ਪਟਨਾ ਸਿਟੀ – ਅਗਲੇ ਸਾਲ ਯਾਨੀ 2022 ’ਚ ਸੱਤ ਤੋਂ ਨੌਂ ਜਨਵਰੀ ਤਕ ਪਟਨਾ ਸਿਟੀ ਸਥਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ’ਚ ਹੋਣ ਵਾਲੇ ਦਸਮੇਸ਼ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 355ਵੇਂ ਪ੍ਰਕਾਸ਼ ਪੁਰਬ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਟਨਾ ਸਾਹਿਬ ਆ ਸਕਦੇ ਹਨ। ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਅਤੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਪ੍ਰਬੰਧਕ ਕਮੇਟੀ ਵੱਲੋਂ ਗ੍ਰਹਿ ਮੰਤਰੀ ਨੂੰ ਸ਼ਾਲ, ਸਿਰੋਪਾ ਅਤੇ ਕਿਰਪਾਨ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰਧਾਨ ਅਵਤਾਰ ਸਿੰਘ ਹਿਤ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਦੇ ਸੱਦੇ ਨੂੰ ਸਵੀਕਾਰ ਕਰਦੇ ਹੋਏ ਪ੍ਰੋਗਰਾਮ ’ਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ’ਚ ਕਈ ਅਹਿਮ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਸੂਬਾ ਸਰਕਾਰ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਤਿਆਰੀਆਂ ਵਿਚ ਲੱਗੀ ਹੈ। 350ਵੇਂ ਪ੍ਰਕਾਸ਼ ਪੁਰਬ ਦੀ ਤਰ੍ਹਾਂ ਹੀ 355ਵੇਂ ਪ੍ਰਕਾਸ਼ ਪੁਰਬ ਦਾ ਸਮਾਗਮ ਵੀ ਸ਼ਾਨਦਾਰ ਹੋਵੇਗਾ। ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ’ਚ ਸੰਗਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।