ਸ੍ਰੀ ਮੁਕਤਸਰ ਸਾਹਿਬ – ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਮੇਤ ਹੋਰਨਾਂ ਆਗੂਆਂ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਵੀਰਵਾਰ ਨੂੰ ਮੁਕਤਸਰ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਸੇਵਾ ਕਰਨ ਤੋਂ ਬਾਅਦ ਪੂਰੀ ਹੋ ਗਈ ਹੈ। ਆਪਣੀ ਸਜ਼ਾ ਦੇ ਆਖਰੀ ਪੜਾਅ ‘ਚ ਸੁਖਬੀਰ ਦੂਜੇ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਪਹੁੰਚੇ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ’ਤੇ ਪਹਿਰੇਦਾਰ ਵਜੋਂ ਸੇਵਾ ਸ਼ੁਰੂ ਕੀਤੀ। ਹੱਥਾਂ ’ਚ ਬਰਛਾ ਫੜ ਕੇ ਉਹ ਇੱਕ ਘੰਟਾ ਪਹਿਰੇਦਾਰ ਵਜੋਂ ਸੇਵਾ ਕਰਦੇ ਰਹੇ। ਇਸ ਤੋਂ ਉਪਰੰਤ 10 ਤੋਂ 11 ਵਜੇ ਤੱਕ ਕੀਰਤਨ ਸਰਵਣ ਕੀਤਾ ਅਤੇ ਫਿਰ 11 ਤੋਂ 12 ਵਜੇ ਤੱਕ ਲੰਗਰ ਹਾਲ ’ਚ ਝੂਠੇ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਈ।
ਸੁਖਬੀਰ ਬਾਦਲ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਦੂਜੇ ਦਿਨ ਵੀ ਭਾਰੀ ਗਿਣਤੀ ’ਚ ਪੁਲਿਸ ਫੋਰਸ ਤਾਇਨਾਤ ਰਹੀ। ਇਸ ਦੌਰਾਨ ਸੁਖਬੀਰ ਬਾਦਲ ਦੇ ਨਾਲ ਸ਼ੋ੍ਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਨੇ ਵੀ ਗੁਰਦੁਆਰਾ ਸਾਹਿਬ ’ਚ ਸੇਵਾ ਕੀਤੀ। ਇਸ ਦੌਰਾਨ ਅਕਾਲੀ ਦਲ ਦੀ ਸਥਾਨਕ ਲੀਡਰਸ਼ਿਪ ਅਕਾਲੀ ਦਲ ਦੇ ਮੁਕਤਸਰ ਤੋਂ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਲੋਟ ਤੋਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਪ੍ਰੀਤਇੰਦਰ ਸਿੰਘ ਸੰਮੇਵਾਲੀ, ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਅਤੇ ਹੋਰ ਸਥਾਨਕ ਆਗੂਆਂ ਨੇ ਵੀ ਸੇਵਾ ਕੀਤੀ।
ਦੂਜੇ ਦਿਨ ਵੀ ਸੁਖਬੀਰ ਬਾਦਲ ਦੇ ਸਮਰਥਕ ਵੱਡੀ ਗਿਣਤੀ ‘ਚ ਗੁਰਦੁਆਰਾ ਸਾਹਿਬ ਪਹੁੰਚੇ। ਸੁਖਬੀਰ ਬਾਦਲ ਕੋਲ ਜਾਣ ਲਈ ਲੋਕ ਉਤਾਵਲੇ ਸਨ ਪਰ ਪੁਲਿਸ ਫੋਰਸ ਦੇ ਸਖ਼ਤ ਪਹਿਰੇ ਦੌਰਾਨ ਕਿਸੇ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਸ੍ਰੀ ਮੁਕਤਸਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਚ ਦੋ ਦਿਨਾਂ ਦੀ ਧਾਰਮਿਕ ਸਜਾ ਲਗਾਈ ਗਈ ਸੀ ਜੋ ਵੀਰਵਾਰ ਨੂੰ ਪੂਰੀ ਹੋ ਗਈ ਹੈ। ਸੁਖਬੀਰ ਬਾਦਲ ਸਮੇਤ ਹੋਰ ਅਕਾਲੀ ਆਗੂ ਇੱਥੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜਾ ਕੇ ਅਰਦਾਸ ਕਰਵਾਉਣਗੇ।