Punjab

ਮੁੱਖ ਮੰਤਰੀ ਵੱਲੋਂ ਪੀ.ਆਈ.ਐਮ.ਐਸ. ਵਿੱਚ ਵਿੱਤੀ ਸੰਕਟ ਦਾ ਕਾਰਨ ਬਣੇ ਘੁਟਾਲੇ ਅਤੇ ਖਾਮੀਆਂ ਦੀ ਜਾਂਚ ਦੇ ਹੁਕਮ

ਚੰਡੀਗੜ –  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ (ਪੀ.ਆਈ.ਐਮ.ਐਸ) ਵਿਚ ਕਰ ਦਾਤਿਆਂ ਦੇ ਪੈਸੇ ਨੂੰ ਖੁਰਦ-ਬੁਰਦ ਕਰਨ ਦੇ ਨਾਲਨਾਲ ਉਨਾਂ ਹੋਰ ਖਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ ਜੋ ਇਸ ਸੰਸਥਾ ਲਈ ਵਿੱਤੀ ਸੰਕਟ ਦਾ ਕਾਰਨ ਬਣੇ।
ਮੁੱਖ ਮੰਤਰੀ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੀ.ਆਈ.ਐਮ.ਐਸ. ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਵਿੱਚ ਵਿੱਤੀ ਸੰਕਟ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਹੱਥ ਉਤੇ ਹੱਥ ਧਰ ਕੇ ਨਹੀਂ ਬੈਠ ਸਕਦੀ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਖਤਰੇ ਵਿੱਚ ਪਾਉਣ ਦੀ ਇਸ ਸਾਜ਼ਿਸ਼ ਨੂੰ ਚੱਲਣ ਨਹੀਂ ਦੇ ਸਕਦੀ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਛੇ ਸਾਲਾਂ ਵਿੱਚ ਗਵਰਨਿੰਗ ਬਾਡੀ ਦੀ ਇੱਕ ਵੀ ਮੀਟਿੰਗ ਨਹੀਂ ਹੋਈ। ਉਨਾਂ ਕਿਹਾ ਕਿ ਕਈ ਊਣਤਾਈਆਂ ਗੰਭੀਰ ਘੁਟਾਲਿਆਂ ਵੱਲ ਇਸ਼ਾਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਖਾਮੀਆਂ ਅਤੇ ਗਬਨ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਨਤੀਜਾਮੁਖੀ ਢੰਗ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਇਸ ਵਿੱਤੀ ਸੰਕਟ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਗੜਬੜੀ ਲਈ ਉਨਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਉਨਾਂ ਸਾਰਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕੀਤੀ ਜਾਵੇ ਜੋ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਿੱਚ ਜ਼ਿੰਮੇਵਾਰ ਹਨ, ਜਿਸ ਨਾਲ ਸੰਸਥਾ ਵਿੱਚ ਗੰਭੀਰ ਵਿੱਤੀ ਸੰਕਟ ਪੈਦਾ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੋਆਬਾ ਖੇਤਰ ਦੇ ਕੇਂਦਰ ਵਿੱਚ ਸਥਿਤ ਇਹ ਸੰਸਥਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੰਸਥਾ ਪਹਿਲਾਂ ਹੀ ਅਤਿਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ, ਜਿਸ ਕਾਰਨ ਇਸ ਨੂੰ ਵਿਸ਼ਵ ਪੱਧਰੀ ਮੈਡੀਕਲ ਸੰਸਥਾ ਵਜੋਂ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਜਲਦੀ ਹੀ ਇਸ ਸੰਸਥਾ ਨੂੰ ਸੁਰਜੀਤ ਕਰਨ ਲਈ ਵਿਸਥਾਰਤ ਖਾਕਾ ਤਿਆਰ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਇਸ ਸੰਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਗਵਰਨਿੰਗ ਕੌਂਸਲ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਨਾਂ ਦੀ ਸਰਕਾਰ ਦਿ੍ਰੜ ਵਚਨਬੱਧ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਲੋਕਾਂ ਦੇ ਭਲੇ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ।

Related posts

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

admin

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਦੂਸ਼ਣਬਾਜ਼ੀ ਅਤੇ ਮੀਡੀਆ ਫੈਸਲੇ ਨਾ ਦੇਣ ਦੇ ਆਦੇਸ਼ !

admin

ਸਰਕਾਰ ਤਾਂ ਚਾਹੁੰਦੀ ਸੀ ਕਿ ਮੈਂ ਬਾਹਰ ਨਾ ਆਵਾਂ – ਬਿਕਰਮ ਮਜੀਠੀਆ

admin