ਇਸਲਾਮਾਬਾਦ – ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਨੇ ਆਪਣੇ ਸਾਰੇ ਕਮਾਂਡਰਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਸਾਰੇ ਕਮਾਂਡਰਾਂ ਨੂੰ ਦੇਸ਼ ਦੀ ਰਾਜਨੀਤੀ ਤੋਂ ਦੂਰ ਰਹਿਣ ਦੀ ਗੱਲ ਕਹੀ ਗਈ ਹੈ। ਇਸ ਦੇ ਲਈ ਆਰਮੀ ਚੀਫ ਜਨਰਲ ਕਮਰ ਜਾਵੇਦ ਬਾਜਵਾ ਨੇ ਨਿਰਦੇਸ਼ ਦਿੱਤੇ ਹਨ। ਮੰਗਲਵਾਰ ਨੂੰ ਜਾਰੀ ਇਕ ਮੀਡੀਆ ਰਿਪੋਰਟ ਮੁਤਾਬਕ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ ਦੇ ਖਿਲਾਫ ਮੁਹਿੰਮ ਨੂੰ ਖਤਮ ਕਰਨ ਲਈ ਇਹ ਪਹਿਲ ਕੀਤੀ ਹੈ।
ਲੈਫਟੀਨੈਂਟ ਜਨਰਲ ਨਦੀਮ ਅੰਜੁਮ ਅਤੇ ਪਾਕਿਸਤਾਨ ਦੇ ਇੰਟਰ ਸਰਵਿਸਿਜ਼ ਇੰਟੈਲੀਜੈਂਸ ਦੇ ਡਾਇਰੈਕਟਰ ਜਨਰਲ (ਡੀਜੀ) ਨੇ ਨਿੱਜੀ ਤੌਰ ‘ਤੇ ਆਪਣੇ ਸਹਿਯੋਗੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਐਕਸਪ੍ਰੈਸ ਟ੍ਰਿਬਿਊਨ ਅਖਬਾਰ ਦੀ ਰਿਪੋਰਟ ਮੁਤਾਬਕ ਉਨ੍ਹਾਂ ਨੂੰ ਸਖਤ ਲਹਿਜੇ ‘ਚ ਰਾਜਨੀਤੀ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਚਿਤਾਵਨੀ ਦਿੱਤੀ ਗਈ ਹੈ ਕਿ ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਫ਼ੌਜ ਮੁਖੀ ਬਾਜਵਾ ਵੱਲੋਂ ਆਪਣੇ ਚੋਟੀ ਦੇ ਕਮਾਂਡਰਾਂ ਅਤੇ ਪ੍ਰਮੁੱਖ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਤੋਂ ਬਾਅਦ, ਬਰਖਾਸਤ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਦੋਸ਼ ਲਾਇਆ ਕਿ ਦੇਸ਼ ਦੇ ਖ਼ੁਫ਼ੀਆ ਵਿਭਾਗ ਦੇ ਕੁਝ ਅਧਿਕਾਰੀ ਪੰਜਾਬ ਦੀਆਂ ਆਗਾਮੀ ਉਪ ਚੋਣਾਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਇਮਰਾਨ ਖਾਨ ਪਾਕਿਸਤਾਨ ਦੇ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੂੰ ਸੰਸਦ ‘ਚ ਬੇਭਰੋਸਗੀ ਮਤੇ ਰਾਹੀਂ ਹਟਾਇਆ ਗਿਆ ਸੀ। ਉਨ੍ਹਾਂ ਦੀ ਥਾਂ ‘ਤੇ ਸ਼ਾਹਬਾਜ਼ ਸ਼ਰੀਫ਼ ਨੂੰ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਦੀ ਜਗ੍ਹਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 20 ਸੀਟਾਂ ਲਈ 17 ਜੁਲਾਈ ਨੂੰ ਉਪ ਚੋਣਾਂ ਹੋਣੀਆਂ ਹਨ। ਇਸ ਜ਼ਿਮਨੀ ਚੋਣ ਵਿੱਚ ਜੋ ਵੀ ਪਾਰਟੀ ਵੱਧ ਵੋਟਾਂ ਪ੍ਰਾਪਤ ਕਰੇਗੀ, ਸੂਬੇ ਵਿੱਚ ਸਰਕਾਰ ਬਣਾਏਗੀ। ਸੁਪਰੀਮ ਕੋਰਟ ਪਹਿਲਾਂ ਹੀ ਹੁਕਮ ਦੇ ਚੁੱਕੀ ਹੈ ਕਿ ਸੂਬੇ ‘ਚ ਨਵੇਂ ਮੁੱਖ ਮੰਤਰੀ ਦੇ ਨਾਂ ‘ਤੇ 22 ਜੁਲਾਈ ਨੂੰ ਫੈਸਲਾ ਲਿਆ ਜਾਵੇਗਾ।
