ਜਲੰਧਰ – ਹਰਿਆਣਾ ਦੇ ਕਰਨਾਲ ਵਿਚ ਬੀਤੇ ਦਿਨ ਖੱਟਰ ਸਰਕਾਰ ਦੇ ਹੁਕਮਾਂ ‘ਤੇ ਟੋਲ ਪਲਾਜ਼ੇ ਉੱਪਰ ਧਰਨਾ ਦੇ ਰਹੇ ਕਿਸਾਨਾਂ ਉੱਪਰ ਜ਼ਬਰਦਸਤ ਲਾਠੀਚਾਰਜ ਕਰਨ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਨੇ 12 ਤੋਂ 2 ਵਜੇ ਤਕ ਪੀਏਪੀ ਚੌਕ ਜਾਮ ਕਰ ਦਿੱਤਾ ਹੈ ਜਿਸ ਨਾਲ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ਜਾਮ ਹੋ ਗਿਆ। ਸੈਂਕੜੇ ਵਾਹਨ ਫਸ ਗਏ ਹਨ। ਸਭ ਤੋਂ ਵੱਧ ਪਰੇਸ਼ਾਨੀ ਅੰਮ੍ਰਿਤਸਰ ਤੇ ਲੁਧਿਆਣਾ ਜਾਣ ਵਾਲੇ ਯਾਤਰੀਆਂ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ ਤੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਜੋਤ ਸਿੰਘ ਜੋਤੀ ਨੇ ਦੱਸਿਆ ਸੀ ਕਿ ਖੱਟਰ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਕਿਸਾਨਾਂ ਉਪਰ ਅੰਨ੍ਹੇਵਾਹ ਤਸ਼ੱਦਦ ਢਾਹਿਆ ਗਿਆ ਹੈ ਜਿਸ ਕਾਰਨ ਕਿਸਾਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤਸ਼ੱਦਦ ਦੇ ਵਿਰੋਧ ‘ਚ ਅੱਜ ਦੁਪਹਿਰ 12 ਤੋਂ 2 ਵਜੇ ਤਕ ਪੀਏਪੀ ਚੌਕ ‘ਚ ਧਰਨਾ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬੀਕੇਯੂ ਕਾਦੀਆਂ ਦੀ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ ਲੁਧਿਆਣਾ- ਬਰਨਾਲਾ ਮੁੱਖ ਮਾਰਗ ‘ਤੇ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ‘ਚ ਧਰਨਾ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਸਰਹਿੰਦ ਨਜ਼ਦੀਕ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵਲੋਂ 12 ਤੋਂ 2 ਵਜੇ ਤੱਕ ਧਰਨਾ ਲਗਾਇਆ ਗਿਆ।ਇਸੇ ਤਰ੍ਹਾਂ ਨਾਭਾ ਵਿਖੇ ਰੋਹਟੀ ਪੁਲ ਚੌਕ ਤੇ ਭਾਕਿਯੂ (ਉਗਰਾਹਾਂ) ਵੱਲੋਂ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾਂ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਚੱਕਾ ਜਾਮ ਕਰਕੇ ਕੇਂਦਰ ਸਰਕਾਰ, ਹਰਿਆਣਾ ਸਰਕਾਰਅਤੇ ਹਰਿਆਣਾ ਪ੍ਰਸ਼ਾਸਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਐੱਸਡੀਐੱਮ ਅਤੇ ਹਰਿਆਣਾ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਸੋਮਵਾਰ ਨੂੰ ਪੰਜਾਬ ‘ਚ ਭਾਜਪਾ ਆਗੂਆਂ ਦਾ ਦਫ਼ਤਰ ਘੇਰਨ ਦਾ ਵੀ ਐਲਾਨ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ 25 ਸਤੰਬਰ ਨੂੰ ਭਾਰਤ ਬੰਦ ਦੀ ਵੀ ਕਾਲ ਦਿੱਤੀ ਹੋਈ ਹੈ।
ਹਰਿਆਣਾ ਦੇ ਕਰਨਾਲ ‘ਚ ਸ਼ਨਿਚਰਵਾਰ ਨੂੰ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਐਤਵਾਰ ਨੂੰ ਸੂਬੇ ਭਰ ‘ਚ ਕਿਸਾਨ ਚੱਕਾ ਜਾਮ ਕਰਨਗੇ। ਜਲੰਧਰ ‘ਚ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅ ਰਾਜਪਾਲ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ 2 ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ। ਯੂਥ ਪ੍ਰਧਾਨ ਅਮਰਜੋਤ ਸਿੰਘ ਨੇ ਕਿਹਾ ਕਿ ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ‘ਤੇ ਲਾਠੀਚਾਰਜ ਦੇ ਵਿਰੋਧ ‘ਚ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੇ ਕਿਸਾਨ ਸੰਗਠਨ ਪੀਏਪੀ ਚੌਕ ‘ਤੇ ਦੁਪਹਿਰੇ 12 ਤੋਂ 2 ਵਜੇ ਤਕ ਪ੍ਰਦਰਸ਼ਨ ਕਰਨਗੇ।