Punjab

ਮਜੀਠੀਆ ’ਤੇ ਕੇਸ ਦੇ ਡਰੋਂ ਅਕਾਲੀ ਦਲ ਕੋਰ ਕਮੇਟੀ ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਦੇਵੇਗੀ ਗ੍ਰਿਫ਼ਤਾਰੀ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਕਾਂਗਰਸ ਦੀ ਸਾਜ਼ਿਸ਼ ਦੇ ਖਿਲਾਫ ਰੋਸ ਪ੍ਰਗਟਾਉਣ ਲਈ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਭਲਕੇ ਇਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਗ੍ਰਿਫਤਾਰੀਆਂ ਦੇਣਗੇ।ਇਥੇ ਪਾਰਟੀ ਦੀ ਕੋਰ ਕਮੇਟੀ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਭਲਕੇ ਦੁੁਪਹਿਰ ਵੇਲੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਗ੍ਰਿਫਤਾਰੀਆਂ ਦੇਣਗੇ। ਇਸ ਮਗਰੋਂ ਜ਼ਿਲ੍ਹਾ ਪੱਧਰ ’ਤੇ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।ਕਾਂਗਰਸ ਪਾਰਟੀ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਸਾਜ਼ਿਸ਼ ਬੇਨਕਾਬ ਹੋਣ ਤੋਂ ਬਾਅਦ ਰਚੀ ਗਈ ਦੂਜੀ ਸਾਜ਼ਿਸ਼ ਦੇ ਵੇਰਵੇ ਸਾਂਝੇ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਕੋਲ ਪੱਕੀ ਖਬਰ ਹੈ ਕਿ ਮੁੱਖ ਮੰਤਰੀ ਨੇ ਡੀਜੀਪੀ ਨੂੰ ਮਜੀਠੀਆ ਦੇ ਖਿਲਾਫ ਝੂਠਾ ਕੇਸ ਦਰਜ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ। ਉਹਨਾਂ ਕਿਹਾ ਕਿ ਅਜਿਹਾ ਮੁੱਖ ਮੰਤਰੀ ਦੀ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ।ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਾਲ ਨਾਲ ਉਹਨਾਂ ਦੇ ਮੰਤਰੀ ਮੰਡਲ ਦੇ ਸਾਥੀ ਤੇ ਹੋਰ ਅਫਸਰ ਫੌਜਦਾਰੀ ਅਪਰਾਧ ਦੀ ਸਾਜ਼ਿਸ਼ ਵਿਚ ਸ਼ਾਮਲ ਹਨ। ਉਹਨਾਂ ਕਿਹਾ ਕਿ ਇਹਨਾਂ ਸਾਰਿਆਂ ’ਤੇ ਕੇਸ ਚਲਾਉਣਾ ਬਣਦਾ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਸਾਰੇ ਝੂਠੇ ਕੇਸਾਂ ਦੀ ਜਾਂਚ ਲਈ ਕਮਿਸ਼ਨ ਗਠਿਤ ਕੀਤਾ ਜਾਵੇਗਾ ਤੇ ਉਹਨਾਂ ਮੰਗ ਵੀ ਕੀਤੀ ਕਿ ਨਸ਼ਿਆਂ ਦੇ ਸਾਰੇ ਕੇਸ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ।ਬਾਦਲ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਚੰਨੀ ਤੇ ਸਿੱਧੂ ਸਰਕਾਰ ਦੀ ਹਾਰ ਮੁਹਾਜ਼ ’ਤੇ ਅਸਫਤਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਅਕਾਲੀ ਆਗੂਆਂ ਦੇ ਖਿਲਾਫ ਬਦਲਾਖੋਰੀ ਕਰਨ ਦੇ ਦੌੜ ਵਿਚ ਇਕ ਦੂਜੇ ਨੂੰ ਨੀਵਾਂ ਵਿਖਾਉਣ ’ਤੇ ਤੁਲੇ ਹਨ। ਉਹਨਾਂ ਕਿਹਾ ਕਿ ਅਸੀਂ ਇਸਨੂੰ ਅਕਾਲੀ ਦਲ ਲਈ ਚੁਣੌਤੀ ਵਜੋਂ ਲੈਂਦੇ ਹਾਂ ਤੇ ਖੁਲ ਦਿਲੀ ਨਾਲ ਇਸਨੂੰ ਸਵੀਕਾਰ ਕਰਦੇ ਹਾਂ। ਉਹਨਾਂ ਕਿਹਾ ਕਿ ਦੇਸ਼ ਭਰ ਵਿਚ ਕਿਸੇ ਵੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਕਿਸੇ ਵੀ ਪੁਲਿਸ ਥਾਣੇ ਵਿਚ ਸਰਦਾਰ ਮਜੀਠੀਆ ਖਿਲਾਫ ਕੋਈ ਕੇਸ ਦਰਜ ਨਹੀਂ ਹੈ। ਉਹਨਾਂ ਕਿਹਾ ਕਿ ਬੀਤੇ ਸਮੇਂ ਵਿਚ ਅਰਵਿੰਦ ਕੇਜਰੀਵਾਲ ਵਰਗੇ ਜਿਹਨਾਂ ਨੇ ਉਹਨਾਂ ’ਤੇ ਦੋਸ਼ ਲਗਾਏ ਸਨ, ਉਹ ਵੀ ਜੇਲ੍ਹ ਜਾਣ ਦੇ ਡਰੋਂ ਮਾਫੀਆਂ ਮੰਗ ਗਏ। ਉਹਨਾਂ ਕਿਹਾ ਕਿ ਹੁਣ ਨਵਾਂ ਸੱਤਾ ਦੇ ਨਸ਼ੇ ਵਿਚ ਚੂਰ ਚੰਨੀ ਉਸ ਰਾਹ ਪੈ ਕੇ ਵਿਖਾਉਣ ਜਿਥੇ ਹੋਰ ਫੇਲ੍ਹ ਹੋ ਗਏ।

ਪਾਰਟੀ ਨੇ ਐਲਾਨ ਕੀਤਾ ਕਿ ਅਜਿਹੀਆਂ ਘਟੀਆ ਤਰਕੀਬਾਂ ਤੇ ਬਦਲਾਖੋਰੀ ਦੀਆਂ ਕਾਰਵਾਈਆਂ ਅਕਾਲੀ ਦਲ ਨੂੰ ਸਰਕਾਰ ਦੀਆਂ ਅਸਫਲਤਾ ਉਜਾਗਰ ਕਰਨ ਤੇ ਲੋਕਪ੍ਰਿਅਤਾ ਹਾਸਲ ਕਰਨ ਲਈ ਖੋਖਲੇ ਐਲਾਨਾਂ ਜੋ ਲਾਗੂ ਹੀ ਨਹੀਂ ਹੋ ਸਕੇ, ਦੇ ਦੋਗਲੇਪਣ ਨੂੰ ਬੇਨਕਾਬ ਕਰਨ ਤੋਂ ਰੋਕ ਨਹੀਂ ਸਕਦੀਆਂ।

ਇਸ ਦੌਰਾਨ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੀ ਜਿੱਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਜਿੱਤ ਨੇ ਦੁਨੀਆਂ ਭਰ ਵਿਚ ਵਿਲੱਖਣ ਮਿਸਾਲ ਪੇਸ਼ ਕੀਤੀ ਹੈ ਜਿਥੇ ਜਿੱਤ ਦਾ ਟੀਚਾ ਸ਼ਾਂਤੀਪੂਰਨ ਤੇ ਲੋਕਤੰਤਰੀ ਤਰੀਕੇ ਨਾਲ ਪ੍ਰਾਪਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਅਕਾਲੀ ਦਲ ਦੀ ਗੱਲ ਸੁਣੀ ਹੁੰਦੀ ਤਾਂ ਫਿਰ ਇਹ ਦਿਨ ਨਾ ਵੇਖਣੇ ਪੈਂਦੇ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਕਿਸਾਨੀ ਸੰਘਰਸ਼ ਵਿਚ ਆਪਣਾ ਪੂਰਾ ਯੋਗਦਾਨ ਪਾਇਆ ਹੈ ਤੇ ਐਨਡੀਏ ਨਾਲ ਗਠਜੋੜ ਵੀ ਤੋੜਿਆ, ਕੇਂਦਰੀ ਵਜ਼ਾਰਤ ਵੀ ਛੱਡੀ ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਆਪਣਾ ਪਦਮ ਵਿਭੂਸ਼ਣ ਵੀ ਮੋੜ ਦਿੱਤਾ। ਉਹਨਾਂ ਨੇ ਕਿਸਾਨ ਅੰਦੋਲਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਏ ਯੋਗਦਾਨ ਨੂੰ ਵੀ ਚੇਤੇ ਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਐਮਐਸਪੀ ਨੂੰ ਕਾਨੂੰਨੀ ਹੱਕ ਬਣਾਵੇ ਤੇ ਕਿਸਾਨ ਖਿਲਾਫ ਸੰਘਰਸ਼ ਦੌਰਾਨ ਦਰਜ ਹੋਏ ਸਾਰੇ ਕੇਸ ਵਾਪਸ ਲਵੇ।

ਕੋਰ ਕਮੇਟੀ ਦੀ ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਜਗਮੀਤ ਸਿੰਘ ਬਰਾੜ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜ੍ਹੀਆ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬਲਦੇਵ ਮਾਨ, ਸ਼ਰਨਜੀਤ ਸਿੰਘ ਢਿੱਲੋਂ ਤੇ ਹਰਮੀਤ ਸਿੰਘ ਕਾਲਕਾ ਨੇ ਵੀ ਭਾਗ ਲਿਆ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin