ਚੰਡੀਗੜ – ਜਨਤਕ ਸੇਵਾਵਾਂ ਪ੍ਰਣਾਲੀ ਵਿੱਚ ਵਧੇਰੇ ਪਾਰਦਰਸਤਾ ਲਿਆਉਣ ਲਈ ਇੱਕ ਹੋਰ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਰਕਾਰੀ ਕੰਮਕਾਜ ਵਿੱਚ ਈ-ਆਫਿਸ ਰਾਹੀਂ ਡਿਜੀਟਲਾਈਜੇਸਨ ਦੀ ਵਰਤੋਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਅਤੇ ਦਸਤਾਵੇਜ਼ਾਂ ਦੀ ਸਾਂਭ-ਸੰਭਾਲ ਦੇ ਬੋਝ ਨੂੰ ਘਟਾਉਣ ਦੇ ਨਿਰਦੇਸ ਦਿੱਤੇ।
ਇਹ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੇਵਾਵਾਂ ਨੂੰ ਲੋਕਾਂ ਦੇ ਦਰ ਤੱਕ ਪਹੁੰਚਾਉਣ ਅਤੇ ਰਵਾਇਤੀ ਫਾਈਲ ਸਿਸਟਮ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਡਿਜੀਟਲਾਈਜੇਸਨ ਨੂੰ ਉਤਸਾਹਿਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਇਹ ਕਦਮ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਦਫਤਰੀ ਕੰਮਕਾਜ ਵਿੱਚ ਹੋਰ ਪਾਰਦਰਸਤਾ ਲਿਆਏਗਾ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਵਿੱਚ 526 ਸੇਵਾ ਕੇਂਦਰਾਂ ਰਾਹੀਂ 122 ਆਨਲਾਈਨ ਸੇਵਾਵਾਂ ਦੀ ਸੁਰੂਆਤ ਕੀਤੀ ਗਈ ਹੈ। ਇਹ ਸੇਵਾਵਾਂ ਖੇਤੀਬਾੜੀ ਵਿਭਾਗ, ਸਥਾਨਕ ਸਰਕਾਰਾਂ, ਤਕਨੀਕੀ ਸਿੱਖਿਆ ਅਤੇ ਮੈਡੀਕਲ ਸਿੱਖਿਆ ਤੇ ਖੋਜ, ਖੇਤੀਬਾੜੀ ਵਿਭਾਗ ਦੇ ਖਾਦ ਅਤੇ ਕੀੜੇਮਾਰ ਦਵਾਈਆਂ ਦੇ ਲਾਇਸੈਂਸ ਵਰਗੀਆਂ ਸੇਵਾਵਾਂ, ਤਕਨੀਕੀ ਸਿੱਖਿਆ ਬੋਰਡ/ਪੀਟੀਯੂ ਤੋਂ ਡੁਪਲੀਕੇਟ ਸਰਟੀਫਿਕੇਟ, ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮ, ਫਾਰਮ ਟੂਰਿਜਮ ਸਕੀਮ, ਆਰਜੀ ਰਜਿਸਟ੍ਰੇਸਨ, ਸਥਾਈ ਰਜਿਸਟ੍ਰੇਸਨ, ਡੁਪਲੀਕੇਟ ਰਜਿਸਟ੍ਰੇਸਨ ਸਰਟੀਫਿਕੇਟ, ਪੰਜਾਬ ਮੈਡੀਕਲ ਕੌਂਸਲ ਨਾਲ ਸਬੰਧਤ ਵਿਦੇਸੀ ਰਜਿਸਟ੍ਰੇਸਨ ਤਬਾਦਲਾ, ਅੱਗ ਤੋਂ ਸੁਰੱਖਿਆ ਬਾਰੇ ਇਤਰਾਜ ਨਹੀਂ ਸਰਟੀਫਿਕੇਟ, ਸੀਵਰੇਜ ਕੁਨੈਕਸਨ ਵਿੱਚ ਟਾਈਟਲ ਟ੍ਰਾਂਸਫਰ/ਨਾਮ ਤਬਦੀਲੀ ਜਾਂ ਸਥਾਨਕ ਸਰਕਾਰਾਂ ਨਾਲ ਸਬੰਧਤ ਪਾਣੀ ਦੇ ਕੁਨੈਕਸਨ ਨਾਲ ਸਬੰਧਤ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਸਿੱਧੇ ਤੌਰ ‘ਤੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਇਹਨਾਂ ਵਿੱਚੋਂ ਜ਼ਿਆਦਾਤਰ ਸੇਵਾਵਾਂ ਪਹਿਲਾਂ ਔਫਲਾਈਨ ਮੋਡ (ਦਫਤਰ ਤੋਂ) ਪ੍ਰਦਾਨ ਕੀਤੀਆਂ ਜਾਂਦੀਆਂ ਸਨ ਜਿਸ ਨਾਲ ਵਿੱਚ ਸਮੇਂ ਦੀ ਬਰਬਾਦੀ ਹੁੰਦੀ ਸੀ ਅਤੇ ਹੁਣ ਇਹ ਸੇਵਾਵਾਂ ਔਨਲਾਈਨ ਕੰਪਿਊਟਰਾਈਜਡ ਵਰਕਫਲੋ ਰਾਹੀਂ ਪੂਰੀ ਤਰਾਂ ਸਵੈਚਲਿਤ ਹੋ ਗਈਆਂ ਹਨ ਅਤੇ ਇੰਨਾਂ ਦੀ ਮੌਜੂਦਾ ਸਥਿਤੀ ਦਾ ਵੀ ਆਨਲਾਈਨ ਹੀ ਪਤਾ ਲੱਗਦਾ ਰਹੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਾਸਨਿਕ ਸੁਧਾਰ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸੇਵਾ ਕੇਂਦਰਾਂ ਦੇ ਦਾਇਰੇ ਵਿੱਚ ਘੱਟੋ-ਘੱਟ 100 ਹੋਰ ਸੇਵਾਵਾਂ ਨੂੰ ਸਾਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਐਮ-ਸੇਵਾ ਤੇ ਪੰਜਾਬ ਸਰਕਾਰ ਦੇ ਪੋਰਟਲ ‘ਤੇ ਵੀ ਨਾਗਰਿਕ ਸੇਵਾਵਾਂ ਮੁਹੱਈਆ ਕੀਤੀਆਂ ਜਾਣ ਤਾਂ ਜੋ ਲੋਕ ਬਿਨਾਂ ਸੇਵਾ ਕੇਂਦਰ ਜਾਏ ਹੀ ਇੰਨਾਂ ਸੇਵਾਵਾਂ ਲਈ ਅਪਲਾਈ ਕਰ ਸਕਣ।
ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਪ੍ਰਸਾਸਕੀ ਸੁਧਾਰ ਤੇਜਵੀਰ ਸਿੰਘ, ਸਿਹਤ ਸਕੱਤਰ ਅਜੋਏ ਸਰਮਾ ਅਤੇ ਡਾਇਰੈਕਟਰ ਪ੍ਰਸਾਸਕੀ ਸੁਧਾਰ ਗਿਰੀਸ ਦਿਆਲਨ ਹਾਜਰ ਸਨ।
