Punjab

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਤੇ ਪੰਜਾਬੀਆਂ ਨਾਲ ਧੋਖਾ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਪਾਰਲੀਮਾਨੀ ਚੋਣਾਂ ਵਿਚ ਕਰਾਰਾ ਸਬਕ ਸਿਖਾਉਣ ਦੀ ਪੰਜਾਬੀਆਂ ਨੂੰ ਕੀਤੀ ਅਪੀਲ

ਅਟਾਰੀ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਤੇ ਪੰਜਾਬੀਆਂ ਨਾਲ ਧੋਖਾ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਨੂੰ ਪਾਰਲੀਮਾਨੀ ਚੋਣਾਂ ਵਿਚ ਕਰਾਰ ਸਬਕ ਸਿਖਾਉਣ।

ਅੱਜ ਇਥੇ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿਚ ਕਰਵਾਏ ਪ੍ਰੋਗਰਾਮ ਵਿਚ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਤੇ ਇਸਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ, ਨੌਜਵਾਨਾਂ, ਔਰਤਾਂ, ਗਰੀਬਾਂ, ਵਪਾਰੀਆਂ ਤੇ ਸਰਕਾਰੀ ਮੁਲਾਜ਼ਮਾਂ ਸਮੇਤ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਸਮਾਜ ਦਾ ਹਰ ਵਰਗ ਸੰਤਾਪ ਹੰਢਾ ਰਿਹਾ ਹੈ ਤੇ ਕਾਨੂੰਨ ਵਿਵਸਥਾ ਮੁਕੰਮਲ ਤੌਰ ’ਤੇ ਢਹਿ ਢੇਰੀ ਹੋ ਚੁੱਕੀ ਹੈ ਤੇ ਨਸ਼ਾ ਤਸਕਰੀ ਸਿਖ਼ਰਾਂ ’ਤੇ ਹੈ ਕਿਉਂਕਿ ਆਪ ਵਿਧਾਇਕ ਖੁਦ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ।
ਪੰਥ ਤੇ ਸੂਬੇ ਦੇ ਭਲੇ ਵਾਸਤੇ ਸ਼੍ਰੋਮਣੀ ਅਕਾਲੀ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਕਮਜ਼ੋਰ ਹੋਣ ਨਾਲ ਪੰਥ ਨੂੰ ਵੱਡੀ ਸੱਟ ਵੱਜਦੀ ਹੈ ਕਿਉਂਕਿ ਦਿੱਲੀ ਵਿਚਲੀਆਂ ਤਾਕਤਾਂ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਬਣਾ ਕੇ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀਆਂ ਵਿਚ ਦਖਲ ਦੇ ਕੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ’ਤੇ ਲੱਗੀਆਂ ਹਨ। ਉਹਨਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਹ ਗੱਲ ਸਮਝਣ ਕਿ ਕਾਂਗਰਸ ਤੇ ਆਪ ਨੇ ਹਮੇਸ਼ਾ ਧਾਰਮਿਕ ਸਥਾਨਾਂ ’ਤੇ ਹਮਲੇ ਕੀਤੇ ਹਨ ਭਾਵੇਂ ਉਹ ਕਾਂਗਰਸ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕੀਤਾ ਗਿਆ ਹੋਵੇ ਜਾਂ ਫਿਰ ਆਮ ਆਦਮੀ ਪਾਰਟੀ ਵੱਲੋਂ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਕੀਤਾ ਗਿਆ ਹਮਲਾ ਹੋਵੇ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਹੀ ਸੂਬੇ ਨੂੰ ਮੁੜ ਤੇਜ਼ ਰਫਤਾਰ ਵਿਕਾਸ, ਸ਼ਾਂਤੀ ਤੇ ਖੁਸ਼ਹਾਲੀ ਦੇ ਰਾਹ ’ਤੇ ਲਿਆ ਸਕਦਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਵੇਲੇ ਨਿਵੇਕਲੀਆਂ ਸਮਾਜ ਭਲਾਈ ਪਹਿਲਕਦਮੀਆਂ ਕੀਤੀਆਂ ਗਈਆਂ ਤੇ ਥਰਮਲ ਪਲਾਂਟਾਂ ਤੇ ਹਵਾਈ ਅੱਡਿਆਂ ਸਮੇਤ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਕੀਤਾ ਗਿਆ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਾਰੀਆਂ ਸਮਾਜ ਭਲਾਈ ਸਕੀਮਾਂ ਵਿਚ ਕਟੌਤੀ ਕੀਤੀ ਹੈ। ਉਹਨਾਂ ਕਿਹਾ ਕਿ ਸ਼ਗਨ ਸਕੀਮ ਤਾਂ ਬੰਦ ਹੀ ਕਰ ਦਿੱਤੀ ਗਈ ਹੈ ਤੇ ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨਾਂ ਦੇ ਲਾਭਪਾਤਰੀਆਂ ਵਿਚ ਵੱਡੀ ਕਟੌਤੀ ਕੀਤੀ ਗਈ ਹੈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਪੰਜਾਬ ਨੂੰ ਕੰਗਾਲੀ ਵੱਲ ਲਿਜਾ ਰਹੇ ਹਨ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਚਾਰਟਡ ਜਹਾਜ਼ ਵਾਸਤੇ ਤੇ ਉਹਨਾਂ ਦੇ ਮਹਿਮਾ ਗਾਇਨ ’ਤੇ ਖਰਚ ਵਾਸਤੇ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਆਪ ਸਰਕਾਰ ਨੇ ਦੋ ਸਾਲਾਂ ਵਿਚ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ ਜਿਸ ਵਿਚੋਂ 1500 ਕਰੋੜ ਰੁਪਏ ਤਾਂ ਸਿਰਫ ਇਸ਼ਤਿਹਾਰਬਾਜ਼ੀ ’ਤੇ ਖਰਚ ਕੀਤੇ ਜਾ ਰਹੇ ਹਨ।ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਸੂਬੇ ਵਿਚ ਉਸਾਰੂ ਕੰਮ ਕਰਨ ਦੀ ਥਾਂ ’ਤੇ ਮੁੱਖ ਮੰਤਰੀ ਕਿਵੇਂ ਬਦਲਾਖੋਰੀ ਕਾਰਵਾਈਆਂ ਵਿਚ ਲੱਗੇ ਹਨ।
ਅਜਿਹੀ ਰਾਜਨੀਤੀ ਦੀ ਨਿਖੇਧੀ ਕਰਦਿਆਂ ਉਹਨਾਂ ਕਿਹਾ ਕਿ ਜੋ ਪਿਛਲੀ ਕਾਂਗਰਸ ਨੇ ਨੀਂਹ ਰੱਖੀ ਸੀ, ਉਹੋ ਕੁਝ ਹੋ ਰਿਹਾ ਹੈ। ਕਾਂਗਰਸ ਦੇ ਆਗੂ ਸੁਖਪਾਲ ਖਹਿਰਾ ਖਿਲਾਫ ਬਦਲਾਖੋਰੀ ਦੀਆਂ ਕਾਰਵਾਈਆਂ ਬਾਰੇ ਉਹਨਾਂ ਕਿਹਾ ਕਿ ਇਹ ਸਭ ਕੁਝ ਵੀ ਕਾਂਗਰਸ ਦੀ ਅੰਦਰੂਨੀ ਰਾਜਨੀਤੀ ਦਾ ਨਤੀਜਾ ਹੈ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਸੰਬੋਧਨ ਕੀਤਾ ਤੇ ਦੱਸਿਆ ਕਿ ਸਿੱਖ ਇਤਿਹਾਸ ਵਿਚ ਬਾਬਾ ਜੀਵਨ ਸਿੰਘ ਦੀ ਸ਼ਹਾਦਤ ਦੇ ਕੀ ਅਰਥ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਦਾਰ ਮੰਗਵਿੰਦਰ ਸਿੰਘ ਖਪਰ ਖੇੜੀ ਵੀ ਹਾਜ਼ਰ ਸਨ।

Related posts

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

admin

‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ

admin

ਜਥੇਦਾਰ ਕਰਨੈਲ ਸਿੰਘ ਪੰਜੌਲੀ ਵਲੋਂ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਨੂੰ ਅਲਵਿਦਾ

admin