ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ 5ਵੀਂ ਵਾਰ ਧਮਕੀ ਮਿਲੀ ਹੈ। ਕੱਲ੍ਹ ਤਿੰਨ ਆਈਆਂ ਧਮਕੀ ਭਰੀਆਂ ਈਮੇਲਾਂ ਤੋਂ ਬਾਅਦ, ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਪੰਜ ਈਮੇਲ ਪ੍ਰਾਪਤ ਹੋਏ ਹਨ। ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਲਗਾਤਾਰ ਮਿਲ ਰਹੀਆਂ ਧਮਕੀਆਂ ਨੇ ਸ਼ਹਿਰ ਵਿੱਚ ਸਨਸਨੀ ਫੈਲਾ ਦਿੱਤੀ ਹੈ, ਉਥੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ਜਾਰੀ ਕਰਦਿਆਂ ਹੋਰ ਚੌਕਸ ਕਰ ਦਿੱਤਾ ਹੈ।
ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ, ‘ਮਾਮਲੇ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੇਲ ਦੀ ਸਮੱਗਰੀ ਤਾਮਿਲਨਾਡੂ ਨਾਲ ਸਬੰਧਤ ਹੈ। ਇਸ ਕਾਰਣ ਪੰਜਾਬ ਪੁਲਿਸ ਵੀ ਤਾਮਿਲਨਾਡੂ ਪੁਲਿਸ ਦੇ ਸੰਪਰਕ ਵਿੱਚ ਹੈ। ਇਹ ਧਮਕੀ ਭਰੀਆਂ ਈਮੇਲਜ਼ ਇੱਕ ਖਾਸ ਆਈਟੀ ਕੰਪਨੀ ਦੇ ਮੇਲ ਸਿਸਟਮ ਤੋਂ ਭੇਜੀਆਂ ਗਈਆਂ ਹਨ ਅਤੇ ਪੁਲਿਸ ਉਸ ਕੰਪਨੀ ਰਾਹੀਂ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੁਲਿਸ ਤੁਹਾਡੀ ਸੁਰੱਖਿਆ ਲਈ ਹੈ, ਅਫਵਾਹਾਂ ਵੱਲ ਧਿਆਨ ਨਾ ਦਿਮਦਿਆਂ, ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਰੂਰ ਸੂਚਿਤ ਕੀਤਾ ਜਾਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਗੁਰਦੁਆਰੇ ਨੂੰ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਸੁਚੇਤ ਹੈ। ਇਸੇ ਸਬੰਧੀ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਕੱਲ੍ਹ ਐਸਜੀਪੀਸੀ ਪ੍ਰਧਾਨ ਨੂੰ ਮਿਲਣ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਭਾਜਪਾ ਇਸ ਗੰਭੀਰ ਮੁੱਦੇ ਬਾਰੇ ਚਿੰਤਤ ਹੈ ਅਤੇ ਪਾਰਟੀ ਜਲਦੀ ਹੀ ਇਸ ਦਾ ਵਿਰੋਧ ਕਰਨ ਲਈ ਸੜਕਾਂ ‘ਤੇ ਉਤਰੇਗੀ। ਸ਼ਵੇਤ ਮਲਿਕ ਨੇ ਕਿਹਾ, ‘ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਵਿਗੜ ਗਈ ਹੈ। ਡਕੈਤੀ, ਕਤਲ ਅਤੇ ਹੁਣ ਧਾਰਮਿਕ ਸਥਾਨਾਂ ਨੂੰ ਧਮਕੀਆਂ ਬਹੁਤ ਸ਼ਰਮਨਾਕ ਹਨ। ਅਸੀਂ ਇਸ ਸੰਕਟ ਦੀ ਘੜੀ ਵਿੱਚ ਐਸਜੀਪੀਸੀ ਦੇ ਨਾਲ ਖੜ੍ਹੇ ਹਾਂ। ਪਰ ਇਹ ਮੰਦਭਾਗਾ ਹੈ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਦਾ ਕੋਈ ਨੋਟਿਸ ਨਹੀਂ ਲਿਆ। ਮੁੱਖ-ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦਾ ਮੰਤਰੀ ਮੰਡਲ ਇਸ ਸੰਵੇਦਨਸ਼ੀਲ ਮਾਮਲੇ ਤੋਂ ਅਣਜਾਣ ਜਾਪਦਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇਸ਼ ਅਤੇ ਦੁਨੀਆ ਭਰ ਦੀਆਂ ਸੰਗਤਾਂ ਦੀ ਆਸਥਾ ਦਾ ਪ੍ਰਤੀਕ ਹੈ, ਅਤੇ ਇਹ ਬਹੁਤ ਮੰਦਭਾਗਾ ਹੈ ਕਿ ਅਜਿਹੇ ਪਵਿੱਤਰ ਸਥਾਨ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ। ਭਾਜਪਾ ਨੇ ਐਸਜੀਪੀਸੀ ਨੂੰ ਸੁਰੱਖਿਆ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਸਜ਼ਾ ਦਿੱਤੀ ਜਾਵੇ।