹੇਗੀ ਤਿੰਨ ਘੰਟੇ ਠੱਪ 

admin