ਹੁਸ਼ਿਆਰਪੁਰ – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਨੂੰ ਹੁਸ਼ਿਆਰਪੁਰ ਦੀ ਇਕ ਅਦਾਲਤ ਨੇ ਸੰਮਨ ਜਾਰੀ ਕਰਕੇ 22 ਨਵੰਬਰ 2021 ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਸਨ,ਪਰ ਇਸ ਮਾਮਲੇ ਵਿੱਚ ਸੋਮਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਇੱਕ ਵਾਰ ਫਿਰ ਤੋਂ ਪੇਸ਼ ਨਹੀਂ ਹੋਏ। ਉਨ੍ਹਾਂ ਦੀ ਬਜਾਏ ਡਾ.ਦਲਜੀਤ ਸਿੰਘ ਚੀਮਾ ਅਦਾਲਤ ਵਿੱਚ ਪੇਸ਼ ਹੋਣ ਲਈ ਆਏ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਵਕੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਐਡਵੋਕੇਟ ਹਰਜੋਤ ਸਿੰਘ ਨੇ ਮਾਮਲੇ ਦੀ ਪੈਰਵਾਈ ਕੀਤੀ।ਹੁਸ਼ਿਆਰਪੁਰ ਦੇ ਮਾਣਯੋਗ ਏ ਸੀ ਜੇ ਐੱਮ ਰੁਪਿੰਦਰ ਸਿੰਘ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ 21 ਦਸੰਬਰ 2021 ਨੂੰ ਹੁਸ਼ਿਆਰਪੁਰ ਦੀ ਇਸ ਅਦਾਲਤ ‘ਚ ਨਿੱਜੀ ਰੂਪ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਮਾਮਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਦੋ ਸੰਵਿਧਾਨ ਰੱਖਣ ਦਾ ਹੈ ਜਿਸ ਸਬੰਧ ਵਿਚ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਟਿਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਤੇ ਸੱਕਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਖਿਲਾਫ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੋਇਆ ਹੈ।ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਡਾ ਦਲਜੀਤ ਸਿੰਘ ਚੀਮਾ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ।ਜਦਕਿ ਮਾਮਲੇ ਵਿੱਚ ਗਵਾਹੀਆਂ ਦਰਜ ਕਰਵਾਉਣ ਤੋਂ ਪਹਿਲਾਂ ਤਿੰਨਾਂ ਮੁੱਖ ਵਿਅਕਤੀਆਂ ਦਾ ਅਦਾਲਤ ਵਿੱਚ ਪੇਸ਼ ਹੋਣਾ ਜ਼ਰੂਰੀ ਹੈ ਜਿਸ ਨੂੰ ਵੇਖਦਿਆਂ ਮਾਣਯੋਗ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਜੀ ਤੌਰ ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।