ਨਵੀਂ ਦਿੱਲੀ – ਕਰਨਾਟਕ ‘ਚ ਹਿਜਾਬ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ‘ਚ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਇਸ ਮਾਮਲੇ ‘ਚ ਕਿਉਂ ਕੁੱਦੀਏ। ਪਹਿਲਾਂ ਹਾਈ ਕੋਰਟ ਨੂੰ ਫੈਸਲਾ ਕਰਨ ਦਿਓ। ਇਸ ਮਾਮਲੇ ਵਿੱਚ ਵਕੀਲ ਕਪਿਲ ਸਿੱਬਲ ਨੇ ਸੁਣਵਾਈ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਸੀ। ਉਨ੍ਹਾਂ ਦਾ ਤਰਕ ਸੀ ਕਿ ਇਹ ਮਾਮਲਾ ਹੁਣ ਪੂਰੇ ਦੇਸ਼ ਵਿੱਚ ਫੈਲ ਰਿਹਾ ਹੈ। ਇਮਤਿਹਾਨ ਹੋਣ ਜਾ ਰਹੇ ਹਨ। ਅਜਿਹੇ ‘ਚ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ‘ਚ ਹੋਣੀ ਚਾਹੀਦੀ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਨੂੰ ਕਰਨ ਦਿਓ। ਅਸੀਂ ਦੇਖਾਂਗੇ ਕਿ ਅਸੀਂ ਅੱਗੇ ਕੀ ਕਰ ਸਕਦੇ ਹਾਂ। ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਸੁਣਵਾਈ ਦੀ ਅਗਲੀ ਤਰੀਕ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਕਰਨਾਟਕ ‘ਚ ਵਿਦਿਅਕ ਅਦਾਰਿਆਂ ‘ਚ ਹਿਜਾਬ ਪਹਿਨਣ ‘ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਹਾਈ ਕੋਰਟ ਦਾ ਪੂਰਾ ਬੈਂਚ ਵੀਰਵਾਰ ਨੂੰ ਸੁਣਵਾਈ ਕਰੇਗਾ। ਚੀਫ਼ ਜਸਟਿਸ ਰਿਤੂ ਰਾਜ ਅਵਸਥੀ ਨੇ ਬੁੱਧਵਾਰ ਰਾਤ ਨੂੰ ਇਸ ਮਾਮਲੇ ਦੀ ਸੁਣਵਾਈ ਲਈ ਜਸਟਿਸ ਕ੍ਰਿਸ਼ਨਾ ਐਸ ਦੀਕਸ਼ਿਤ ਅਤੇ ਜਸਟਿਸ ਕੇਜੇ ਮੋਹੀਉਦੀਨ ਦੀ ਇੱਕ ਪੂਰੀ ਬੈਂਚ ਦਾ ਗਠਨ ਕੀਤਾ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਕਰ ਰਹੇ ਕਰਨਾਟਕ ਦੇ ਜਸਟਿਸ ਦੀਕਸ਼ਿਤ ਦੀ ਸਿੰਗਲ ਬੈਂਚ ਨੇ ਬੁੱਧਵਾਰ ਨੂੰ ਇਹ ਮਾਮਲਾ ਚੀਫ ਜਸਟਿਸ ਰਿਤੂ ਰਾਜ ਅਵਸਥੀ ਨੂੰ ਭੇਜ ਦਿੱਤਾ।