India

ਭਾਜਪਾ ਭੜਕਾਊ ਭਾਸ਼ਣਾਂ ਰਾਹੀਂ ਮੂਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ : ਖੜਗੇ

ਨਾਗਪੁਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਦੋਸ਼ ਲਗਾਇਆ ਕਿ ਪਾਰਟੀ ਨੇਤਾ ਭੜਕਾਊ ਭਾਸ਼ਣ ਦੇ ਕੇ ਅਤੇ ਝੂਠ ਬੋਲ ਕੇ ਲੋਕਾਂ ਦਾ ਧਿਆਨ ਮੁੱਖ ਮੁੱਦਿਆਂ ਤੋਂ ਭਟਕਾ ਰਹੇ ਹਨ। ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖੜਗੇ ਨੇ ਕਿਹਾ ਕਿ ਸੂਬੇ ਨੂੰ ਇਕ ਚੰਗੀ ਸਰਕਾਰ ਦੀ ਲੋੜ ਹੈ ਜੋ ਇਸ ਨੂੰ ਫਿਰ ਤੋਂ ਵਿਕਾਸ ਦੇ ਰਾਹ ’ਤੇ ਲੈ ਜਾਵੇ।
ਉਨ੍ਹਾਂ 20 ਨਵੰਬਰ ਨੂੰ ਹੋਣ ਵਾਲੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਗੱਠਜੋੜ ਮਹਾ ਵਿਕਾਸ ਆਘਾੜੀ (ਐੱਮ. ਵੀ. ਏ.) ਦੀ ਜਿੱਤ ਦਾ ਭਰੋਸਾ ਪ੍ਰਗਟਾਇਆ। ਐੱਮ. ਵੀ. ਏ. ਵਿਚ ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਅਤੇ ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਸ਼ਾਮਲ ਹਨ। ਖੜਗੇ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ‘ਬੰਟੇਂਗੇ ਤੋ ਕਟੇਂਗੇ’ ਦਾ ਨਾਅਰਾ ਦਿੱਤਾ ਹੈ, ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਏਕ ਹੈਂ ਤੋ ਸੇਫ ਹੈਂ’ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੁਸੀਂ ਆਪਸ ’ਚ ਫੈਸਲਾ ਕਰੋ ਕਿ ਤੁਸੀਂ ਕਿਸ ਦਾ ਨਾਅਰਾ ਅਪਣਾਉਣਾ ਚਾਹੁੰਦੇ ਹੋ- ਯੋਗੀ ਜੀ ਦਾ ਜਾਂ ਮੋਦੀ ਜੀ ਦਾ। ਭਾਜਪਾ ਭੜਕਾਊ ਭਾਸ਼ਣ ਦਿੰਦੀ ਹੈ, ਝੂਠ ਬੋਲਦੀ ਹੈ ਅਤੇ ਲੋਕਾਂ ਦਾ ਧਿਆਨ ਮੁੱਖ ਮੁੱਦਿਆਂ ਤੋਂ ਭਟਕਾਉਂਦੀ ਹੈ।
ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਵਿਦਰਭ ਦੇ 2 ਵੱਡੇ ਨੇਤਾ ਵੱਡੇ ਨਿਵੇਸ਼ ਨੂੰ ਖੇਤਰ ਤੋਂ ਬਾਹਰ ਗੁਜਰਾਤ ’ਚ ਜਾਣ ਤੋਂ ਨਹੀਂ ਰੋਕ ਸਕੇ, ਕਿਉਂਕਿ ਉਨ੍ਹਾਂ ਨੂੰ ਆਪਣੀ ਕੁਰਸੀ ਬਚਾਉਣ ਦੀ ਚਿੰਤਾ ਹੈ ਅਤੇ ਉਨ੍ਹਾਂ ਦਾ ਲੋਕਾਂ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਹਾਲਾਂਕਿ, ਖੜਗੇ ਨੇ ਕਿਸੇ ਦਾ ਨਾਂ ਨਹੀਂ ਲਿਆ, ਪਰ ਉਨ੍ਹਾਂ ਦਾ ਇਸ਼ਾਰਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲ ਮੰਨਿਆ ਜਾ ਰਿਹਾ ਹੈ, ਜੋ ਭਾਜਪਾ ਦੇ ਸੀਨੀਅਰ ਨੇਤਾ ਹਨ ਅਤੇ ਨਾਗਪੁਰ ਦੇ ਰਹਿਣ ਵਾਲੇ ਹਨ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin