ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਮੌਜੂਦਾ ਪ੍ਰਧਾਨ ਸੌਰਵ ਗਾਂਗੁਲੀ ਨੂੰ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ.ਸੀ.ਸੀ.) ‘ਚ ਵੱਡੀ ਜ਼ਿੰਮੇਵਾਰੀ ਮਿਲੀ ਹੈ। ਆਈਸੀਸੀ ਨੇ ਸੌਰਵ ਗਾਂਗੁਲੀ ਨੂੰ ਆਈਸੀਸੀ ਪੁਰਸ਼ ਕ੍ਰਿਕਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪਿਛਲੇ ਕਰੀਬ ਇੱਕ ਦਹਾਕੇ ਤੋਂ ਇਸ ਅਹੁਦੇ ‘ਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਅਤੇ ਕੋਚ ਅਨਿਲ ਕੁੰਬਲੇ ਨੇ ਹੁਣ ਆਪਣਾ ਕਾਰਜਕਾਲ ਪੂਰਾ ਕਰ ਲਿਆ ਹੈ।
ਆਈਸੀਸੀ ਨੇ ਬੁੱਧਵਾਰ ਨੂੰ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਹੁਣ ਸੌਰਵ ਗਾਂਗੁਲੀ ਆਈਸੀਸੀ ਪੁਰਸ਼ ਕ੍ਰਿਕਟ ਕਮੇਟੀ ਦੇ ਮੁਖੀ ਹੋਣਗੇ। ਉਨ੍ਹਾਂ ਤੋਂ ਪਹਿਲਾਂ ਅਨਿਲ ਕੁੰਬਲੇ ਇਸ ਅਹੁਦੇ ‘ਤੇ ਸਨ। ਅਨਿਲ ਕੁੰਬਲੇ ਨੇ ਤਿੰਨ-ਤਿੰਨ ਸਾਲਾਂ ਦਾ ਆਪਣਾ ਕਾਰਜਕਾਲ ਪੂਰਾ ਕਰ ਲਿਆ ਹੈ ਅਤੇ ਹੁਣ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਿਲ ਕੁੰਬਲੇ ਪਿਛਲੇ 9 ਸਾਲਾਂ ਤੋਂ ਇਸ ਅਹੁਦੇ ‘ਤੇ ਬਣੇ ਹੋਏ ਸਨ ਪਰ ਹੁਣ ਬੀਸੀਸੀਆਈ ਦੇ ਚੇਅਰਮੈਨ ਸੌਰਵ ਗਾਂਗੁਲੀ ਨੂੰ ਇਹ ਵੱਡੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।