ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੂੰ 10ਵੀਂ ਤੇ 12ਵੀਂ ਕਲਾਸ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਪੰਜਾਬੀ ਨੂੰ ਮਾਮੂਲੀ ਵਿਸ਼ਾ ਬਣਾਉਣ ਬਾਰੇ ਆਪਣਾ ਫੈਸਲਾ ਵਾਪਸ ਲੈਣ ਦੀ ਅਪੀਲੀ ਕੀਤੀ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ ਸੰਵਿਧਾਨ ਦੀ ਭਾਵਨਾ ਖ਼ਿਲਾਫ਼ ਹੈ। ਸੰਵਿਧਾਨ ’ਚ ਸੂਬਾਈ ਭਾਸ਼ਾਵਾਂ ਨੂੰ ਸੂਬਿਆਂ ’ਚ ਮੁੱਖ ਤਰਜੀਹ ਦਿੰਦੇ ਸੰਘੀ ਸਿਧਾਂਤਾਂ ਨੂੰ ਵੀ ਮਹੱਤਤ ਦਿੱਤੀ ਗਈ ਹੈ। ਚੀਮਾ ਨੇ ਕਿਹਾ ਕਿ ਸੀਬੀਐੱਸਈ ਨੂੰ ਇਸ ਗੱਲ ਦਾ ਨੋਟਿਸ ਲੈਣਾ ਚਾਹੀਦਾ ਹੈ ਕਿ ਪੰਜਾਬ ਲੈਂਗੂਏਜ ਐਕਟ ਤਹਿਤ ਪੰਜਾਬੀ ਇਕ ਪ੍ਰਮੁੱਖ ਤੇ ਲਾਜ਼ਮੀ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨਾਲ ਇਹ ਸੰਕੇਤ ਦਿੱਤਾ ਗਿਆ ਹੈ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਤੋਂ ਉਨ੍ਹਾਂ ਦੀ ਮਾਂ ਬੋਲੀ ਤੋਂ ਪਾਸੇ ਕਰਨਾ ਚਾਹੁੰਦਾ ਹੈ।