ਕੈਨਬਰਾ – ਆਸਟ੍ਰੇਲੀਆ ਦੀ ਰਾਜਧਾਨੀ ਵਿੱਚ ਹਜ਼ਾਰਾਂ ਲੋਕਾਂ ਨੇ ਕੋਰੋਨਾ ਵੈਕਸੀਨ ਨੂੰ ਲਾਜ਼ਮੀ ਬਣਾਉਣ ਦਾ ਵਿਰੋਧ ਕੀਤਾ। ਕੈਨਬਰਾ ਵਿੱਚ 10 ਹਜ਼ਾਰ ਤੋਂ ਵੱਧ ਲੋਕਾਂ ਨੇ ਸੰਘੀ, ਰਾਜ ਅਤੇ ਖੇਤਰੀ ਸਰਕਾਰਾਂ ਨੂੰ ਕੋਵਿਡ-19 ਟੀਕਾਕਰਨ ਨੂੰ ਲਾਜ਼ਮੀ ਕਰਨ ਵਾਲੇ ਸਾਰੇ ਸਿਹਤ ਆਦੇਸ਼ਾਂ ਨੂੰ ਤੁਰੰਤ ਖਤਮ ਕਰਨ ਦੀ ਮੰਗ ਕੀਤੀ ਜਾ ਰਹੀ ਹੈ । ਇਸ ਵਿਰੋਧ ਪ੍ਰਦਰਸ਼ਨ ਦੇ ਤਹਿਤ ਲੋਕਾਂ ਵੱਲੋਂ ਕੈਨਬਰਾ ਦੀਆਂ ਸੜਕਾਂ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ । ਇਸਦੇ ਨਾਲ ਹੀ ਰੋਸ ਮਾਰਚ ਕੱਢ ਕੇ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਕਿਹਾ ਕਿ 10,000 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੇ ਸ਼ਾਂਤੀਪੂਰਵਕ ਢੰਗ ਨਾਲ ਪ੍ਰਦਰਸ਼ਨ ਕੀਤਾ । ਪੁਲਿਸ ਨੇ ਦੱਸਿਆ ਕਿ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਇਸ ਦੇ ਨਾਲ ਹੀ 100 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਕੇ ਸੰਸਦ ਭਵਨ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ । ਹਾਲਾਂਕਿ, ਪੁਲਿਸ ਨੇ ਕੈਨਬਰਾ ਦੇ ਐਗਜ਼ੀਬਿਸ਼ਨ ਪਾਰਕ ਵਿੱਚ ਕੈਂਪ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਕੋਲ ਐਤਵਾਰ ਤੱਕ ਸਮਾਂ ਹੈ ਕਿ ਉਹ ਸਾਈਟ ਛੱਡ ਦੇਣ, ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸ ਸਬੰਧੀ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਉਨ੍ਹਾਂ ਚੀਜ਼ਾਂ ਲਈ ਆਪਣੀ ਆਵਾਜ਼ ਚੁੱਕ ਰਹੇ ਹਨ ਜੋ ਉਹ ਮਹਿਸੂਸ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਕਾਮਨਵੈਲਥ ਸਰਕਾਰ ਨੇ ਸਿਰਫ ਉਨ੍ਹਾਂ ਆਦੇਸ਼ਾਂ ਦਾ ਸਮਰਥਨ ਕੀਤਾ ਹੈ ਜੋ ਬਜ਼ੁਰਗ ਕਰਮਚਾਰੀਆਂ,ਅਪਾਹਿਜ ਕਰਮਚਾਰੀਆਂ ਅਤੇ ਸਿਹਤ ਪ੍ਰਣਾਲੀ ਵਿੱਚ ਉੱਚ ਜੋਖਮ ਵਾਲੀਆਂ ਸਥਿਤੀਆਂ ਵਿੱਚ ਕੰਮ ਕਰਨ ਵਾਲੇ ਲੋਕਾਂ ਨਾਲ ਸਬੰਧਿਤ ਹਨ। ਇਸ ਰੈਲੀ ਵਿੱਚ ਮੌਜੂਦਾ ਸਰਕਾਰ ਦੇ ਕਈ ਅਧਿਕਾਰੀ ਵੀ ਸ਼ਾਮਿਲ ਹੋ ਗਏ । ਇਸ ਦੇ ਮੱਦੇਨਜ਼ਰ ਵਿਰੋਧੀ ਲੇਬਰ ਪਾਰਟੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੂੰ ਪ੍ਰਦਰਸ਼ਨਕਾਰੀਆਂ ਖਿਲਾਫ ਸਖਤ ਰੁਖ ਅਪਣਾਉਣ ਦੀ ਅਪੀਲ ਕੀਤੀ ਹੈ । ਲੇਬਰ ਪਾਰਟੀ ਦੀ ਬੁਲਾਰੀ ਕ੍ਰਿਸਟੀਨਾ ਕੇਨੇਲੀ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪ੍ਰਦਰਸ਼ਨ ਕਰ ਰਹੇ ਹਿੰਸਕ ਕੱਟੜਪੰਥੀਆਂ ਦੀ ਨਿੰਦਾ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਸਟ੍ਰੇਲੀਆਈ ਲੋਕਤੰਤਰ ਵਿੱਚ ਅਜਿਹੇ ਵਿਰੋਧ ਪ੍ਰਦਰਸ਼ਨਾਂ ਦੀ ਕੋਈ ਥਾਂ ਨਹੀਂ ਹੈ।