ਨਵੀਂ ਦਿੱਲੀ – ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਕਿਹਾ ਕਿ ਉੱਤਰੀ ਭਾਰਤ ਨੂੰ ਮੈਡੀਕਲ ਐਮਰਜੈਂਸੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪਰਾਲੀ ਸਾੜਨ ਕਾਰਨ ਹਵਾ ਦੀ ਗੁਣਵੱਤਾ ਖਤਰਨਾਕ ਪੱਧਰ ‘ਤੇ ਪਹੁੰਚ ਗਈ ਹੈ। ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪ੍ਰਦੂਸ਼ਣ ਦੇ ਮੁੱਦੇ ‘ਤੇ ਰਾਜਨੀਤੀ ਕਰ ਰਹੀ ਹੈ ਪਰ ਇਸ ਨੇ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਰਗੇ ਰਾਜਾਂ ਵਿੱਚ ਪਰਾਲੀ ਸਾੜਨ ‘ਤੇ ਪਾਬੰਦੀ ਲਗਾਉਣ ਲਈ ਕੋਈ ਕਦਮ ਨਹੀਂ ਚੁੱਕੇ। ਇਸ ਲਈ ਕੋਈ ਕਦਮ ਨਹੀਂ ਚੁੱਕਿਆ ਹੈ। ਇਨ੍ਹਾਂ ਸਾਰੇ ਰਾਜਾਂ ‘ਚ ਭਾਜਪਾ ਦੀ ਸਰਕਾਰ ਹੈ।ਆਮ ਆਦਮੀ ਪਾਰਟੀ (ਆਪ) ਦੀ ਸ਼ਾਸਨ ਵਾਲੀ ਪੰਜਾਬ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਕੱਲਾ ਅਜਿਹਾ ਸੂਬਾ ਹੈ ਜਿੱਥੇ ਪਰਾਲੀ ਸਾੜਨ ਦੇ ਮਾਮਲੇ ਕਾਫੀ ਘੱਟ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸ਼ਾਸਿਤ ਰਾਜਾਂ ‘ਚ ਪਰਾਲੀ ਸਾੜਨ ਦੇ ਮਾਮਲੇ ਵਧੇ ਹਨ। ਆਤਿਸ਼ੀ ਨੇ ਕਿਹਾ ਕਿ ਦਿੱਲੀ ਦੀ ਹਵਾ ਦੀ ਗੁਣਵੱਤਾ ਖਰਾਬ ਹੋਣ ਕਾਰਨ ਬਜ਼ੁਰਗਾਂ ਨੂੰ ਹਸਪਤਾਲਾਂ ‘ਚ ਦਾਖ਼ਲ ਕਰਵਾਉਣਾ ਪੈ ਰਿਹਾ ਹੈ ਅਤੇ ਬੱਚਿਆਂ ਨੂੰ ਸਾਹ ਲੈਣ ਲਈ ‘ਇਨਹੇਲਰ’ ਅਤੇ ‘ਸਟੇਰਾਇਡ’ ਦੀ ਲੋੜ ਪੈ ਰਹੀ ਹੈ। ਰਾਸ਼ਟਰੀ ਰਾਜਧਾਨੀ ‘ਚ ਹਵਾ ਦੀ ਗੁਣਵੱਤਾ ਸੋਮਵਾਰ ਨੂੰ ‘ਗੰਭੀਰ’ ਸ਼੍ਰੇਣੀ ‘ਤੇ ਪਹੁੰਚ ਗਈ, ਜਿਸ ਨਾਲ ਏਅਰ ਕੁਆਲਿਟੀ ਇੰਡੈਕਸ (AQI) 484 ਦਰਜ ਕੀਤਾ ਗਿਆ। ਦਿੱਲੀ ‘ਚ ਸਵੇਰ ਤੋਂ ਹੀ ਟਰੱਕਾਂ ਦੇ ਪ੍ਰਵੇਸ਼ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਜਨਤਕ ਪ੍ਰਾਜੈਕਟਾਂ ‘ਤੇ ਨਿਰਮਾਣ ਕਾਰਜ ਰੋਕਣ ਸਮੇਤ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਖਤ ਕਦਮ ਚੁੱਕੇ ਗਏ ਹਨ। ਸੰਘਣੀ ਜ਼ਹਿਰੀਲੀ ਧੁੰਦ ਕਾਰਨ ਸਵੇਰ ਵੇਲੇ ਵਿਜ਼ੀਬਿਲਟੀ ਤੇਜ਼ੀ ਨਾਲ ਘਟ ਗਈ।