ਚੰਡੀਗੜ੍ਹ – ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਰਾਰਾ ਝਟਕਾ ਦਿੱਤਾ ਹੈ। ਕਾਂਗਰਸ ਵੱਲੋਂ ਜਾਰੀ ਉੱਤਰਾਖੰਡ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਨਵਜੋਤ ਸਿੰਘ ਸਿੱਧੂ ਬਾਹਰ ਹੋ ਗਏ ਹਨ।ਹੁਣ ਤਕ ਕਾਂਗਰਸ ਵਧੀਆ ਬੁਲਾਰੇ ਹੋਣ ਕਾਰਨ ਸਿੱਧੂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕਰਦੀ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਕਾਂਗਰਸ ਨੇ ਇਸ ਸੂਚੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼ਾਮਲ ਕੀਤਾ ਹੈ, ਜਦੋਂ ਕਿ ਉਹ ਪੰਜਾਬ ਦੀਆਂ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਰਹੇ ਹਨ।
ਕਾਂਗਰਸ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਰਿਕਾਰਡਡ ਫ਼ੋਨ ਕਾਲਾਂ ਕਰਕੇ ਇਸ ਸਬੰਧੀ ਫੀਡਬੈਕ ਇਕੱਠੀ ਕਰ ਰਹੀ ਹੈ। ਇਸ ਦੇ ਨਾਲ ਹੀ ਚੰਨੀ ਨੂੰ ਦੋ ਸੀਟਾਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਉਮੀਦਵਾਰ ਬਣਾ ਕੇ ਪਾਰਟੀ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਸੰਕੇਤ ਵੀ ਦਿੱਤੇ ਗਏ ਹਨ। ਕਾਂਗਰਸ ਨੇ ਚੰਨੀ ਨੂੰ ਉਤਰਾਖੰਡ ਚੋਣ ਪ੍ਰਚਾਰ ਦੀ ਸੂਚੀ ਵਿੱਚ ਸ਼ਾਮਲ ਕਰਕੇ ਇਨ੍ਹਾਂ ਸੰਕੇਤਾਂ ਨੂੰ ਹੋਰ ਮਜ਼ਬੂਤ ਕੀਤਾ ਹੈ। ਜਦਕਿ ਸਿੱਧੂ ਇਕ ਅਤੇ ਚੰਨੀ ਦੋ ਸੀਟਾਂ ‘ਤੇ ਚੋਣ ਲੜ ਰਹੇ ਹਨ।