ਲਖਨਊ – ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਵੀਰਵਾਰ ਨੂੰ ਬਿਹਾਰ ਦੇ ਨਵਾਦਾ ਜ਼ਿਲ੍ਹੇ ਵਿੱਚ ਦਲਿਤਾਂ ਦੇ ਕਈ ਘਰਾਂ ਨੂੰ ਸਾੜਨ ਦੇ ਮਾਮਲੇ ਵਿੱਚ ਸੂਬਾ ਸਰਕਾਰ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਗ਼ਰੀਬ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਤੋਂ ਪੂਰੀ ਵਿੱਤੀ ਮਦਦ ਦੀ ਮੰਗ ਵੀ ਕੀਤੀ।
ਮਾਇਆਵਤੀ ਨੇ ਐਕਸ ’ਤੇ ਪੋਸਟ ਕੀਤਾ, ’’ਬਿਹਾਰ ਦੇ ਨਵਾਦਾ ਵਿੱਚ ਗੁੰਡਿਆਂ ਵੱਲੋਂ ਗ਼ਰੀਬ ਦਲਿਤਾਂ ਦੇ ਕਈ ਘਰਾਂ ਨੂੰ ਸਾੜ ਕੇ ਸੁਆਹ ਕਰਨ ਦੀ ਘਟਨਾ ਬਹੁਤ ਹੀ ਦੁਖਦਾਈ ਅਤੇ ਗੰਭੀਰ ਹੈ। ਸਰਕਾਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਪੀੜਤਾਂ ਦੇ ਮੁੜ ਵਸੇਬੇ ਲਈ ਵੀ ਪੂਰੀ ਆਰਥਿਕ ਮਦਦ ਕਰਨੀ ਚਾਹੀਦੀ ਹੈ।’’ ਸਥਾਨਕ ਪੁਲਿਸ ਮੁਤਾਬਕ ਬਿਹਾਰ ਦੇ ਨਵਾਦਾ ਜ਼ਿਲ੍ਹੇ ਦੇ ਮੁਫਾਸਿਲ ਥਾਣਾ ਖੇਤਰ ਦੇ ਮਾਂਝੀ ਟੋਲਾ ’ਚ ਬੁੱਧਵਾਰ ਸ਼ਾਮ ਨੂੰ ਲੋਕਾਂ ਦੇ ਇਕ ਸਮੂਹ ਨੇ 21 ਘਰਾਂ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ ਘਟਨਾ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।