ਸ੍ਰੀ ਦਮਦਮਾ ਸਾਹਿਬ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਵੱਲੋਂ ਵਿਸਾਖੀ ਤੇ 12 ਅਪ੍ਰੈਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸ੍ਰੀ ਸਰਬ ਲੋਹ ਦੇ ਅਖੰਡ ਪਾਠ ਆਰੰਭ ਹੋਏ ਅਤੇ 14 ਮਾਰਚ ਨੂੰ ਭੋਗ ਪਾਏ ਜਾਣਗੇ।ਅੱਜ ਅਰੰਭਕ ਅਰਦਾਸ ਬੁੱਢਾ ਦਲ ਦੇ ਮੁਖ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਕੀਤੀ ਅਤੇ ਗੁਰਬਾਣੀ ਦਾ ਮਨੋਹਰ ਕੀਰਤਨ ਹੋਇਆ।ਇਸ ਸਮੇਂ ਬਾਬਾ ਜੱਸਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਲੱਖਾ ਸਿੰਘ, ਬਾਬਾ ਸੁਖਵਿੰਦਰ ਸਿੰਘ ਮੋਰ ਆਦਿ ਹਾਜ਼ਰ ਸਨ।ਦੋ ਰੋਜ਼ਾ 13, 14 ਅਪ੍ਰੈਲ ਨੂੰ, ਬੁੱਢਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਬੇਰ ਸਾਹਿਬ, ਦੇਗਸਰ ਪਾ: ਦਸਵੀਂ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਿੱਖ ਸ਼ਸ਼ਤਰ ਕਲਾ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਵਿਸਾਖੀ ਦੇ ਇਤਿਹਾਸਕ ਮੌਕੇ ਸਿੱਖ ਸ਼ਸ਼ਤਰ ਕਲਾ ਨਾਲ ਸਬੰਧਤ ਗਤਕੇ ਦੇ ਮੁਕਾਬਲੇ ਕਰਵਾਏ ਜਾਂਦੇ ਹਨ।ਇਸ ਵਾਰ ਇਨ੍ਹਾਂ ਮੁਕਾਬਲਿਆਂ ਵਿਚ 20 ਦੇ ਕਰੀਬ ਨਾਮਵਰ ਟੀਮਾਂ ਭਾਗ ਲੈਣਗੀਆਂ।ਨਾਮਵਰ ਉੱਚ ਕੋਟੀ ਦੇ ਗਤਕਾ ਉਸਤਾਦ ਕੋਚ, ਰੈਫਰੀ, ਜੱਜਮੈਂਟ ਦੀ ਸੇਵਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਵਾਂ ਵਿਚ ਸ਼ਸ਼ਤਰ ਕਲਾ ਦਾ ਅਹਿਮ ਸਥਾਨ ਹੈ ਇਸ ਲਈ ਇਸ ਕਲਾ ਦੀ ਪ੍ਰਫੁਲਤਾ ਲਈ ਅਜਿਹੇ ਜਤਨਾ ਦੀ ਅਹਿਮ ਲੋੜ ਹੈ। ਇਸੇ ਮਕਸਦ ਨੂੰ ਪੂਰਾ ਕਰਨ ਲਈ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹਰ ਸਾਲ ਸਿੱਖ ਸ਼ਸ਼ਤਰ ਕਲਾ ਦੇ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਬੁੱਢਾ ਦਲ ਵਲੋਂ ਹੋਲੇ ਮਹੱਲੇ ਤੇ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਦੋ ਰੋਜ਼ਾ ਅੰਤਰਰਾਸ਼ਟਰੀ ਗਤਕਾ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਕੌਮ ਦੀ ਮਹਾਨ ਪੰਜ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।ਅੱਗਲੇ ਸਾਲ ਤੋਂ ਵਿਸਾਖੀ ਦਿਹਾੜੇ ਤੇ ਵੀ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸਖਸੀਅਤਾਂ ਨੂੰ ਸਨਮਾਨਤ ਕੀਤਾ ਜਾਇਆ ਕਰੇਗਾ।15 ਅਪ੍ਰੈਲ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਨਿਹੰਗ ਸਿੰਘ ਦਲਾਂ ਵਲੋਂ ਮਹੱਲਾ ਕੱਢਿਆ ਜਾਵੇਗਾ।