ਭਗਵੰਤ ਮਾਨ ਅਨੁਸਾਰ, “ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਦੇ ਨਿਯਮਾਂ (ਰੂਲਜ਼) ‘ਚ ਮਨਮਾਨੇ ਫ਼ੈਸਲੇ ਲੈਣ ਤੋਂ ਗੁਰੇਜ਼ ਕਰੇ ਅਤੇ ਪਹਿਲਾਂ ਹੀ ਦੋਵੇਂ ਹੱਥੀਂ ਲੁੱਟੇ ਗਏ ਪੰਜਾਬ ਨਾਲ ਖੁੰਦਕੀ ਅਤੇ ਮਤਰੇਈ ਮਾਂ ਵਾਲਾ ਵਤੀਰਾ ਤਿਆਗੇ। ਮਾਨ ਨੇ ਕਿਹਾ, “ਬੀ.ਬੀ.ਐੱਮ.ਬੀ. ਪੰਜਾਬ ਦੀ ਸਰਜਮੀਂ ‘ਤੇ ਖੜਾ ਹੋਇਆ ਉਹ ਪ੍ਰਬੰਧਨ ਹੈ, ਜਿਸ ‘ਚੋਂ ਪੰਜਾਬ ਨੂੰ ਹੀ ਆਊਟ ਕਰਨ ਦੀਆਂ ਸਾਜਿਸ਼ਾਂ ਹੋਈਆਂ। ਪਹਿਲਾਂ ਇਹ ਧੱਕਾ ਕੇਂਦਰ ‘ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ। ਜੋ ਪੰਜਾਬ ਦੀ ਦੁਖਦੀ ਰਗ ਨੂੰ ਜਾਣਬੁੱਝ ਕੇ ਦਬਾਏ ਜਾਣ ਵਾਲੀ ਕੋਝੀ ਸ਼ਰਾਰਤ ਹੈ। ਭਗਵੰਤ ਮਾਨ ਨੇ ਕਿਹਾ ਕਿ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਬੁੱਕਤ ਘਟਣ ਪਿੱਛੇ ਸਿਰਫ਼ ਕੇਂਦਰ ਦੀਆਂ ਭਾਜਪਾ ਅਤੇ ਕਾਂਗਰਸੀ ਸਰਕਾਰਾਂ ਹੀ ਇੱਕਲੀਆਂ ਜ਼ਿੰਮੇਵਾਰ ਨਹੀਂ, ਇਸ ਲਈ ਪੰਜਾਬ ਦੀ ਸੱਤਾ ਭੋਗਦੀਆਂ ਆ ਰਹੀਆਂ ਕਾਂਗਰਸ-ਕੈਪਟਨ ਅਤੇ ਬਾਦਲ-ਭਾਜਪਾ ਵਾਲੀਆਂ ਸੂਬਾ ਸਰਕਾਰਾਂ ਵੀ ਬਰਾਬਰ ਦੀਆਂ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਪੰਜਾਬ ਦੇ ਹੱਕਾਂ ‘ਤੇ ਵੱਜਦੇ ਡਾਕਿਆਂ ਵਿਰੁੱਧ ਕਦੇ ਚੂੰ ਹੀ ਨਹੀਂ ਕੀਤੀ, ਕਿਉਂਕਿ ਇਹਨਾਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫ਼ਾਦ ਹਮੇਸ਼ਾ ਵੱਧ ਕੇ ਰਹੇ, ਜਿਸਦਾ ਖਮਿਆਜ਼ਾ ਅੱਜ ਪੰਜਾਬ ਅਤੇ ਪੰਜਾਬੀ ਭੁਗਤ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਨਾਲ ਜੁੜਿਆ ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਲੈ ਕੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੇ ਹੱਕ ‘ਚ ਦਿੱਤੇ ਗਏ ਫਤਵੇ ਦਾ 10 ਮਾਰਚ ਨੂੰ ਐਲਾਨ ਹੋਣ ਤੋਂ ਬਾਅਦ ਪੰਜਾਬ ਦੇ ਹੱਕ-ਹਕੂਕਾਂ ਨਾਲ ਜੁੜੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਪੰਜਾਬ ਦੇ ਹਿੱਤਾਂ ਦੀ ਹਰ ਪੱਖੋਂ ਰਾਖੀ ਲਈ ਪੂਰੀ ਵਾਹ ਲਗਾਈ ਜਾਵੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਬਣੀ ਪੰਜਾਬ ਅਤੇ ਹਰਿਆਣਾ ਦੀ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਪੰਜਾਬ ਅਤੇ ਹਰਿਆਣਾ ਨੂੰ ਆਪਸ ‘ਚ ਉਲਝਾਉਣ ਲਈ ਅਨੇਕਾਂ ਤਰ੍ਹਾਂ ਦੀਆਂ ਸਾਜਿਸ਼ਾਂ ਹੋ ਰਹੀਆਂ ਹਨ, ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨਾ ਵੀ ਇਸੇ ਸਾਜਿਸ਼ ਦਾ ਹਿੱਸਾ ਹੈ, ਜਿਸ ਬਾਰੇ ਜਨਤਾ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ।