ArticlesIndiaPunjab

ਕਿਸਾਨ ਔਰਤਾਂ ਨੇ ਰੋਕੀਆਂ ਰੇਲ-ਗੱਡੀਆਂ: 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ !

ਕਿਸਾਨ ਆਗੂ ਸਵਰਨ ਸਿੰਘ ਪੰਧੇਰ। (ਫੋਟੋ: ਏ ਐਨ ਆਈ)

ਕਹਿੰਦੇ ਨੇ ਹਰ ਸਫ਼ਲਤਾ ਦੇ ਪਿੱਛੇ ਔਰਤ ਦਾ ਯੋਗਦਾਨ ਜਰੂਰ ਹੁੰਦਾ ਹੈ ਅਤੇ ਇਹ ਕਥਨ ਇੱਕ ਵਾਰ ਫਿਰ ਸੱਚ ਹੋ ਨਿਬੜਿਆ। ਕਿਸਾਨ ਮੰਗਾ ਦੀ ਖਾਤਿਰ ਪੰਜਾਬ ਦੇ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਕਿਸਾਨ ਆਗੂਆਂ ਵਲੋਂ ਦਿੱਲੀ ਗਏ ‘ਰੇਲ ਰੋਕੋ’ ਅੰਦੋਲਨ ਦੇ ਵਿੱਚ ਔਰਤਾਂ ਨੇ ਵੱਧ ਚੜ੍ਹਕੇ ਹਿੱਸਾ ਲਿਆ। ਅੱਜ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਘੰਟੇ ਰੇਲ ਰੋਕੋ ਅੰਦੋਲਨ ਚਲਾਇਆ ਗਿਆ। ਕਿਸਾਨ ਔਰਤਾਂ ਨੇ ਰੇਲ-ਗੱਡੀਆਂ ਦੀਆਂ ਲਾਈਨਾਂ ਉਪਰ ਬੈਠਕੇ ‘ਰੇਲ ਰੋਕੋ’ ਨੂੰ ਸਫਲ ਬਣਾ ਦਿੱਤਾ ਜਿਸ ਨਾਲ ਕਿਸਾਨ ਆਗੂਆਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ ਹਨ। ਸ਼ੰਭੂ ਬਾਰਡਰ ‘ਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦੇ ਅਗਲੇ ਪ੍ਰੋਗ੍ਰਾਮ ਦਾ ਐਲਾਨ ਕਰਦਿਆਂ ‘ਪੰਜਾਬ ਬੰਦ’ ਦੀ ਕਾਲ ਦਿੱਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ।

ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਲਈ 10 ਮਹੀਨਿਆਂ ਤੋਂ ਸ਼ੰਭੂ ਅਤੇ ਢਾਬੀ ਗੁੱਜਰਾਂ (ਖਨੌਰੀ) ਬਾਰਡਰਾਂ ’ਤੇ ਜਾਰੀ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦੇ ਦਿੱਤੇ ਗਏ ਸੱਦੇ ਦੀ ਸਫਲਤਾ ਤੋਂ ਬਾਅਦ ਹੁਣ ਅਗਲੇ ਐਕਸ਼ਨ ਵਜੋਂ 30 ਦਸੰਬਰ ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ।ਪਿਛਲੇ 10 ਮਹੀਨਿਆਂ ਤੋਂ ਦਿੱਲੀ ਮਾਰਚ ਦੇ ਸੱਦੇ ਨਾਲ ਸ਼ੁਰੂ ਹੋਇਆ ਦਿੱਲੀ ਅੰਦੋਲਨ 2 ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਸਥਾਨ) ਸਰਹੱਦਾਂ ‘ਤੇ ਲਗਾਤਾਰ ਜਾਰੀ ਹੈ। ਇਸ ਦੌਰਾਨ ਕਿਸਾਨ-ਮਜ਼ਦੂਰ 6, 8 ਅਤੇ 14 ਦਸੰਬਰ ਨੂੰ ਦਿੱਲੀ ਵੱਲ ਪੈਦਲ ਮਾਰਚ ਕਰ ਰਹੇ 101 ਕਿਸਾਨਾਂ-ਮਜ਼ਦੂਰਾਂ ਦੇ ਜਥੇ ‘ਤੇ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਅੱਤਿਆਚਾਰਾਂ ਅਤੇ ਸੰਵਿਧਾਨ ਦੁਆਰਾ ਦਿੱਤੀ ਗਈ ਪ੍ਰਗਟਾਵੇ ਦੀ ਆਜ਼ਾਦੀ ਦਾ ਗਲਾ ਘੁੱਟਣ ਵਿਰੁੱਧ ਰੋਸ ਪ੍ਰਗਟਾ ਰਹੇ ਹਨ।

ਕਿਸਾਨੀ ਮੰਗਾਂ ਮੰਨਵਾਉਣ ਲਈ ਢਾਬੀ ਗੁੱਜਰਾਂ ਬਾਰਡਰ ’ਤੇ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 24ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਉਨ੍ਹਾਂ ਦੀ ਸਿਹਤ ਚਿੰਤਾਜਨਕ ਬਣੀ ਹੋਈ ਹੈ ਜਿਸ ਕਾਰਨ ਡਾਕਟਰਾਂ ਨੇ ਕਿਹਾ ਕਿ ਡੱਲੇਵਾਲ ਨੂੰ ਸਟੇਜ ’ਤੇ ਨਾ ਲਿਜਾਂਦਾ ਜਾਵੇ। ਉਨ੍ਹਾਂ ਦੀ ਸਲਾਹ ਮੰਨ ਕੇ ਧਰਨਾ ਪ੍ਰਬੰਧਕਾਂ ਨੇ ਡੱਲੇਵਾਲ ਨੂੰ ਸਟੇਜ ’ਤੇ ਬਣਾਏ ਸ਼ੀਸ਼ੇ ਦੇ ਵੱਡੇ ਕੈਬਿਨ ਵਿੱਚ ਨਾ ਲਿਆਂਦਾ। ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵਿਗੜਨ ਤੋਂ ਬਾਅਦ ਕਿਸਾਨਾਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਖੇਤੀਬਾੜੀ ਸੰਸਦ ਦੀ ਸਥਾਈ ਕਮੇਟੀ ਦੀ ਭਾਵਨਾ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਕੇਂਦਰ ਨੂੰ ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਦੇ ਆਦੇਸ਼ ਦਿੱਤੇ ਜਾਣ। ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਪਹਿਲਾਂ ਹੀ ਕੈਂਸਰ ਤੋਂ ਪੀੜਤ ਹਨ ਅਤੇ ਹੁਣ ਮਰਨ ਵਰਤ ’ਤੇ ਰਹਿਣ ਕਾਰਨ ਉਨ੍ਹਾਂ ਦੀ ਰੋਗਾਂ ਨਾਲ ਲੜਨ ਦੀ ਤਾਕਤ ਬਹੁਤ ਘੱਟ ਗਈ ਹੈ ਜਿਸ ਕਾਰਨ ਉਨ੍ਹਾਂ ਦੀ ਹਾਲਤ ਜ਼ਿਆਦਾ ਨਾਜ਼ੁਕ ਬਣੀ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੱਦੇ ਉੱਪਰ ਪੰਜਾਬ ਭਰ ਵਿੱਚ ਸੈਂਕੜੇ ਥਾਵਾਂ ’ਤੇ ਰੇਲ ਰੋਕੋ ਪ੍ਰੋਗਰਾਮ ਕੀਤੇ ਗਏ। ਉਨ੍ਹਾਂ ਕਿਹਾ ਕਿ ਖੇਤੀ ਬਾਰੇ ਬਣੀ ਹੋਈ ਸੰਸਦ ਦੀ ਸਥਾਈ ਕਮੇਟੀ ਨੇ ਆਪਣੀ ਰਿਪੋਰਟ ਪੇਸ਼ ਕਰਦਿਆਂ ਕਿਹਾ ਸੀ ਕਿ ਐਮਐਸਪੀ ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ, ਹੁਣ ਸਰਕਾਰ ਨੇ ਫੈਸਲਾ ਕਰਨਾ ਹੈ ਕਿ ਉਹ ਸੰਸਦ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਜਾਂ ਨਹੀਂ? ਡੱਲੇਵਾਲ ਦੀ ਸਿਹਤ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਬਿਆਨ ਬਾਰੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਨੂੰ ਦੱਸਣਾ ਚਾਹੁੰਦੇ ਹਨ ਕਿ ਸਰਕਾਰ ਦੀ ਵਾਅਦਾ ਖਿਲਾਫੀ ਕਰਕੇ ਹੀ ਡੱਲੇਵਾਲ ਨੂੰ ਮਰਨ ਵਰਤ ਉੱਪਰ ਬੈਠਣਾ ਪੈ ਰਿਹਾ ਹੈ ਜੇਕਰ ਕੇਂਦਰ ਸਰਕਾਰ ਵਾਅਦੇ ਪੂਰੇ ਕਰ ਦੇਵੇ ਤਾਂ ਉਨ੍ਹਾਂ ਨੂੰ ਮਰਨ ਵਰਤ ਉੱਪਰ ਬੈਠਣ ਦੀ ਲੋੜ ਨਹੀਂ ਪਵੇਗੀ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਖਨੌਰੀ ਬਾਰਡਰ ’ਤੇ ਕਿਸਾਨੀ ਹੱਕਾਂ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਪੁੱਛਣ ਪੁੱਜੇ। ਉਨ੍ਹਾਂ ਡੱਲੇਵਾਲ ਦੀ ਸਿਹਤਯਾਬੀ ਦੀ ਅਰਦਾਸ ਕਰਦਿਆਂ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਗੇ ਉਠਾਉਣਗੇ। ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਜੋ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਉਸ ਨੂੰ ਸਰਕਾਰ ਵੱਲੋਂ ਮੰਨ ਲੈਣ ਦੇ ਬਾਵਜੂਦ ਵੀ ਅਮਲ ਵਿੱਚ ਨਹੀਂ ਲਿਆਂਦਾ ਜਾ ਰਿਹਾ। ਜਿਹੜੇ ਕਿਸਾਨਾਂ ਨੂੰ ਅੱਜ ਖੇਤਾਂ ਵਿੱਚ ਹੋਣਾ ਚਾਹੀਦਾ ਸੀ ਉਹ ਅੱਜ ਸੜਕਾਂ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਗੱਲ ਕਰਨਗੇ ਕਿ ਉਹ ਪੰਜਾਬ ਤਰਫੋਂ ਕਿਸਾਨਾਂ ਦੀ ਗੱਲ ਨੂੰ ਕੇਂਦਰ ਸਰਕਾਰ ਅੱਗੇ ਰੱਖਣ। ਪਿਛਲੇ 10 ਮਹੀਨਿਆਂ ਤੋਂ ਦਿੱਲੀ ਆਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਕਰਨਾ ਸੰਵਿਧਾਨਕ ਅਤੇ ਜਮਹੂਰੀ ਹੱਕ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਕਿਸਾਨੀ ਸੰਘਰਸ਼ ਲਈ ਇਕਜੁੱਟ ਹੋਣ ਦੇ ਦਿੱਤੇ ਸੱਦੇ ਮਗਰੋਂ ਸੰਯੁਕਤ ਕਿਸਾਨ ਮੋਰਚਾ (ਐਸਕੇਐੱਮ) ਨੇ ਅੱਜ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੂੰ ਗੱਲਬਾਤ ਲਈ 21ਦਸੰਬਰ ਨੂੰ ਪਟਿਆਲਾ ਆਉਣ ਲਈ ਸੱਦਾ ਦੇਵੇਗਾ। ਪੰਧੇਰ ਨੇ 15 ਦਸੰਬਰ ਨੂੰ ਐੱਸਕੇਐੱਮ ਨੂੰ ਪੱਤਰ ਲਿਖ ਕੇ ਪੰਜਾਬ ਤੇ ਹਰਿਆਣਾ ਦੀ ਸਰਹੱਦ ’ਤੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਨ ਲਈ ਕਿਹਾ ਸੀ। ਇਸ ਪੱਤਰ ਮਗਰੋਂ ਜੋਗਿੰਦਰ ਸਿੰਘ ਉਗਰਾਹਾਂ, ਜੰਗਵੀਰ ਸਿੰਘ ਚੌਹਾਨ, ਮਨਜੀਤ ਸਿੰਘ ਧਨੇਰ ਤੇ ਹਰਵਿੰਦਰ ਸਿੰਘ ਲੱਖੋਵਾਲ ਸਮੇਤ ਹੋਰਨਾਂ ਐੱਸਕੇਐੱਮ ਆਗੂਆਂ ਨੇ ਬੈਠਕ ਕੀਤੀ ਸੀ। ਆਗੂਆਂ ਨੇ ਐਲਾਨ ਕੀਤਾ ਕਿ ਉਹ ਕਿਸਾਨੀ ਮਸਲਿਆਂ ਨੂੰ ਲੈ ਕੇ 23 ਦਸੰਬਰ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਉੱਤੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰੇ ਕਰਨਗੇ।

ਇਸ ਸਬੰਧੀ ਮੀਟਿੰਗ ਉਪਰੰਤ ਉਗਰਾਹਾਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਧੇਰ ਦੇ ਉਪਰੋਕਤ ਪੱਤਰ ਦੇ ਹਵਾਲੇ ਨਾਲ ਕਿਹਾ ਕਿ ਐੱਸਕੇਐੱਮ ਆਗੂ 21 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਪਟਿਆਲਾ ਵਿਚ ਬੈਠਕ ਕਰਨਗੇ। ਉਨ੍ਹਾਂ ਕਿਹਾ, ‘‘ਅਸੀਂ ਉਨ੍ਹਾਂ ਨੂੰ ਗੱਲਬਾਤ ਲਈ ਸੱਦਾ ਦੇਵਾਂਗੇ।’’  ਐੱਸਕੇਐੱਮ ਵੱਲੋਂ ਬੈਠਕ ਵਿਚ ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ, ਬਲਬੀਰ ਸਿੰਘ ਰਾਜੇਵਾਲ, ਦਰਸ਼ਨ ਪਾਲ, ਯੁੱਧਵੀਰ ਸਿੰਘ ਤੇ ਹਨਨ ਮੌਲਾ ਸ਼ਾਮਲ ਹੋਣਗੇ। ਉਗਰਾਹਾਂ ਨੇ ਕਿਹਾ ਕਿ ਐੱਸਕੇਐੱਮ ਦੀ ਤਾਲਮੇਲ ਕਮੇਟੀ ਪਹਿਲਾਂ ਹੀ ਫੈਸਲਾ ਕਰ ਚੁੱਕੀ ਹੈ ਕਿ ਉਹ ਦੋ ਜਥੇਬੰਦੀਆਂ ਦੇ ਸੰਘਰਸ਼ ਵਿੱਚ ਸ਼ਾਮਲ ਨਹੀਂ ਹੋ ਸਕਦੀ। ਐੱਸਕੇਐੱਮ ਵੱਲੋਂ ਮੌਜੂਦਾ ਸੰਘਰਸ਼ ਦੀ ਹਮਾਇਤ ਨਾ ਕੀਤੇ ਜਾਣ ਬਾਰੇ ਸਵਾਲ ਦੇ ਜਵਾਬ ਵਿਚ ਉਗਰਾਹਾਂ ਨੇ ਕਿਹਾ ਕਿ ਐੱਸਕੇਐੱਮ (ਗ਼ੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਉਨ੍ਹਾਂ (ਐੱਸਕੇਐੱਮ) ਨਾਲ ਹਮਾਇਤ ਬਾਰੇ ਵਿਚਾਰ ਚਰਚਾ ਕਰਨ ਤੋਂ ਪਹਿਲਾਂ ਹੀ ਆਪਣੇ ਅੰਦੋਲਨ (ਫਰਵਰੀ ਵਿਚ ਦਿੱਲੀ ਚਲੋ ਮਾਰਚ) ਦੀ ਯੋਜਨਾਬੰਦੀ ਕਰ ਲਈ ਸੀ। ਉਨ੍ਹਾਂ ਕਿਹਾ ਕਿ ਅੰਦੋਲਨ ਬਾਰੇ ਫੈਸਲਾ ਲੈਣ ਤੋਂ ਬਾਅਦ ਹੋਰ ਕਿਸਾਨ ਜਥੇਬੰਦੀਆਂ ਦੀ ਹਮਾਇਤ ਲੈਣ ਦਾ ਇਹ ਤਰੀਕਾ ਸਹੀ ਨਹੀਂ ਹੈ, ਕਿਉਂਕਿ ਉਨ੍ਹਾਂ ਕਿਸਾਨੀ ਮੰਗਾਂ ਦੀ ਹਮਾਇਤ ਵਿੱਚ ਕਿਸੇ ਵੀ ਧਰਨੇ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨਾਲ ਸਲਾਹ-ਮਸ਼ਵਰਾ ਕਰਨ ’ਤੇ ਜ਼ੋਰ ਦਿੱਤਾ ਸੀ।

ਐੱਸਕੇਐੱਮ ਨੇ 6 ਤੇ 14 ਦਸੰਬਰ ਨੂੰ ਪੈਦਲ ਦਿੱਲੀ ਕੂਚ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ’ਤੇ ਜਲਤੋਪਾਂ ਨਾਲ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਵਰਤਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਐੱਸਕੇਐੱਮ ਨੇ ਖਨੌਰੀ ਬਾਰਡਰ ’ਤੇ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਨਜ਼ਰਅੰਦਾਜ਼ ਕਰਨ ਲਈ ਵੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰੇ।  ਚੇਤੇ ਰਹੇ ਕਿ ਸਾਲ 2020 ਵਿੱਚ, ਪੰਜਾਬ ਅਤੇ ਅੰਬਾਲਾ ਦੇ ਨੇੜਲੇ ਖੇਤਰਾਂ ਤੋਂ ਸ਼ੰਭੂ ਸਰਹੱਦ ’ਤੇ ਇਕੱਠੇ ਹੋਏ ਵੱਡੀ ਗਿਣਤੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਲਈ ਪੁਲੀਸ ਵੱਲੋਂ ਲਾਈਆਂ ਰੋਕਾਂ ਨੂੰ ਤੋੜ ਦਿੱਤਾ ਸੀ। ਇਸ ਮਗਰੋਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ (ਹੁਣ ਰੱਦ ਕੀਤੇ ਗਏ) ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ- ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ – ‘ਤੇ ਇੱਕ ਸਾਲ ਪ੍ਰਦਰਸ਼ਨ ਕੀਤਾ ਸੀ।

 

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

admin

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

admin

$100 Million Boost for Bushfire Recovery Across Victoria

admin