ਨਵੀਂ ਦਿੱਲੀ – ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੇ ਇਕ ਐੱਨਜੀਓ ਨੂੰ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਅਪੀਲ ਦਾਇਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਇਕ ਗੈਰ ਸਰਕਾਰੀ ਸੰਗਠਨ (ਐੱਨਜੀਓ) ਨੇ ਅਸਥਾਨਾ ਦੀ ਨਿਯੁਕਤੀ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ ਪਰ ਹਾਈ ਕੋਰਟ ਨੇ ਅਸਥਾਨਾ ਨੂੰ ਸੇਵਾ ਮੁਕਤੀ ਦੀ ਤਰੀਕ 31 ਜੁਲਾਈ ਤੋਂ ਚਾਰ ਦਿਨ ਪਹਿਲਾਂ ਦਿੱਲੀ ਪੁਲਿਸ ਕਮਿਸ਼ਨਰ ਬਣਾਉਣ ਦੇ ਕੇਂਦਰ ਦੇ ਫੈਸਲੇ ਨੂੰ ਸਹੀ ਠਹਿਰਾਇਆ ਸੀ। ਸੁਪਰੀਮ ਕੋਰਟ ਦੇ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਏਐੱਸ ਬੋਪੰਨਾ ਦੇ ਬੈਂਚ ਨੇ ਕਿਹਾ ਕਿ ਐੱਨਜੀਓ ਦੀ ਪਟੀਸ਼ਨ ਤੇ ਅਪੀਲ ’ਤੇ ਹੁਣ 26 ਨਵੰਬਰ ਨੂੰ ਸੁਣਵਾਈ ਹੋਵੇਗੀ।ਐੱਨਜੀਓ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਬੈਂਚ ਨੂੰ ਕਿਹਾ ਕਿ ਅਸਥਾਨਾ ਦੀ ਨਿਯੁਕਤੀ ਦੇ ਵਿਰੁੱਧ ’ਚ ਉਸਦੀ ਪਟੀਸ਼ਨ ਸੁਪਰੀਮ ਕੋਰਟ ਨੇ 25 ਅਗਸਤ ਨੂੰ ਪੈਂਡਿੰਗ ਰੱਖੀ ਸੀ ਤੇ ਹਾਈ ਕੋਰਟ ਨੂੰ ਇਸੇ ਤਰ੍ਹਾਂ ਦੇ ਇਕ ਪਟੀਸ਼ਨ ’ਤੇ ਜਲਦੀ ਫੈਸਲਾ ਦੇਣ ਨੂੰ ਕਿਹਾ ਸੀ। ਭੂਸ਼ਣ ਨੇ ਕਿਹਾ ਕਿ ਹੁਣ ਜਦੋਂ ਹਾਈ ਕੋਰਟ ਨੇ ਫੈਸਲਾ ਦੇ ਦਿੱਤਾ ਹੈ ਤਾਂ ਸੁਪਰੀਮ ਕੋਰਟ ਸਾਡੀ ਪਟੀਸ਼ਨ ’ਤੇ ਫੈਸਲਾ ਦੇਵੇ।ਕੇਂਦਰ ਸਰਕਾਰ ਵੱਲੋਂ ਪੇਸ਼ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਤਕਨੀਕੀ ਆਧਾਰ ’ਤੇ ਇਤਰਾਜ਼ ਪ੍ਰਗਟਾਇਆ ਤੇ ਕਿਹਾ ਕਿ ਇਹ ਇਕ ਰਿੱਟ ਪਟੀਸ਼ਨ ਹੈ ਤੇ ਜੇਕਰ ਭੂਸ਼ਣ ਹਾਈ ਕੋਰਟ ਦੇ ਆਦੇਸ਼ ਤੋਂ ਅਸੰਤੁਸ਼ਟ ਹੈ ਤਾਂ ਉਨ੍ਹਾਂ ਸੁਪਰੀਮ ਕੋਰਟ ਦੀ ਮਨਜ਼ੂਰੀ ਨਾਲ ਅਪੀਲ ਦਾਇਰ ਕਰਨੀ ਚਾਹੀਦੀ ਹੈ। ਬੈਂਚ ਨੇ ਕਿਹਾ ਕਿ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆਏ ਹਨ। ਜੇਕਰ ਕੋਈ ਹਾਈ ਕੋਰਟ ਦੇ ਫੈਸਲੇ ਤੋਂ ਅਸੰਤੁਸ਼ਟ ਹੈ ਤਾਂ ਉਹ ਸੁਪਰੀਮ ਕੋਰਟ ਦੀ ਮਨਜ਼ੂਰੀ ਨਾਲ ਅਪੀਲ ਦਾਇਰ ਕਰ ਸਕਦਾ ਹੈ।ਉਧਰ, ਅਸਥਾਨਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਜੇਕਰ ਸੁਪਰੀਮ ਕੋਰਟ ਮਨਜ਼ੂਰੀ ਦੇ ਰਿਹਾ ਤਾਂ ਉਸ ਨੂੰ ਰਿੱਟ ਪਟੀਸ਼ਨ ਪੈਂਡਿੰਗ ਨਹੀਂ ਰੱਖਣੀ ਚਾਹੀਦੀ। ਬੈਂਚ ਨੇ ਕਿਹਾ ਕਿ ਉਹ ਇਸ ਪਹਿਲੂ ’ਤੇ 26 ਨਵੰਬਰ ਨੂੰ ਗੌਰ ਕਰੇਗੀ।
previous post
