ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨਿਵੇਸ਼ਕਾਂ ਲਈ 35 ਸਾਲ ਪੁਰਾਣੇ ਵੀਜ਼ੇ ਦੀ ਥਾਂ ’ਤੇ 50 ਲੱਖ ਡਾਲਰ ’ਚ ਗੋਲਡ ਕਾਰਡ ਪੇਸ਼ ਕਰਨ ਦੀ ਯੋਜਨਾ ਬਣਾਈ ਹੈ ਜਿਸ ਨੂੰ ਲੈਣ ਵਾਲੇ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯੋਗ ਹੋ ਜਾਣਗੇ। ਟਰੰਪ ਨੇ ਓਵਲ ਦਫ਼ਤਰ ’ਚ ਕਿਹਾ, ‘‘ਅਮੀਰ ਅਤੇ ਸਫ਼ਲ ਵਿਅਕਤੀ ਇਹ ਵੀਜ਼ਾ ਲੈ ਸਕਦੇ ਹਨ। ਉਹ ਕਾਫੀ ਪੈਸਾ ਨਿਵੇਸ਼ ਕਰਨਗੇ, ਬਹੁਤ ਸਾਰਾ ਟੈਕਸ ਅਦਾ ਕਰਨਗੇ, ਬਹੁਤ ਸਾਰੇ ਲੋਕਾਂ ਨੂੰ ਨੌਕਰੀ ਦੇਣਗੇ ਅਤੇ ਮੈਨੂੰ ਜਾਪਦਾ ਹੈ ਕਿ ਇਹ ਯੋਜਨਾ ਬਹੁਤ ਹੀ ਸਫ਼ਲ ਹੋਣ ਵਾਲੀ ਹੈ।’’ ਟਰੰਪ ਨੇ ਕਿਹਾ ਕਿ ਗੋਲਡ ਕਾਰਡ ਇਕ ਗਰੀਨ ਕਾਰਡ ਵਰਗਾ ਹੋਵੇਗਾ ਪਰ ਕਿਸੇ ਵੀ ਤਰ੍ਹਾਂ ਦੀ ਕੋਈ ਗੜਬੜ ਨਹੀਂ ਹੋਵੇਗੀ ਅਤੇ ਇਸ ਕਾਰਡ ਲਈ ਕਾਂਗਰਸ ਦੀ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ।
ਵਣਜ ਸਕੱਤਰ ਹਾਵਰਡ ਲੁਟਨਿਕ ਨੇ ਕਿਹਾ ਕਿ ਦੋ ਹਫ਼ਤਿਆਂ ’ਚ ‘ਟਰੰਪ ਗੋਲਡ ਕਾਰਡ’ ਈਬੀ-5 ਵੀਜ਼ੇ ਦੀ ਥਾਂ ਲੈ ਲਵੇਗਾ। ਸੰਸਦ ਨੇ 1990 ’ਚ ਵਿਦੇਸ਼ੀ ਨਿਵੇਸ਼ ਨੂੰ ਧਿਆਨ ’ਚ ਰਖਦਿਆਂ ਈਬੀ-5 ਵੀਜ਼ਾ ਯੋਜਨਾ ਪੇਸ਼ ਕੀਤੀ ਸੀ ਅਤੇ ਇਹ 10 ਲੱਖ ਅਮਰੀਕੀ ਡਾਲਰ ਦਾ ਨਿਵੇਸ਼ ਕਰਨ ਵਾਲੇ ਵਿਅਕਤੀਆਂ ਨੂੰ ਮਿਲਦੀ ਸੀ। ਹੋਮਲੈਂਡ ਸਕਿਉਰਿਟੀ ਵਿਭਾਗ ਦੇ ਇਮੀਗਰੇਸ਼ਨ ਸਬੰਧੀ ਸਾਲਾਨਾ ਅੰਕੜਿਆਂ ਮੁਤਾਬਕ 30 ਸਤੰਬਰ, 2022 ਤੱਕ 12 ਮਹੀਨਿਆਂ ਦੌਰਾਨ ਕਰੀਬ 8 ਹਜ਼ਾਰ ਵਿਅਕਤੀਆਂ ਨੇ ਨਿਵੇਸ਼ਕ ਵੀਜ਼ਾ ਲਿਆ ਸੀ। ਸੰਸਦ ਦੀ ਖੋਜ ਸੇਵਾ ਨੇ 2021 ’ਚ ਕਿਹਾ ਸੀ ਕਿ ਈਬੀ-5 ਵੀਜ਼ਾ ’ਚ ਧੋਖਾਧੜੀ ਦਾ ਖ਼ਤਰਾ ਬਣਿਆ ਰਹਿੰਦਾ ਹੈ।