ਚੰਡੀਗੜ੍ਹ – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੰਭਾਵਿਤ ਹੜ੍ਹਾਂ ਦੇ ਖ਼ਤਰੇ ਦੇ ਸਨਮੁੱਖ ਪਸ਼ੂ ਧਨ ਦੀ ਰਾਖੀ ਤੇ ਸਾਂਭ-ਸੰਭਾਲ ਲਈ ਰਾਜ ਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।
ਭੁੱਲਰ ਨੇ ਦੱਸਿਆ ਕਿ ਹੜ੍ਹਾਂ ਸਬੰਧੀ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2217083 ਹਫ਼ਤੇ ਦੇ ਸੱਤ ਦਿਨ ਸਵੇਰੇ 9:00 ਤੋਂ ਰਾਤ 9:00 ਵਜੇ ਤਕ ਕਾਰਜਸ਼ੀਲ ਹੈ। ਕੰਟਰੋਲ ਰੂਮ ਦੀ ਸਿੱਧੇ ਤੌਰ ‘ਤੇ ਨਿਗਰਾਨੀ ਲਈ ਜੁਆਇੰਟ ਡਾਇਰੈਕਟਰ ਪਸ਼ੂ ਪਾਲਣ (ਵਿਕਾਸ ਤੇ ਯੋਜਨਾ) ਨੂੰ ਪਾਬੰਦ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ‘ਤੇ ਵੀ ਇਕ-ਇਕ ਕੰਟਰੋਲ ਰੂਮ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੀ ਅਗਵਾਈ ਹੇਠ ਸਥਾਪਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤਕ ਪੁੱਜਦੀ ਕੀਤੀ ਜਾਵੇ ਅਤੇ ਸੰਭਾਵੀ ਹੜ੍ਹਾਂ ਸਬੰਧੀ ਹਰ ਸਥਿਤੀ ‘ਤੇ ਕਰੜੀ ਨਜ਼ਰ ਰੱਖੀ ਜਾਵੇ। ਹੜ੍ਹਾਂ ਦੌਰਾਨ ਪਸ਼ੂਆਂ ਵਿਚ ਕਿਸੇ ਬਿਮਾਰੀ ਦੇ ਫੈਲਣ ਬਾਰੇ ਜਾਣਕਾਰੀ ਦੇਣ ਲਈ ਜੁਆਇੰਟ ਡਾਇਰੈਕਟਰ ਉੱਤਰ ਖੇਤਰੀ ਰੋਗ ਨਿਵਾਰਨ ਲੈਬਾਰਟਰੀ (ਐੱਨਆਰਡੀਡੀਐੱਲ) ਜਲੰਧਰ ਵਿਖੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0181-2242335 ‘ਤੇ ਤੁਰੰਤ ਸੰਪਰਕ ਕੀਤਾ ਜਾਵੇ।
ਭੁੱਲਰ ਨੇ ਪਸ਼ੂਆਂ ਨੂੰ ਗਲ਼-ਘੋਟੂ ਰੋਗ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਐੱਚਐੱਸ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੀਨੀਅਰ ਵੈਟਰਨਰੀ ਅਫਸਰਾਂ ਦੀ ਅਗਵਾਈ ਹੇਠ ਤਹਿਸੀਲ ਪੱਧਰੀ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਤਹਿਸੀਲ ਪੱਧਰ ਦੇ ਹਸਪਤਾਲਾਂ ਵਿਚ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਲੋੜ ਪੈਣ ‘ਤੇ ਵੈਟਰਨਰੀ ਮੈਡੀਕਲ ਸਟੋਰ ਜਲੰਧਰ ਤੋਂ ਦਵਾਈਆਂ ਤੁਰੰਤ ਮੰਗਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਦੇ ਖੇਤਰਾਂ ਵਿਚ ਪਸ਼ੂਆਂ ਲਈ ਹਰੇ ਚਾਰੇ ਅਤੇ ਖ਼ੁਰਾਕ ਦੀ ਉਪਲੱਬਤਾ ਦੀ ਅਗਾਊਂ ਨਿਸ਼ਾਨਦੇਹੀ ਕੀਤੀ ਗਈ ਹੈ ਤਾਂ ਜੋ ਲੋੜ ਪੈਣ ‘ਤੇ ਪਸ਼ੂਆਂ ਨੂੰ ਲੋੜੀਂਦੀ ਖ਼ੁਰਾਕ ਮੁਹੱਈਆ ਕਰਵਾਈ ਜਾ ਸਕੇ। ਸਰਕਾਰੀ ਗੱਡੀਆਂ/ਮੋਬਾਈਲ ਸੈਨਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਹਨ ਅਤੇ ਵਿਭਾਗੀ ਸਟਾਫ ਨੂੰ ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਰਟਰ ਨਾ ਛੱਡਣ ਅਤੇ ਜ਼ਿਲਾ ਅਧਿਕਾਰੀਆਂ ਨੂੰ ਮੁਸ਼ਕਲ ਸਮੇਂ ਤੁਰੰਤ ਮੁੱਖ ਦਫਤਰ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
