ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਦੇ ਵਲੋਂ ਦਰਜ ਕਰਾਈ ਗਈ ਸ਼ਿਕਾਇਤ ਵਿੱਚ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੱਤਕਾਲੀਨ ਮੈਂਬਰਾਂ ਵੱਲੋਂ ਨਾ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਾਪਤਾ ਕੀਤੇ ਗਏ ਸਗੋਂ ਪਾਵਨ ਅੰਗਾਂ ਦੀ ਅਣਅਧਿਕਾਰਿਤ ਛਪਾਈ, ਅੰਗਾਂ ਦੇ ਰੋਲਣ ਅਤੇ ਪਬਲਿਕ ਫੰਡ ਦੇ ਗਬਨ ਦੇ ਗੰਭੀਰ ਦੋਸ਼ ਵੀ ਲਾਏ ਗਏ ਹਨ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਹ ਸਾਰੇ ਦੋਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਬਣਾਈ ਗਈ ਸ੍ਰੀ ਈਸ਼ਰ ਸਿੰਘ ਦੀ ਅਗਵਾਈ ਵਾਲੀ ਕਾਰਵਾਈ ਜਾਂਚ ਕਮੇਟੀ ਦੀ ਰਿਪੋਰਟ ਵਿੱਚ ਵੀ ਦਰਸਾਏ ਗਏ ਹਨ, ਜਿਸ ’ਤੇ ਉਹ ਪੂਰਾ ਭਰੋਸਾ ਕਰਦੇ ਹਨ। ਸ਼ਿਕਾਇਤਕਰਤਾਵਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਸ ਸਮੇਂ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਪ੍ਰੈਸ ਕਾਨਫਰੰਸ ਕਰਕੇ ਦੋਸ਼ਾਂ ਨੂੰ ਸਵੀਕਾਰਦੇ ਹੋਏ ਕਾਰਵਾਈ ਦੀ ਗੱਲ ਕੀਤੀ ਸੀ ਪਰ ਕੋਈ ਠੋਸ ਕਾਰਵਾਈ ਨਹੀਂ ਹੋਈ। ਪੁਲਿਸ ਕੋਲ ਦਰਜ ਕਰਾਈ ਗਈ ਸ਼ਿਕਾਇਤ ਵਿੱਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ–2008 ਅਤੇ ਭਾਰਤੀ ਦੰਡ ਸੰਹਿਤਾ/ਨਿਆਏ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਅਧੀਨ ਤਤਕਾਲੀ ਮੁੱਖ ਸਕੱਤਰ ਡਾਕਟਰ ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਮੀਤ ਸਕੱਤਰ ਗੁਰਬਚਨ ਸਿੰਘ, ਮੀਤ ਸਕੱਤਰ ਫਾਈਨੈਂਸ ਸਤਿੰਦਰ ਸਿੰਘ, ਨਿਸ਼ਾਨ ਸਿੰਘ ਬੀਜ ਸਕੱਤਰ, ਇੰਚਾਰਜ ਪਰਮਜੀਤ ਸਿੰਘ, ਗੁਰਮੁਖ ਸਿੰਘ ਸੁਪਰਵਾਈਜ਼ਰ, ਅਕਾਊਂਟਡ ਜੁਝਾਰ ਸਿੰਘ, ਬਾਜ ਸਿੰਘ ਕਲਰਕ, ਹੈਲਪਰ ਦਲਬੀਰ ਸਿੰਘ, ਸਹਾਇਕ ਕਮਲਜੀਤ ਸਿੰਘ, ਜਿਲਦਸਾਜ ਕੁਲਵੰਤ ਸਿੰਘ, ਚਾਰਟਰ ਅਕਾਊਂਟਡ ਸੁਰਿੰਦਰ ਸਿੰਘ ਕੋਹਲੀ ਅਤੇ ਅਮਰਜੀਤ ਸਿੰਘ ਸੇਵਾਦਾਰ ਅੰਗੂਠਾ ਸਾਹਿਬ ਗੋਇੰਦਵਾਲ ਅਤੇ ਹੋਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਵਰਨਣਯੋਗ ਹੈ ਕਿ ਸਿੱਖ ਸਦਭਾਵਨਾ ਦਲ ਨੇ ਇਸ ਸਬੰਧੀ ਲੰਮੇ ਸਮੇਂ ਤੋਂ ਹੈਰੀਟੇਜ ਸਟਰੀਟ ’ਤੇ ਪੱਕਾ ਮੋਰਚਾ ਲਾਇਆ ਹੋਇਆ ਸੀ। ਇਸ ਧਰਨੇ ਵਿੱਚ ਕੱਲ੍ਹ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਬਾਬਾ ਸਰਬਜੋਤ ਸਿੰਘ ਬੇਦੀ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਲ ਹੋਈਆਂ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਧਰਨੇ ਵਿੱਚ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲਿਆ ਅਤੇ ਇਨਸਾਫ਼ ਦਾ ਭਰੋਸਾ ਦਿੱਤਾ।
