ਚੰਡੀਗੜ੍ਹ – ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਮੰਨਿਆ ਕਿ ਪੰਜਾਬ ਕਾਂਗਰਸ ’ਚ ਆਲ ਇਜ਼ ਵੈੱਲ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਮਸਲੇ ਹਨ ਜਿਨ੍ਹਾਂ ਨੂੰ ਹੱਲ ਕੀਤਾ ਜਾਣਾ ਹੈ। ਰਾਵਤ ਦਾ ਇਹ ਬਿਆਨ ਉਦੋਂ ਆਇਆ, ਜਦੋਂ ਉਹ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਖਤਮ ਕਰਨ ਲਈ ਚੰਡੀਗੜ੍ਹ ’ਚ ਦੋ ਦਿਨਾਂ ਦੀ ਯਾਤਰਾ ਤੋਂ ਬਾਅਦ ਵਾਪਸ ਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ ਰਾਵਤ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੱਖ-ਵੱਖ ਬੈਠਕਾਂ ਕੀਤੀਆਂ। ਅਹਿਮ ਗੱਲ ਇਹ ਹੈ ਕਿ ਆਪਣੇ ਦੋ ਦਿਨਾਂ ਦੀ ਯਾਤਰਾ ਦੌਰਾਨ ਰਾਵਤ ਨੇ ਕੈਪਟਨ ਅਤੇ ਸਿੱਧੂ ਦੋਵਾਂ ਨੂੰ ਹੀ ਯਕੀਨ ਦਿਵਾਉਣ ਦੀ ਕੋਸ਼ਿਸ ਕੀਤੀ। ਉਨ੍ਹਾਂ ਨੇ ਸਿੱਧੂ ਨੂੰ ਅਨੁਸ਼ਾਸਨ ਦਾ ਪਾਠ ਪੜ੍ਹਾਇਆ ਅਤੇ ਪੰਜਾਬ ਸਰਕਾਰ ਦੇ ਕੰਮਕਾਜ ਨੂੰ ਸਲਾਹਿਆ। ਰਾਵਤ ਨੇ ਕਿਹਾ, ਪੰਜਾਬ ’ਚ ਕੁਝ ਅਜਿਹੇ ਕੰਮ ਹੋਏ ਜਿਨ੍ਹਾਂ ਦੀ ਪ੍ਰਸ਼ੰਸਾ ਹੋਣੀ ਚਾਹੀਦੀ ਸੀ। ਬਰਗਾੜੀ ਕਾਂਡ ਅਤੇ ਨਸ਼ੇ ਵਰਗੇ ਮਾਮਲਿਆਂ ’ਚ ਸੀਨੀਅਰ ਅਧਿਕਾਰੀਆਂ ’ਤੇ ਵੀ ਕਾਰਵਾਈ ਹੋਈ। ਅਜਿਹੀ ਕਾਰਵਾਈ ਦੇਸ਼ ਦੇ ਹੋਰ ਹਿੱਸਿਆਂ ’ਚ ਵਿਖਾਈ ਨਹੀਂ ਦਿੰਦੀ। ਪੰਜਾਬ ਕਾਂਗਰਸ ਇੰਚਾਰਜ ਹੀਰਸ ਰਾਵਤ ਨੇ ਕਿਹਾ ਕਿ ਪੰਜਾਬ ਸਰਕਾਰ ਸੀਬੀਆਈ ਦੇ ਜੁਬਾੜੇ ’ਚੋਂ ਕੇਸ (ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ) ਵਾਪਸ ਲੈ ਕੇ ਆਈ ਹੈ। ਅਜਿਹਾ ਕਦੇ ਵੀ ਵੇਖਣ ਨੂੰ ਨਹੀਂ ਮਿਲਿਆ। ਰਾਵਤ ਦਾ ਇਹ ਬਿਆਨ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦੇ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਬੇਭਰੋਸਾ ਪ੍ਰਗਟ ਕਰਨ ਵਾਲੇ ਚਾਰ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਦੇ ਚੰਡੀਗੜ੍ਹ ਦੌਰੇ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਨਾ ਕਰਨ ਨੂੰ ਲੈ ਕੇ ਰਾਵਤ ਨੇ ਕਿਹਾ, ਚੰਗਾ ਹੀ ਹੋਇਆ ਕਿ ਇਹ ਮੰਤਰੀ ਮੈਨੂੰ ਮਿਲਣ ਨਹੀਂ ਆਏ। ਜੇਕਰ ਉਹ ਮੇਰੇ ਕੋਲ ਆਉਂਦੇ ਤਾਂ ਮੇਰਾ ਦੌਰਾ ਉਨ੍ਹਾਂ ਦੇ ਨਾਲ ਹੀ ਜੋੜ ਦਿੱਤਾ ਜਾਂਦਾ।