ਇਸਲਾਮਾਬਾਦ – ਮੰਗਲਵਾਰ ਨੂੰ ਪਾਕਿਸਤਾਨ ਦੇ ਬਲੋਚਿਸਤਾਨ ‘ਚ ਧਮਾਕਾ ਹੋਇਆ, ਜਿਸ ‘ਚ 4 ਲੋਕਾਂ ਦੀ ਮੌਤ ਹੋ ਗਈ ਅਤੇ 27 ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਇਹ ਧਮਾਕਾ ਬਲੋਚਿਸਤਾਨ ਦੇ ਸਿਬੀ ਜ਼ਿਲ੍ਹੇ ਵਿੱਚ ਹੋਇਆ। ਸਿਬੀ ਜ਼ਿਲ੍ਹਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਪੁਸ਼ਟੀ ਕੀਤੀ ਹੈ ਕਿ ਹਸਪਤਾਲ ਵਿੱਚ ਤਿੰਨ ਲਾਸ਼ਾਂ ਲਿਆਂਦੀਆਂ ਗਈਆਂ ਹਨ। ਇਹ ਧਮਾਕਾ ਸਿਬੀ ਜ਼ਿਲ੍ਹੇ ਦੇ ਚਿੜੀਆ ਰੋਡ ਨੇੜੇ ਹੋਇਆ। ਪੁਲਿਸ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਅੱਤਵਾਦ ਰੋਕੂ ਵਿਭਾਗ ਦੇ ਸੀਨੀਅਰ ਅਧਿਕਾਰੀ ਹਫੀਜ਼ ਰਿੰਦ ਨੇ ਡਾਨ ਨੂੰ ਦੱਸਿਆ ਕਿ ਇਹ ਆਤਮਘਾਤੀ ਬੰਬ ਧਮਾਕੇ ਵਰਗਾ ਲੱਗ ਰਿਹਾ ਹੈ। ਹਾਲਾਂਕਿ ਸਾਰਾ ਮਾਮਲਾ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਅਧਿਕਾਰੀ ਮੁਤਾਬਕ ਧਮਾਕਾ ਇਕ ਖੁੱਲ੍ਹੇ ਇਲਾਕੇ ‘ਚ ਹੋਇਆ ਜਿੱਥੇ ਸਾਲਾਨਾ ਸਿਬੀ ਮੇਲਾ ਲੱਗ ਰਿਹਾ ਹੈ। ਅਧਿਕਾਰੀਆਂ ਮੁਤਾਬਕ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਇੱਥੇ ਸਮਾਰੋਹ ‘ਚ ਸ਼ਾਮਲ ਹੋਣ ਲਈ ਆਏ ਸੀ ਅਤੇ ਉਨ੍ਹਾਂ ਦੇ ਜਾਣ ਤੋਂ 30 ਮਿੰਟ ਬਾਅਦ ਹੀ ਧਮਾਕਾ ਹੋ ਗਿਆ। ਇਸ ਧਮਾਕੇ ‘ਚ ਸੁਰੱਖਿਆ ਬਲਾਂ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ।
ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁੱਦੁਸ ਬਿਜੈਂਜੋ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਧਮਾਕੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਹਰ ਸੰਭਵ ਵਧੀਆ ਇਲਾਜ ਯਕੀਨੀ ਬਣਾਇਆ ਜਾਵੇ। ਬਲੋਚਿਸਤਾਨ ਇਰਾਨ ਅਤੇ ਅਫਗਾਨਿਸਤਾਨ ਨਾਲ ਆਪਣੀ ਸਰਹੱਦ ਸਾਂਝੀ ਕਰਦਾ ਹੈ ਅਤੇ ਲੰਬੇ ਸਮੇਂ ਤੋਂ ਵਿਦਰੋਹ ਨੂੰ ਭੜਕਾ ਰਿਹਾ ਹੈ। ਬਲੋਚ ਵਿਦਰੋਹੀ ਸਮੂਹਾਂ ਨੇ ਅਤੀਤ ਵਿੱਚ ਚੀਨ–ਪਾਕਿਸਤਾਨ ਆਰਥਿਕ ਗਲਿਆਰਾ (ਸੀਪੀਈਸੀ) ਪ੍ਰੋਜੈਕਟ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਨਿਸ਼ਾਨਾ ਬਣਾ ਕੇ ਕਈ ਹਮਲੇ ਕੀਤੇ ਹਨ। ਪਾਕਿਸਤਾਨ ਦੇ ਪੇਸ਼ਾਵਰ ‘ਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਇਕ ਸ਼ੀਆ ਮਸਜਿਦ ‘ਚ ਹੋਏ ਆਤਮਘਾਤੀ ਬੰਬ ਧਮਾਕੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਲਈ ਹੈ। ਇਸ ਹਮਲੇ ‘ਚ ਘੱਟੋ–ਘੱਟ 56 ਲੋਕ ਮਾਰੇ ਗਏ ਸੀ ਅਤੇ 194 ਲੋਕ ਜ਼ਖਮੀ ਹੋਏ ਸੀ। ਇਸਲਾਮਿਕ ਸਟੇਟ ਨਾਲ ਸਬੰਧਤ ਇਸਲਾਮਿਕ ਸਟੇਟ ਖੁਰਾਸਾਨ ਨੇ ਇੱਕ ਬਿਆਨ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
