ਸ਼੍ਰੀਨਗਰ – ਸ਼੍ਰੀਨਗਰ ’ਚ ਅੱਤਵਾਦੀਆਂ ਨੇ ਇਕ ਵਾਰ ਫਿਰ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ। ਇਹ ਹਮਲਾ ਬੇਮਿਨਾ ਸਥਿਤ ਸਕਿਮਸ ਹਸਪਤਾਲ ਦੇ ਨਾਲ ਲੱਗਦੇ ਜੇਵੀਸੀ ਹਸਪਤਾਲ ਦੇ ਬਾਹਰ ਤਾਇਨਾਤ ਸੁਰੱਖਿਆ ਕਰਮਚਾਰੀਆਂ ’ਕੇ ਕੀਤਾ ਗਿਆ। ਅੱਤਵਾਦੀ ਅਚਾਨਕ ਆਏ ਅਤੇ ਉਨ੍ਹਾਂ ਨੇ ਹਸਪਤਾਲ ਦੇ ਬਾਹਰ ਨਾਕੇ ’ਤੇ ਤਾਇਨਾਤ ਸੁਰੱਖਿਆ ਬਲਾਂ ’ਤੇ ਗੋਲ਼ੀਆਂ ਬਰਸਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ’ਚ ਫਿਲਹਾਲ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਅੱਤਵਾਦੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਗੋਲੀ ਚੱਲਣ ਦੀ ਆਵਾਜ਼ ਸੁਣਦੇ ਹੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੌਰਾਨ ਅੱਤਵਾਦੀ ਮੌਕਾ ਪਾ ਕੇ ਉੱਥੋਂ ਭੱਜਣ ਵਿੱਚ ਕਾਮਯਾਬ ਹੋ ਗਏ। ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਸੁਰੱਖਿਆ ਬਲਾਂ ‘ਤੇ ਹਮਲਾ ਕਰਨ ਵਾਲੇ ਕਿੰਨੇ ਅੱਤਵਾਦੀ ਸਨ। ਘਟਨਾ ਦੀ ਜਾਣਕਾਰੀ ਹਾਸਲ ਕਰਨ ਲਈ ਮੌਕੇ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜੇਵੀਸੀ ਹਸਪਤਾਲ ਦੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਘੇਰ ਲਿਆ ਗਿਆ ਹੈ।ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਹਮਲਾਵਰ ਨੇੜੇ-ਤੇੜੇ ਹੀ ਕਿਤੇ ਲੁਕੇ ਹੋਣਗੇ, ਉਨ੍ਹਾਂ ਨੂੰ ਲੱਭਣ ਲਈ ਪੁਲਿਸ, ਸੀਆਰਪੀਐਫ ਅਤੇ ਫੌਜ ਦੇ ਜਵਾਨਾਂ ਨੇ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਅਜੇ ਤਕ ਕਿਸੇ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਹੋਰ ਵੇਰਵਿਆਂ ਦੀ ਅਜੇ ਉਡੀਕ ਹੈ।