Articles Punjab

ਹਾਈਕੋਰਟ ਵਲੋਂ ਲੈਂਡ ਪੂਲਿੰਗ ਪਾਲਿਸੀ ‘ਤੇ 4 ਹਫ਼ਤੇ ਦੀ ਰੋਕ, ਅਗਲੀ ਸੁਣਵਾਈ 10 ਸਤੰਬਰ ਨੂੰ !

ਹਾਈਕੋਰਟ ਵਲੋਂ ਲੈਂਡ ਪੂਲਿੰਗ ਪਾਲਿਸੀ 'ਤੇ 4 ਹਫ਼ਤੇ ਦੀ ਰੋਕ ਲਗਾਈ ਹੈ ਅਤੇ ਅਗਲੀ ਸੁਣਵਾਈ 10 ਸਤੰਬਰ ਨੂੰ ਹੋਵੇਗੀ।

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 7 ਅਗਸਤ ਨੂੰ ਲਗਾਤਾਰ ਦੂਜੇ ਦਿਨ ਸੁਣਵਾਈ ਹੋਈ ਜਿਸ ਵਿੱਚ ਹਾਈ ਕੋਰਟ ਲੈਂਡ ਪੂਲਿੰਗ ਪਾਲਿਸੀ ਸਬੰਧੀ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ। ਹਾਈਕੋਰਟ ਨੇ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਦੇ ਅਮਲ-ਦਰਾਮਦ ’ਤੇ ਚਾਰ ਹਫ਼ਤਿਆਂ ਲਈ ਰੋਕ ਲਗਾਉਂਦਿਆਂ ਦਿੱਤੀ ਹੈ। ਪੰਜਾਬ ਸਰਕਾਰ ਨੂੰ 4 ਹਫ਼ਤਿਆਂ ਵਿੱਚ ਜਵਾਬ ਦਾਇਰ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 10 ਸਤੰਬਰ ਨੂੰ ਹੋਵੇਗੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਜਸਟਿਸ ਦੀਪਕ ਮਨਚੰਦਾ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਨਾ ਹੁੰਦਿਆਂ ਕਿਹਾ ਕਿ, ‘ਸਰਕਾਰ ਵੱਲੋਂ ਸਮਾਜਿਕ ਅਤੇ ਵਾਤਾਵਰਣ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਨਹੀਂ ਸੋਚਿਆ ਗਿਆ। ਸਰਕਾਰ ਨੇ ਬਜਟ ਸਬੰਧੀ ਵੀ ਕੋਈ ਤਿਆਰੀ ਨਹੀਂ ਕੀਤੀ ਹੈ ਅਤੇ ਬਿਨ੍ਹਾਂ ਤਿਆਰੀ ਦੇ ਇਹ ਯੋਜਨਾ ਲਿਆਂਦੀ ਜਾ ਰਹੀ ਹੈ।ਬੇਜ਼ਮੀਨਿਆਂ ਅਤੇ ਮਜ਼ਦੂਰਾਂ ਦੀ ਇਨ੍ਹਾਂ ਜ਼ਮੀਨਾਂ ’ਤੇ ਨਿਰਭਰਤਾ ਹੈ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਕੋਈ ਵਿਵਸਥਾ ਲੈਂਡ ਪੂਲਿੰਗ ਨੀਤੀ ਵਿੱਚ ਨਹੀਂ ਹੈ।

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਖਿਲਾਫ਼ ਇੱਕ ਪਟੀਸ਼ਨ ਲੁਧਿਆਣਾ ਨਿਵਾਸੀ ਐਡਵੋਕੇਟ ਗੁਰਦੀਪ ਸਿੰਘ ਦੁਆਰਾ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਸੀ। ਉਹ ਖੁਦ ਇੱਕ ਕਿਸਾਨ ਹੈ ਅਤੇ ਉਸਦੀ ਆਪਣੀ ਜ਼ਮੀਨ ਇਸ ਨੀਤੀ ਦੇ ਅਧੀਨ ਆ ਰਹੀ ਸੀ। ਅਜਿਹੀ ਸਥਿਤੀ ਵਿੱਚ ਉਸਨੇ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਚੁਣੌਤੀ ਦਿੱਤੀ। ਉਨ੍ਹਾਂ ਦੀ ਦਲੀਲ ਹੈ ਕਿ ਕੇਂਦਰ ਸਰਕਾਰ ਨੇ ਜ਼ਮੀਨ ਐਕੁਆਇਰ ਕਰਨ ਲਈ ਸਪੱਸ਼ਟ ਨਿਯਮ ਬਣਾਏ ਹਨ ਅਤੇ ਰਾਜ ਸਰਕਾਰ ਆਪਣੇ ਆਪ ਇਨ੍ਹਾਂ ਕੇਂਦਰੀ ਨਿਯਮਾਂ ਨੂੰ ਬਦਲ ਨਹੀਂ ਸਕਦੀ। ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਸਵੀਕਾਰ ਕਰ ਲਈ ਸੀ।

ਪੰਜਾਬ ਸਰਕਾਰ ਨੇ ਯੋਜਨਾਬੱਧ ਸ਼ਹਿਰੀਕਰਨ ਦੇ ਲਈ “ਲੈਂਡ ਪੂਲਿੰਗ” ਨੀਤੀ ਲਿਆਂਦੀ ਹੈ। ਇਸ ਯੋਜਨਾ ਤਹਿਤ ਪੰਜਾਬ ਭਰ ਦੇ 27 ਸ਼ਹਿਰਾਂ ਵਾਸਤੇ ਲਗਭਗ 40 ਹਜ਼ਾਰ ਏਕੜ ਵਾਹੀਯੋਗ ਜ਼ਮੀਨ ਐਕੁਆਇਰ ਕੀਤੇ ਜਾਣ ਦੀ ਯੋਜਨਾ ਹੈ। ਇਸ ਐਕੁਆਇਰ ਕੀਤੀ ਜ਼ਮੀਨ ਉੱਤੇ ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ ਖੇਤਰ ਵਿਕਸਤ ਕੀਤੇ ਜਾਣੇ ਹਨ, ਜਿਨ੍ਹਾਂ ਨੂੰ ਅਰਬਨ ਅਸਟੇਟਸ ਦਾ ਨਾਮ ਦਿੱਤਾ ਗਿਆ ਹੈ ਪਰ ਕਿਸਾਨਾਂ ਦਾ ਦੋਸ਼ ਹੈ ਕਿ ਇਹ ਨੀਤੀ ਉਨ੍ਹਾਂ ਨੂੰ ਉਨ੍ਹਾਂ ਦੀਆਂ ਉਪਜਾਊ ਜ਼ਮੀਨਾਂ ਤੋਂ ਬੇਦਖਲ ਕਰਨ ਅਤੇ ਰੀਅਲ ਅਸਟੇਟ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨ ਦੀ ਸਾਜ਼ਿਸ਼ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਇਲਾਕਿਆਂ ਲਈ ਸਰਕਾਰ ਨੇ ਲੈਂਡ ਪੂਲਿੰਗ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ, ਉੱਥੇ ਜ਼ਮੀਨਾਂ ਦੀ ਰਜਿਸਟਰੀ ਅਤੇ ਚੇਂਜ ਆਫ਼ ਲੈਂਡ ਯੂਜ਼ ਬੰਦ ਕਰ ਦਿੱਤੇ ਗਏ ਹਨ, ਜਿਸ ਕਾਰਣ ਉਹ ਬਹੁਤ ਪਰੇਸ਼ਾਨ ਹਨ। ਸਰਕਾਰ ਇਸ ਨੀਤੀ ਨੂੰ ਸਵੈ-ਇੱਛਤ ਦੱਸ ਰਹੀ ਹੈ ਪਰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਜ਼ਮੀਨ ‘ਤੇ ਮਕਾਨ ਬਣਾਉਣ ਜਾਂ ਲੋਨ ਲੈਣ ‘ਤੇ ਰੋਕ ਲੱਗਣ ਕਾਰਨ ਇਹ ਜਬਰਦਸਤੀ ਐਕਵਾਇਰ ਵਰਗਾ ਲੱਗਦਾ ਹੈ। ਅਧਿਕਾਰੀ ਰਜਿਸਟਰੀ ਨਾ ਕਰਕੇ ਕਿਸਾਨਾਂ ਨੂੰ ਬੇਬਸ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਬਿਨਾਂ ਕਿਸੇ ਸਰਵੇ ਦੇ ਸਾਲਾਨਾ ਭੱਤਾ ਕਿਵੇਂ ਤੈਅ ਕਰ ਦਿੱਤਾ? ਸਰਕਾਰ ਦਾ ਦਾਅਵਾ ਹੈ ਕਿ ਜਦ ਤੱਕ ਇਲਾਕਾ ਵਿਕਸਤ ਨਹੀਂ ਹੁੰਦਾ, ਕਿਸਾਨ ਆਪਣੀ ਜ਼ਮੀਨ ‘ਤੇ ਖੇਤੀ ਕਰ ਸਕਣਗੇ ਅਤੇ ਉਨ੍ਹਾਂ ਨੂੰ ਹਰ ਸਾਲ 50 ਹਜ਼ਾਰ ਰੁਪਏ ਮਿਲਣਗੇ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਜੇ ਇਹ ਜ਼ਮੀਨ ਠੇਕੇ ‘ਤੇ ਦਿੱਤੀ ਜਾਵੇ ਤਾਂ ਉਹਨਾਂ ਨੂੰ 80 ਹਜ਼ਾਰ ਰੁਪਏ ਤੱਕ ਸਾਲਾਨਾ ਆਮਦਨ ਹੋ ਸਕਦੀ ਹੈ।

ਪੰਜਾਬ ਸਰਕਾਰ ਤਰਫ਼ੋਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਹਾਜ਼ਰ ਸਨ। ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਜਸਤੇਜ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਵੀ ਕੋਰਟ ਵਿੱਚ ਸਰਕਾਰ ਦਾ ਪੱਖ ਤੱਥਾਂ ਸਮੇਤ ਰੱਖਿਆ ਗਿਆ ਹੈ। ਲੈਂਡ ਪੂਲਿੰਗ ਨੀਤੀ ਵਿੱਚ ਜ਼ਮੀਨ ਦੀ ਐਕੂਜ਼ੀਸ਼ਨ ਲਾਜ਼ਮੀ ਨਹੀਂ ਹੈ, ਜੋ ਵੀ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ, ਉਹ ਆਪਣੀ ਜ਼ਮੀਨ ਦੇ ਸਕਦੇ ਹਨ। ਜ਼ਮੀਨ ਦੇ ਬਦਲੇ ਪੰਜਾਬ ਸਰਕਾਰ ਉਨ੍ਹਾਂ ਨੂੰ ਪਲਾਟ ਦਾ ਲੈਟਰ ਆਫ਼ ਇੰਟੈਂਟ ਦੇਵੇਗੀ। ਪੰਜਾਬ ਸਰਕਾਰ ਨੂੰ 4 ਹਫ਼ਤਿਆਂ ਵਿੱਚ ਜਵਾਬ ਦਾਇਰ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 10 ਸਤੰਬਰ ਨੂੰ ਹੋਵੇਗੀ।

Related posts

ਆਯੁਰਵੇਦ ਦਾ ਗਿਆਨ: ਚੱਕਰ ਸੰਤੁਲਨ ਪ੍ਰਾਣਾਯਾਮ !

admin

ਅਧਿਆਪਕ ਦਿਵਸ ‘ਤੇ ਵਿਸ਼ੇਸ਼: ਸਮਾਜ ਨੂੰ ਦ੍ਰਿਸ਼ਟੀ ਅਤੇ ਦ੍ਰਿੜ ਇਰਾਦੇ ਨਾਲ ਬਦਲਣਾ !

admin

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin