Punjab

2364 ਈਟੀਟੀ ਅਧਿਆਪਕਾਂ ਨੂੰ ਫੌਰੀ ਸਟੇਸ਼ਨ ਚੋਣ ਕਰਵਾਉਣ ਦੀ ਮੰਗ 

ਐੱਸਏਐੱਸ ਨਗਰ/ਸੰਗਰੂਰ – ਬੀਤੇ ਇੱਕ ਮਹੀਨੇ ਤੋਂ ਸਿੱਖਿਆ ਵਿਭਾਗ ਪੰਜਾਬ ਦੇ ਦਫਤਰ ਮੋਹਾਲੀ ਅੱਗੇ ਧਰਨੇ ਤੇ ਡਟੇ 2364 ਈਟੀਟੀ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਮੁੜ ਹਾਅ ਦਾ ਨਾਅਰਾ ਮਾਰਦੇ ਹੋਏ ਕਈ ਸਾਲਾਂ ਤੋਂ ਲਟਕੀ ਇਸ ਭਰਤੀ ਨੂੰ ਮੁਕੰਮਲ ਕਰਨ ਦੀ ਮੰਗ ਕੀਤੀ ਗਈ ਹੈ। ਡੀ ਟੀ ਐੱਫ ਆਗੂਆਂ ਨੇ 2364 ਅਧਿਆਪਕਾਂ ਲਈ ਫੌਰੀ ਸਟੇਸ਼ਨ ਚੋਣ ਦੀ ਸਮਾਂ ਸਾਰਨੀ ਜਾਰੀ ਕਰਨ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਹੀ ਸਟੇਸ਼ਨ ਚੋਣ ਲਈ ਖੋਲ੍ਹਣ ਦੀ ਮੰਗ ਵੀ ਕੀਤੀ ਹੈ।
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਸਾਲ 2020 ਦੇ ਵਿੱਚ ਨਿਕਲੀ ਇਸ ਭਰਤੀ ਨੂੰ ਪਿਛਲੀ ਸਰਕਾਰ ਦੇ ਨਾਲ ਨਾਲ ਹੋਣ ਵਾਲੀ ਬਦਲਾਅ ਦਾ ਨਾਅਰਾ ਦੇ ਕੇ ਆਈ ਸਰਕਾਰ ਵੱਲੋਂ ਵੀ ਲਗਾਤਾਰ ਲਟਕਾਇਆ ਗਿਆ ਹੈ। ਹੁਣ ਵੀ ਸਿੱਖਿਆ ਵਿਭਾਗ ਵੱਲੋਂ ਪਿਛਲੇ ਦਿਨੀ 17 ਸਤੰਬਰ ਤੋਂ ਇਸ ਭਰਤੀ ਦੇ ਚੁਣੇ ਹੋਏ ਅਧਿਆਪਕਾਂ ਲਈ ਸਟੇਸ਼ਨ ਚੋਣ ਦੀ ਸਮਾਂ ਸਾਰਨੀ ਜਾਰੀ ਕੀਤੀ ਗਈ ਸੀ, ਜੋ ਕਿ ਬਾਅਦ ਵਿੱਚ ਰੱਦ ਕਰ ਦਿੱਤੀ ਗਈ। ਇਸ ਭਰਤੀ ਲਈ ਕੇਵਲ ਸਰਹੱਦੀ ਜ਼ਿਲ੍ਹਿਆਂ ਦੇ ਹੀ ਸਟੇਸ਼ਨ ਦੇਣ ਦੀਆਂ ਵੀ ਕਨਸੋਆਂ ਪ੍ਰਾਪਤ ਹੋਈਆਂ ਹਨ। ਡੀ ਟੀ ਐੱਫ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਭਰਤੀ ਨੂੰ ਲਟਕਾਉਣਾ ਵਿਦਿਆਰਥੀਆਂ ਨਾਲ ਧ੍ਰੋਹ ਕਮਾਉਣ ਦੇ ਬਰਾਬਰ ਹੈ। ਭਰਤੀ ਵੇਲੇ ਕੁਝ ਕੁ ਜ਼ਿਲ੍ਹਿਆਂ ਦੇ ਸਟੇਸ਼ਨ ਦਿਖਾਉਣਾ ਵੀ ਵਿਤਕਰੇ ਵਾਲੀ ਸਥਿਤੀ ਪੈਦਾ ਕਰਨ ਦੇ ਸਮਾਨ ਹੈ। ਉਨ੍ਹਾਂ ਕਿਹਾ ਕਿ ਲੋੜ ਇਸ ਗੱਲ ਦੀ ਹੈ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਹੀ ਨਵੀਂ ਭਰਤੀ ਕੀਤੀ ਜਾਵੇ ਤਾਂ ਜੋ ਸਾਰੇ ਸਕੂਲਾਂ ਦੇ ਬੱਚਿਆਂ ਨੂੰ ਹੀ ਅਧਿਆਪਕ ਮਿਲਣ ਸਕਣ ਅਤੇ ਇਹਨਾਂ ਅਧਿਆਪਕਾਂ ਨੂੰ ਵੀ ਆਪਣੇ ਘਰ ਤੋਂ ਦੂਰ ਸੈਂਕੜੇ ਕਿਲੋਮੀਟਰ ਦੂਰ ਨੌਕਰੀ ਕਰਨ ਲਈ ਮਜਬੂਰ ਨਾ ਹੋਣਾ ਪਵੇ।
ਡੀ ਟੀ ਐੱਫ ਦੇ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਸਿੰਘ ਭਵਾਨੀਗੜ੍ਹ, ਸੰਯੁਕਤ ਸਕੱਤਰਾਂ ਮੁਕੇਸ਼ ਕੁਮਾਰ, ਕੁਲਵਿੰਦਰ ਜੋਸ਼ਨ ਅਤੇ ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਪਵਨ ਕੁਮਾਰ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਮੋਹਾਲੀ ਵਿਖੇ ਚੱਲ ਰਹੇ ਇਸ ਮੋਰਚੇ ਦੌਰਾਨ ਅਧਿਆਪਕਾਂ ਵੱਲੋਂ ਆਪਣੀ ਜਾਨਾਂ ਨੂੰ ਜੋਖਮ ਵਿੱਚ ਪਾ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਭਰਤੀ ਮੁਕੰਮਲ ਕਰਨ ਦੀ ਥਾਂ ਆਪਣੇ ਸਰਕਾਰ ਅਤੇ ਸਿੱਖਿਆ ਵਿਭਾਗ ਗੈਰ ਸੰਵੇਦਨਸ਼ੀਲ ਰਵੱਈਆ ਅਪਣਾਉਂਦੇ ਹੋਏ ਭਰਤੀ ਨੂੰ ਲਗਾਤਾਰ ਅੱਗੇ ਲਟਕਾਉਂਦਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਵਿਭਾਗ ਅਜਿਹਾ ਵਤੀਰਾ ਛੱਡਦੇ ਹੋਏ ਭਰਤੀ ਨੂੰ ਮੁਕੰਮਲ ਕਰੇ ਅਤੇ ਵਿਦਿਆਰਥੀਆਂ ਲਈ ਗੁਣਵੱਤਾ ਭਰਪੂਰ ਸਿੱਖਿਆ ਦਾ ਪ੍ਰਬੰਧ ਕਰੇ।

Related posts

ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਜਿਲ੍ਹਾ ਸਿੱਖਿਆ ਅਫਸਰ ਰਾਹੀਂ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ

admin

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ

admin

ਦਲਜੀਤ ਸਫ਼ੀਪੁਰ ਬਣੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਨਵੀਨਰ 

admin