ਅੰਮ੍ਰਿਤਸਰ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਘਰ ਕੀਤੀ ਅਰਦਾਸ ਕਦੇ ਬਿਰਥੀ ਨਹੀਂ ਜਾਂਦੀ। ਜਾਖੜ ਨੇ ਕਿਹਾ ਕਿ ਅਰਦਾਸ ਪੂਰੀ ਹੋਈ ਹੈ ਅਤੇ ਬੇਅਦਬੀਆਂ ਤੇ ਸਿਆਸਤਕਰਨ ਵਾਲਿਆਂ ਦੇ ਸਿਆਸੀ ਭਵਿੱਖ ਦਾ ਕੱਖ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਬੇਅਦਬੀਆਂ ’ਤੇ ਸਿਆਸਤ ਕੀਤੀ ਹੈ, ਓਨਾ ਦਾ ਮਾੜਾ ਹਸ਼ਰ ਪੰਜਾਬ ਦੇ ਲੋਕਾਂ ਨੇ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਕੇ ਇਹੋ ਕਿਹਾ ਗਿਆ ਸੀ ਕਿ ਬੇਅਦਬੀਆਂ ’ਤੇ ਸਿਆਸਤ ਕਰਨ ਵਾਲਿਆਂ ਦਾ ਕੱਖ ਨਾ ਰਹੇ। ਜਾਖੜ ਪਰਿਵਾਰ ਸਮੇਤ ਪੰਜਾਬ ਵਿਚ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਸੂਬੇ ਦੀ ਸੇਵਾ ਕਰਨ ਲਈ ਚੁਣਿਆ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਕੇ ਚੋਣਾਂ ਵਿਚ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਭਾਵਨਾ ਦੇ ਨਾਲ ਗੁਰੂ ਘਰ ਅਰਦਾਸ ਕਰਕੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ, ਉਹ ਗੁਰੂ ਦੇ ਅੱਗੇ ਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰੀ ਤਰ੍ਹਾਂ ਨਿਭਾਉਣ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਆਦਿ ਮੌਜੂਦ ਸਨ।