ਚੰਡੀਗੜ੍ਹ – ਪੰਜਾਬ ’ਚ ਆਏ ਦਿਨ ਕਿਸਾਨਾਂ ਵੱਲੋਂ ਧਰਨੇ ਲਾਏ ਜਾ ਰਹੇ ਹਨ। ਹਾਲ ਹੀ ’ਚ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ 18 ਜਨਵਰੀ ਤੋਂ ਚੰਡੀਗੜ੍ਹ ’ਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਦਾ ਇਲਜ਼ਾਮ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਭੇਜਣ ਲਈ ਦਬਾਅ ਪਾ ਰਹੀ ਹੈ। ਇਸ ਪ੍ਰਦਰਸ਼ਨ ਵਿੱਚ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਬਾਰੇ ਵੀ ਆਵਾਜ਼ ਉਠਾਈ ਜਾਵੇਗੀ। ਸੂਤਰਾਂ ਮੁਤਾਬਕ ਕਿਸਾਨ ਆਗੂ 8 ਜਨਵਰੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮਿਲ ਕੇ ਆਪਣੇ ਅੰਦੋਲਨ ਲਈ ਜਗ੍ਹਾ ਮੁਹੱਈਆ ਕਰਵਾਉਣਗੇ। ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਕਿ ਇਸ ਵਾਰ ਉਹ ਚੰਡੀਗੜ੍ਹ ਬਾਰਡਰ ’ਤੇ ਮੁਹਾਲੀ ’ਚ ਧਰਨਾ ਨਹੀਂ ਦੇਣਗੇ। ਇਸ ਵਾਰ ਉਨ੍ਹਾਂ ਦਾ ਪ੍ਰਦਰਸ਼ਨ ਚੰਡੀਗੜ੍ਹ ’ਚ ਹੀ ਹੋਵੇਗਾ, ਕਿਉਂਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਜੇਕਰ ਚੰਡੀਗੜ੍ਹ ਪ੍ਰਸ਼ਾਸਨ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦਾ ਹੈ ਤਾਂ ਇਹ ਉਨ੍ਹਾਂ ਦੇ ਅਧਿਕਾਰਾਂ ਦੇ ਖਿਲਾਫ਼ ਹੈ। ਚੰਡੀਗੜ੍ਹ ’ਚ ਕਿੱਥੇ ਹੋਵੇਗਾ ਪ੍ਰਦਰਸ਼ਨ ਇਸ ਬਾਰੇ 8 ਜਨਵਰੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਫ਼ੈਸਲਾ ਕੀਤਾ ਜਾਵੇਗਾ।ਇਹ ਫ਼ੈਸਲਾ ਸ਼ਨੀਵਾਰ ਨੂੰ ਸੈਕਟਰ-35 ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ 5 ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਲਿਆ ਗਿਆ। ਹਰਜਿੰਦਰ ਸਿੰਘ ਟਾਂਡਾ ਸਮੇਤ ਹੋਰ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ। ਇਹ ਪੰਜ ਜਥੇਬੰਦੀਆਂ ਹੁਣ 23 ਦਸੰਬਰ ਨੂੰ ਮੁੜ ਮੀਟਿੰਗਾਂ ਕਰਕੇ ਤਿਆਰੀਆਂ ਦਾ ਜਾਇਜ਼ਾ ਲੈਣਗੀਆਂ।