Punjab

ਸਿੱਧੂ ਮੂਸੇਵਾਲਾ ਦੇ ਲੱਗੇ ਸਨ 24 ਬੁਲੈਟ: ਅੰਤਿਮ ਸੰਸਕਾਰ ਅੱਜ

ਚੰਡੀਗੜ੍ਹ – ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ। ਇਸ ਦਾ ਸਮਾਂ ਦੁਪਹਿਰ 12 ਵਜੇ ਦੇ ਕਰੀਬ ਤੈਅ ਕੀਤਾ ਗਿਆ ਹੈ। ਕੱਲ੍ਹ 5 ਡਾਕਟਰਾਂ ਦੇ ਬੋਰਡ ਵੱਲੋਂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ। ਜਿਸ ਵਿਚ ਉਸ ਦਾ ਸਿਰ, ਲੱਤਾਂ, ਛਾਤੀ ਅਤੇ ਪੇਟ ਵਿੱਚ ਡਾਕਟਰਾਂ ਨੂੰ 24 ਗੋਲੀਆਂ ਮਿਲੀਆਂ ਹਨ ਅਤੇ ਉਸਦਾ ਸਰੀਰ ਗੋਲੀਆਂ ਨਾਲ ਬੁਰੀ ਤਰ੍ਹਾਂ ਛਲਣੀ ਹੋ ਗਿਆ ਸੀ।

ਸਿੱਧੂ ਮੂਸੇਵਾਲਾ ਦੇ ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਮੂਸੇਵਾਲਾ ਦੇ ਸਿਰ, ਖੱਬੇ ਫੇਫੜੇ ਅਤੇ ਜਿਗਰ ਵਿੱਚ ਵੀ ਗੋਲੀ ਲੱਗੀ ਹੈ। ਇਸ ਕਾਰਨ ਮੌਕੇ ‘ਤੇ ਹੀ ਮੌਤ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਆਦਾ ਖੂਨ ਵਹਿਣਾ ਵੀ ਮੂਸੇਵਾਲਾ ਦੀ ਮੌਤ ਦਾ ਕਾਰਨ ਬਣਿਆ। ਮੂਸੇਵਾਲਾ ਦੀ ਐਤਵਾਰ ਸ਼ਾਮ ਜਵਾਹਰਕੇ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸਦਾ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ।

ਵੱਡੀ ਗਿਣਤੀ ‘ਚ ਪਹੁੰਚੇ ਪ੍ਰਸ਼ੰਸਕ,

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਵੱਡੀ ਗਿਣਤੀ ‘ਚ ਪਿੰਡ ਮੂਸੇਵਾਲਾ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਠਿੰਡਾ ਰੇਂਜ ਦੇ ਆਈਜੀ ਪੀਕੇ ਯਾਦਵ ਅਤੇ ਬਠਿੰਡਾ ਦੇ ਐਸਐਸਪੀ ਜੇ ਏਲਚੇਜ਼ੀਅਨ ਨੇ ਮਾਨਸਾ ਦੇ ਐਸਐਸਪੀ ਗੌਰਵ ਤੂਰਾ ਦੇ ਨਾਲ ਮਾਨਸਾ ਵਿੱਚ ਡੇਰਾ ਲਾਇਆ ਹੋਇਆ ਹੈ। ਸੁਰੱਖਿਆ ਦੇ ਮੱਦੇਨਜ਼ਰ ਮੂਸੇਵਾਲਾ ਦੀ ਲਾਸ਼ ਨੂੰ ਰਾਤ ਭਰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ। ਅੱਜ ਸਵੇਰੇ 8.30 ਵਜੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਹਾਈ ਕੋਰਟ ਦੇ ਮੌਜੂਦਾ ਜੱਜ ਜਾਂਚ ਕਰਨਗੇ

ਹੁਣ ਮੂਸੇਵਾਲਾ ਕਤਲ ਕੇਸ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕਰਨਗੇ। ਪੰਜਾਬ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਪੱਤਰ ਲਿਖਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਮੰਗ ਕੀਤੀ ਸੀ।

ਹਾਈ ਕੋਰਟ ਨੇ ਸੁਰੱਖਿਆ ਕਟੌਤੀ ਲੀਕ ‘ਤੇ ਜਵਾਬ ਮੰਗਿਆ

ਹਾਈਕੋਰਟ ਨੇ ਸੁਰੱਖਿਆ ਕਟੌਤੀ ਲੀਕ ਮਾਮਲੇ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੇ ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਨੇ ਸਿਆਸੀ ਬਦਲਾਖੋਰੀ ਤਹਿਤ ਸੁਰੱਖਿਆ ਵਾਪਸ ਲੈ ਲਈ ਹੈ। ਇਸ ਤੋਂ ਬਾਅਦ ਇਸ ਦੀ ਜਾਣਕਾਰੀ ਜਨਤਕ ਕੀਤੀ ਗਈ। ਜਿਸ ਕਾਰਨ ਸਾਰਿਆਂ ਲਈ ਸੁਰੱਖਿਆ ਖਤਰਾ ਪੈਦਾ ਹੋ ਗਿਆ ਹੈ।

ਮੂਸੇਵਾਲਾ ਦੇ ਕਤਲ ਮਾਮਲੇ ‘ਚ ਦੇਹਰਾਦੂਨ ਤੋਂ 6 ਲੋਕ ਹਿਰਾਸਤ ‘ਚ

ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦੇਹਰਾਦੂਨ ਦੇ ਪੇਲੀਅਨ ਪੁਲਿਸ ਚੌਕੀ ਇਲਾਕੇ ਤੋਂ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।   ਸਪੈਸ਼ਲ ਟਾਸਕ ਫੋਰਸ ਦੇ ਸੂਤਰ ਦੇ ਹਵਾਲੇ ਨਾਲ ਦੱਸਿਆ ਹੈ ਕਿ ਇਹ ਕਾਰਵਾਈ ਉੱਤਰਾਖੰਡ ਐਸਟੀਐਫ ਅਤੇ ਪੰਜਾਬ ਐਸਟੀਐਫ ਦੇ ਨਾਲ ਸਾਂਝੇ ਆਪਰੇਸ਼ਨ ਕਾਰਨ ਕੀਤੀ ਗਈ ਹੈ। ਹੁਣ ਦਿੱਲੀ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜੋ ਦੀ ਭੂਮਿਕਾ ਦੀ ਜਾਂਚ ਕਰੇਗੀ। STF ਉੱਤਰਾਖੰਡ ਅਤੇ ਪੰਜਾਬ ਦੀ ਟੀਮ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਦਾ ਸਮਰਥਨ ਕਰਨ ਵਾਲੇ ਕੁਝ ਦੋਸ਼ੀਆਂ ਨੂੰ ਨਯਾਗਾਓਂ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਮੂਸੇਵਾਲਾ ਦਾ ਕਤਲ ਕਰਨ ਵਾਲੇ ਦੋਸ਼ੀਆਂ ਦਾ ਸਾਥ ਦਿੱਤਾ ਸੀ ਅਤੇ ਵਾਰਦਾਤ ਤੋਂ ਬਾਅਦ ਦੇਹਰਾਦੂਨ ਪਹੁੰਚ ਗਏ ਸਨ। ਪੰਜਾਬ ਦੀ ਐਸਟੀਐਫ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਦੇਹਰਾਦੂਨ ਵਿੱਚ ਹਨ ਤਾਂ ਪੰਜਾਬ ਦੀ ਐਸਟੀਐਫ ਨੇ ਉਤਰਾਖੰਡ ਦੀ ਐਸਟੀਐਫ ਨਾਲ ਸੰਪਰਕ ਕੀਤਾ। ਨਯਾਗਾਓਂ ਇਲਾਕੇ ਵਿੱਚ ਦੁਪਹਿਰ ਤੋਂ ਹੀ ਨਾਕਾਬੰਦੀ ਕਰ ਦਿੱਤੀ ਗਈ ਸੀ। ਜਦੋਂ ਮੁਲਜ਼ਮ ਸ਼ਿਮਲਾ ਬਾਈਪਾਸ ਰੋਡ ਤੋਂ ਹੇਮਕੁੰਟ ਸਾਹਿਬ ਵੱਲ ਜਾ ਰਹੇ ਸਨ ਤਾਂ ਦੋਵਾਂ ਸੂਬਿਆਂ ਦੀ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਕਾਬੂ ਕਰ ਲਿਆ ਅਤੇ ਪੁੱਛਗਿੱਛ ਲਈ ਨਯਾਂਗਾਓਂ ਪੁਲਿਸ ਚੌਕੀ ਲੈ ਗਈ। ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ  ਨਿਆਇਕ ਕਮਿਸ਼ਨ ਦੇ ਗਠਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਕੇਸ ਦੀ ਜਾਂਚ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਨਿਆਇਕ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਮਾਰੇ ਗਏ ਗਾਇਕ ਦੇ ਪਿਤਾ ਬਲਕਾਰ ਸਿੰਘ ਸਿੱਧੂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਬੇਨਤੀ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਰਗੀ ਕਿਸੇ ਵੀ ਕੇਂਦਰੀ ਏਜੰਸੀ ਨੂੰ ਸਾਮਲ ਕਰਨ ਸਮੇਤ ਇਸ ਜਾਂਚ ਕਮਿਸ਼ਨ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ।  ਉਨਾਂ ਡੀਜੀਪੀ, ਪੰਜਾਬ ਪੁਲਿਸ ਨੂੰ ਇਸ ਘਟਨਾ ਬਾਰੇ ਆਪਣੀ ਕੱਲ ਦੀ ਪ੍ਰੈਸ ਕਾਨਫਰੰਸ ਬਾਰੇ ਸਪੱਸ਼ਟੀਕਰਨ ਜਾਰੀ ਕਰਨ ਲਈ ਵੀ ਕਿਹਾ। ਸਿੱਧੂ ਮੂਸੇਵਾਲਾ ਦੇ ਘਿਨਾਉਣੇ ਕਤਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸਟ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।  ਭਗਵੰਤ ਮਾਨ ਨੇ ਕਿਹਾ ਕਿ ਉਨਾਂ ਨੇ ਪੁਲਿਸ ਨੂੰ ਇਸ ਮਾਮਲੇ ਦੀ ਫੌਰੀ ਅਤੇ ਨਤੀਜਾਮੁਖੀ ਜਾਂਚ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ।  ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮਰਹੂਮ ਗਾਇਕ ਦੀ ਸੁਰੱਖਿਆ ਵਿੱਚ ਕਟੌਤੀ ਦੇ ਸਾਰੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕੁਤਾਹੀ ਹੋਈ ਤਾਂ ਉਸ ਦੀ ਜ਼ਿੰਮੇਵਾਰੀ ਯਕੀਨੀ ਤੌਰ ‘ਤੇ ਤੈਅ ਕੀਤੀ ਜਾਵੇਗੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਦੁਖਦਾਈ ਅਤੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਸਦਮੇ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਛੜ ਗਿਆ ਗਾਇਕ ਪੰਜਾਬ ਦਾ ਇੱਕ ਪ੍ਰਸਿੱਧ ਚਿਹਰਾ ਅਤੇ ਸੱਭਿਆਚਾਰ ਦਾ ਪ੍ਰਤੀਕ ਸੀ।  ਭਗਵੰਤ ਮਾਨ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜੀ ਹੈ।  ਉਨਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਮੈਂ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ: ਡੀ.ਜੀ.ਪੀ.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਤੋਂ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੀ.ਕੇ. ਭਾਵਰਾ ਨੇ ਅੱਜ ਆਪਣੇ ਬਿਆਨ ’ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਸ ਨੇ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਜੀ.ਪੀ.  ਵੱਲੋਂ ਕੱਲ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਮੂਸੇਵਾਲਾ ਬਾਰੇ ਦਿੱਤੇ ਬਿਆਨ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਆਪਣੇ ਬਿਆਨ ਨੂੰ ਸਪੱਸ਼ਟ ਕਰਦਿਆਂ ਡੀ.ਜੀ.ਪੀ.  ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਉਹ ਪੰਜਾਬ ਦੇ ਪ੍ਰਸਿੱਧ ਕਲਾਕਾਰ ਅਤੇ ਸੱਭਿਆਚਾਰਕ ਪ੍ਰਤੀਕ ਹਨ। ਡੀ.ਜੀ.ਪੀ. ਨੇ ਮੂਸੇਵਾਲਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿਵਾਇਆ ਜਾਵੇਗਾ। ਡੀ.ਜੀ.ਪੀ. ਭਾਵਰਾ ਨੇ ਅੱਗੇ ਕਿਹਾ ਕਿ ਉਨਾਂ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਮੂਸੇਵਾਲਾ ਗੈਂਗਸਟਰ ਹੈ ਜਾਂ ਗੈਂਗਸਟਰਾਂ ਨਾਲ ਜੁੜਿਆ ਹੋਇਆ ਹੈ। ਸੋਸ਼ਲ ਮੀਡੀਆ ’ਤੇ ਵੱਖ-ਵੱਖ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦੇ ਦਾਅਵੇ ਅਤੇ ਜਵਾਬੀ ਦਾਅਵੇ ਦੇ ਰਹੇ ਹਨ। ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਦੀ ਤਰਫੋਂ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਜਾਂਚ ਵਿੱਚ ਕਤਲ ਦੇ ਸਾਰੇ ਪਹਿਲੂਆਂ ਦੀ ਘੋਖ ਕੀਤੀ ਜਾਵੇਗੀ। ਡੀ.ਜੀ.ਪੀ. ਨੇ ਕਿਹਾ ਕਿ ਮੀਡੀਆ ਵੱਲੋਂ ਉਨਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਜਦੋਂ ਕਿ ਉਹ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ।

Related posts

ਜੰਮੂ-ਕਸ਼ਮੀਰ ਵਿੱਚ ਚਾਰ ਰਾਜ ਸਭਾ ਸੀਟਾਂ ਅਤੇ ਪੰਜਾਬ ਵਿੱਚ ਇੱਕ ਲਈ ਉਪ-ਚੋਣਾਂ ਦਾ ਐਲਾਨ !

admin

ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ‘ਤੇ ਦਬਾਅ ਦੀ ਨੀਤੀ ਨਿੰਦਣਯੋਗ : ਜਥੇਦਾਰ ਗੜਗੱਜ

admin

‘ਭਾਰਤ ’ਚ ਜੈਵਿਕ ਪਸ਼ੂ ਪਾਲਣ- ਮੌਕੇ ਅਤੇ ਚੁਣੌਤੀਆਂ’ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਆਯੋਜਿਤ !

admin