ਕਾਬੁਲ – ਭਿਆਨਕ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਅਫ਼ਗਾਨਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਮੁਹੰਮਦ ਹਸਨ ਅਖੁੰਦ ਨੇ ਸ਼ਨਿਚਰਵਾਰ ਨੂੰ ਆਪਣੇ ਪਹਿਲੇ ਜਨਤਕ ਸੰਬੋਧਨ ’ਚ ਦੁਨੀਆ ਨੂੰ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਦਾ ਦੇਸ਼ ਹੋਰਨਾਂ ਸਾਰੇ ਦੇਸ਼ਾਂ ਨਾਲ ਚੰਗੇ ਸਬੰਧ ਰੱਖਣਾ ਚਾਹੁੰਦਾ ਹੈ। ਅਫ਼ਗਾਨਿਸਤਾਨ ਸਾਰੇ ਦੇਸ਼ਾਂ ਨਾਲ ਆਰਥਿਕ ਰਿਸ਼ਤੇ ਮਜ਼ਬੂਤ ਕਰਨਾ ਚਾਹੁੰਦਾ ਹੈ। ਅਸੀਂ ਕਿਸੇ ਵੀ ਦੇਸ਼ ਦੇ ਕੌਮਾਂਤਰੀ ਮਾਮਲਿਆਂ ’ਚ ਦਖ਼ਲ ਨਹੀਂ ਕਰਨਾ ਚਾਹੁੰਦੇ।’ ਅਖੁੰਦ ਨੇ ਸਾਰੇ ਦੇਸ਼ਾਂ ਨੂੰ ਅਫ਼ਗਾਨਿਸਤਾਨ ਦੇ ਨਾਗਰਿਕਾਂ ਲਈ ਮਦਦ ਜਾਰੀ ਰੱਖਣ ਦੀ ਅਪੀਲ ਕੀਤੀ। ਟੀਵੀ ’ਤੇ ਸੰਬੋਧਨ ਦੌਰਾਨ ਅਖੁੰਦ ਨੇ ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ’ਤੇ ਭ੍ਰਿਸ਼ਟਾਚਾਰ ਤੇ ਵਿੱਤੀ ਹੇਰਾਫੇਰੀ ਦਾ ਦੋਸ਼ ਲਗਾਇਆ। ਅਖੁੰਦ ਨੇ ਕਿਹਾ ਕਿ ਤਾਲਿਬਾਨ ਦੇ ਸੱਤਾ ’ਚ ਆਉਣ ਤੋਂ ਪਹਿਲਾਂ ਵੀ ਦੇਸ਼ ਆਰਥਿਕ ਸੰਕਟ ’ਚੋਂ ਲੰਘ ਰਿਹਾ ਸੀ। ਸੈਂਟਰਲ ਬੈਂਕ ਦੀਆਂ ਜਾਇਦਾਦਾਂ ਮੁਕਤ ਕਰ ਦਿੱਤੀਆਂ ਗਈਆਂ ਤਾਂ ਅਫ਼ਗਾਨਿਸਤਾਨ ਦਾ ਆਰਥਿਕ ਸੰਕਟ ਦੂਰ ਹੋ ਜਾਵੇਗਾ।ਅਖੁੰਦ ਨੇ ਦਾਅਵਾ ਕੀਤਾ ਕਿ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰ ਮੁਹੱਈਆ ਕਰਵਾਏ ਹਨ। ਸਰਕਾਰ ਕੁੜੀਆਂ ਦੀ ਸਿੱਖਿਆ ਲਈ ਹਾਲਾਤ ਨੂੰ ਬਿਹਤਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਚੈਂਬਰ ਆਫ ਕਾਮਰਸ ਐਂਡ ਇਨਵੈਸਟਮੈਂਟ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅਫ਼ਗਾਨਿਸਤਾਨ ਤੋਂ ਈਰਾਨ ਨੂੰ ਹੋਣ ਵਾਲੀ ਬਰਾਮਦ ’ਚ 50 ਫ਼ੀਸਦੀ ਦਾ ਵਾਧਾ ਹੋਇਆ ਹੈ। ਈਰਾਨ ਨੂੰ 1.7 ਕਰੋੜ ਡਾਲਰ ਦੀ ਕੀਮਤ ਦੀ ਸਮੱਗਰੀ ਦੀ ਬਰਾਮਦ ਕੀਤੀ ਜਾ ਚੁੱਕੀ ਹੈ।