ਤਲਵੰਡੀ ਸਾਬੋ – ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਦੀਵਾਨ ਹਾਲ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਇਨਸਾਫ਼ ਪਸੰਦ ਲੋਕਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਅਹਿਦ ਵੀ ਲਿਆ ਗਿਆ।
ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਭਾਵੁਕ ਹੁੰਦਿਆਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣਾ ਚਾਹੁੰਦੇ ਹਨ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਅਸਲ ਸ਼ਰਧਾਂਜਲੀ ਇਹੀ ਹੋਵੇਗੀ ਕਿ ਪੰਜਾਬ ਦੇ ਲੋਕ ਚੋਣਾਂ ਵਿੱਚ ‘ਝਾੜੂ’ ਦਾ ਬਟਨ ਨਾ ਦਬਾਉਣ। 2023 ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਭੀਮ ਸਿੰਘ ਨੇ ਦੋਸ਼ ਲਾਇਆ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਪਰਵਿੰਦਰ ਸਿੰਘ ਝੋਟਾ ਨੂੰ ਪੁਲਿਸ ਵੱਲੋਂ ਝੂਠੇ ਕੇਸਾਂ ਵਿੱਚ ਫਸਾ ਕੇ ਮਾਨਸਾ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਇਸ ਕਾਰਵਾਈ ਲਈ ਉਸ ਸਮੇਂ ਦੇ ਐੱਸਐੱਸਪੀ ਨਾਨਕ ਸਿੰਘ ਅਤੇ ਸਬੰਧਤ ਡੀਐੱਸਪੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਪਰਵਿੰਦਰ ਸਿੰਘ ਦੀ ਮੁਲਾਕਾਤ ਨਵਾਂਸ਼ਹਿਰ ਦੇ ਇੱਕ ਹੋਰ ਨਸ਼ਾ ਵਿਰੋਧੀ ਕਾਰਕੁਨ ਨਾਲ ਹੋਈ ਸੀ, ਜੋ ਰਿਹਾਅ ਹੋਣ ਤੋਂ ਬਾਅਦ ਆਪਣੇ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਂਦਾ ਰਿਹਾ। ਭੀਮ ਸਿੰਘ ਅਨੁਸਾਰ ਨਸ਼ਾ ਤਸਕਰਾਂ ਵੱਲੋਂ ਉਸ ਵਿਅਕਤੀ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਬਾਰੇ ਪਤਾ ਲੱਗਣ ‘ਤੇ ਪਰਵਿੰਦਰ ਸਿੰਘ ਝੋਟਾ ਉਸ ਦਾ ਹਾਲ-ਚਾਲ ਜਾਣਨ ਲਈ ਦੋ ਵਾਰ ਗਿਆ ਸੀ।
ਭੀਮ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਵਾਅਦਿਆਂ ਦੇ ਬਾਵਜੂਦ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਲੋਕਾਂ ਨੂੰ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰ ਬੇਖ਼ੌਫ਼ ਹੋ ਕੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਪੰਜਾਬ ਵਿੱਚ ਨੌਜਵਾਨਾਂ ਦੇ ਕਤਲ ਅਤੇ ਹਿੰਸਕ ਘਟਨਾਵਾਂ ਦਾ ਜ਼ਿਕਰ ਕਰਦਿਆਂ ਪੁਲਿਸ ਅਤੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ। ਆਪਣੀ ਅਪੀਲ ਨੂੰ ਦੁਹਰਾਉਂਦਿਆਂ ਭੀਮ ਸਿੰਘ ਨੇ ਕਿਹਾ ਕਿ ਜੇਕਰ ਪੰਜਾਬੀ ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਦੇਣਾ ਚਾਹੁੰਦੇ ਹਨ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਨਾ ਪਾਉਣ। ਉਨ੍ਹਾਂ ਖ਼ਾਸ ਤੌਰ ‘ਤੇ ਬੀਬੀਆਂ ਅਤੇ ਭੈਣਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਐਲਾਨੀ ਗਈ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ ਤੋਂ ਅੱਗੇ ਸੋਚਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਤੇ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਵਾਅਦੇ ਨਹੀਂ, ਸਗੋਂ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਉਸ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਜਵਾਬ ਦਿੱਤਾ ਜਾਵੇ ਅਤੇ ‘ਆਪ’ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਈਆਂ ਜਾਣ।
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਅੰਤਿਮ ਅਰਦਾਸ ਦੌਰਾਨ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਅਤੇ ਨਸ਼ਾ ਵਿਰੋਧੀ ਕਾਰਕੁਨਾਂ ਦੀ ਸੁਰੱਖਿਆ ਦਾ ਮੁੱਦਾ ਪ੍ਰਮੁੱਖਤਾ ਨਾਲ ਉੱਭਰਿਆ। ਭੀਮ ਸਿੰਘ ਨੇ ਸਪੱਸ਼ਟ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ ਜੇਕਰ ਪੰਜਾਬ ਦੇ ਲੋਕ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣਗੇ।
