ਅਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਅਕਾਲੀ ਵਰਕਰ ਚਾਹੁੰਦੇ ਹਨ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਅਗਵਾਈ ਕਰਨ। ਇਸ ਲਈ ਵਰਕਰਾਂ ਦੀਆਂ ਭਾਵਨਾਵਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਨੂੰ ਛੂਟ ਦਿਤੀ ਜਾਵੇ। ਅੱਜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਇਕਬਾਲ ਸਿੰਘ ਝੂੰਦਾ, ਜਨਮੇਜਾ ਸਿੰਘ ਸੇਖੋਂ ਅਤੇ ਅਰਸ਼ਦੀਪ ਸਿੰਘ ਕਲੇਰ ਜਥੇਦਾਰ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੰਘ ਸਾਹਿਬ ਨੂੰ ਬੇਨਤੀ ਕਰਨ ਆਏ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਜਿਹੜਾ ਤਨਖਾਹੀਆ ਕਰਾਰ ਕਰਨ ਦਾ ਹੁਕਮ ਹੋਇਆ ਸੀ ਉਹ ਉਸੇ ਦਿਨ ਹੀ ਆ ਕੇ ਆਪਣੇ ਆਪ ਨੂੰ ਸਮਰਪਿਤ ਕਰ ਗਏ ਸਨ। ਮਰਿਆਦਾ ਦੇ ਮੁਤਾਬਿਕ ਸੁਖਬੀਰ ਸਿੰਘ ਬਾਦਲ ਆਪਣੇ ਘਰ ਬੈਠ ਗਏ। ਕਿਉਂਕਿ ਵਰਕਰ ਸਾਨੂੰ ਸਾਰਿਆਂ ਨੂੰ ਰੋਜ਼ ਕਹਿੰਦੇ ਹਨ ਕਿ ਤੁਸੀਂ ਸਿੰਘ ਸਾਹਿਬ ਕੋਲ ਜਾ ਕੇ ਅਰਜੋਈ ਕਿਉਂ ਨਹੀਂ ਕਰਦੇ । ਅੱਜ ਅਸੀਂ ਵਰਕਰ ਦੀ ਭਾਵਨਾ ਲੈ ਕੇ ਹਾਜ਼ਰ ਹੋਏ ਹਾਂ। ਉਹਨਾਂ ਸ਼੍ਰੋਮਣੀ ਕਮੇਟੀ ਬਾਰੇ ਬੋਲਦਿਆਂ ਕਿਹਾ ਕਿ ਦਿੱਲੀ ਤੇ ਕੇਂਦਰ ਸਰਕਾਰ ਦਾ ਜ਼ੋਰ ਲੱਗਾ ਹੋਇਆ ਹੈ ਕਿ ਕਿਸੇ ਤਰੀਕੇ ਸਿੱਖਾਂ ਦੀ ਇਸ ਵਕਾਰੀ ਸੰਸਥਾ ਤੇ ਕਬਜ਼ਾ ਕੀਤਾ ਜਾਵੇ। ਉਨ੍ਹਾਂ ਕਿਹਾ ਵੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਭਾਰਤੀ ਜਨਤਾ ਪਾਰਟੀ ਸਰਕਾਰੀ ਤੰਤਰ ਵਰਤ ਕੇ ਇਹਨਾਂ ਤੇ ਕਬਜ਼ੇ ਕਰ ਚੁੱਕੀ ਹੈ। ਹੁਣ ਕੇਂਦਰ ਅਤੇ ਪੰਜਾਬ ਦੀ ਸਰਕਾਰ ਮਿਲ ਕੇ 28 ਅਕਤੂਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਤੋੜਨ ਦਾ ਯਤਨ ਕਰ ਰਹੀ ਹੈ। ਸਰਕਾਰੀ ਤੰਤਰ ਮੈਂਬਰਾਂ ਤੱਕ ਪਹੁੰਚ ਕਰਕੇ ਇਥੋਂ ਤੱਕ ਕਿ ਵਿਧਾਇਕ ਡਰਾਵੇ ਦੇ ਕੇ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਵੋਟ ਪਾਉਣ ਦੇ ਲਈ ਜ਼ੋਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਦਾ ਵਫਦ ਜਥੇਦਾਰ ਨੂੰ ਮਿਲ ਕੇ ਸੁਖਬੀਰ ਸਿੰਘ ਬਾਦਲ ਨੂੰ ਲੋਕਾਂ ਵਿੱਚ ਵਿਚਰਨ ਲਈ ਛੋਟ ਦੀ ਗੱਲ ਕਰ ਰਿਹਾ ਹੈ, ਦੂਸਰੇ ਪਾਸੇ ਸੁਧਾਰ ਲਹਿਰ ਦੇ ਉਮੀਦਵਾਰ ਬੀਬੀ ਜਗੀਰ ਕੌਰ ਜਿਨਾਂ ਤੇ ਸ਼੍ਰੋਮਣੀ ਕਮੇਟੀ ਮੈਂਬਰ ਦੀ ਮੂਲ ਲੋੜ ਦੀ ਉਲੰਘਣਾ ਦੇ ਦੋਸ਼ ਲੱਗੇ ਹੋਏ ਹਨ, ਉਹ ਸਿੱਧੇ ਤੌਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਉਮੀਦਵਾਰ ਸੁਧਾਰ ਲਹਿਰ ਵੱਲੋਂ ਐਲਾਨੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਹਮੇਸ਼ਾ ਸਮਰਪਿਤ ਰਹੇਗਾ।
