ਨਵੀਂ ਦਿੱਲੀ – ਸ਼ਨੀਵਾਰ ਨੂੰ ਉੱਤਰ-ਪੂਰਬੀ ਸੂਬਾ ਨਾਗਾਲੈਂਡ ‘ਚ ਗੋਲੀਬਾਰੀ ਦੀ ਘਟਨਾ ‘ਚ 11 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਨਾਗਾਲੈਂਡ ਦੇ ਮੋਨ ਜ਼ਿਲ੍ਹੇ ਦੇ ਓਟਿੰਗ ਦੀ ਹੈ। ਮੁੱਖ ਮੰਤਰੀ ਨੇਫਿਓ ਰੀਓ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਲਈ ਐਸਆਈਟੀ ਟੀਮ ਗਠਿਤ ਕਰਨ ਦੇ ਹੁਕਮ ਦਿੱਤੇ ਹਨ।
ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਅੱਤਵਾਦੀ ਸਮਝ ਕੇ ਕੁਝ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਘਟਨਾ ਤੋਂ ਬਾਅਦ ਲੋਕ ਗੁੱਸੇ ‘ਚ ਆ ਗਏ ਅਤੇ ਉਨ੍ਹਾਂ ਨੇ ਸੁਰੱਖਿਆ ਬਲਾਂ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ।ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਅਮਿਤ ਸ਼ਾਹ ਨੇ ਟਵੀਟ ਕਰਕੇ ਕਿਹਾ, ‘ਨਾਗਾਲੈਂਡ ਦੇ ਓਟਿੰਗ ‘ਚ ਹੋਈ ਮੰਦਭਾਗੀ ਘਟਨਾ ਤੋਂ ਦੁਖੀ ਹਾਂ। ਮੈਂ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਗਠਿਤ ਉੱਚ ਪੱਧਰੀ ਐਸ.ਆਈ.ਟੀ. ਘਟਨਾ ਦੀ ਡੂੰਘਾਈ ਨਾਲ ਜਾਂਚ ਕਰੇਗੀ।ਫ਼ੌਜੀ ਅਧਿਕਾਰੀਆਂ ਦੇ ਅਨੁਸਾਰ, ਮਿਆਂਮਾਰ ਦੀ ਸਰਹੱਦ ਨਾਲ ਲੱਗਦੇ ਮੋਨ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੀਆਂ ਸੰਭਾਵਿਤ ਗਤੀਵਿਧੀਆਂ ਬਾਰੇ ਭਰੋਸੇਯੋਗ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਅੱਤਵਾਦ ਵਿਰੋਧੀ ਕਾਰਵਾਈ ਕੀਤੀ ਗਈ ਸੀ। ਫ਼ੌਜ ਨੇ ਕਿਹਾ, ‘ਇਹ ਘਟਨਾ ਅਤੇ ਇਸ ਤੋਂ ਬਾਅਦ ਜੋ ਹੋਇਆ ਉਹ ਬੇਹੱਦ ਅਫ਼ਸੋਸ ਕਰਨ ਵਾਲਾ ਹੈ। ਲੋਕਾਂ ਦੀ ਮੌਤ ਦੀ ਇਸ ਮੰਦਭਾਗੀ ਘਟਨਾ ਦੇ ਕਾਰਨਾਂ ਦੀ ‘ਕੋਰਟ ਆਫ਼ ਇਨਕੁਆਰੀ’ ਰਾਹੀਂ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਬਿਆਨ ‘ਚ ਕਿਹਾ ਗਿਆ ਹੈ ਕਿ ਇਸ ਆਪਰੇਸ਼ਨ ‘ਚ ਸੁਰੱਖਿਆ ਕਰਮਚਾਰੀ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਅਤੇ ਇਕ ਜਵਾਨ ਦੀ ਮੌਤ ਹੋ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਥਲ ਸੈਨਾ ਮੁਖੀ ਜਨਰਲ ਐਮਐਮ ਨਰਵਾਣੇ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ।
