ਅੰਮ੍ਰਿਤਸਰ – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਗੁਰੂ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਏ ਉਕਤ ਧਾਰਮਿਕ ਸਮਾਗਮ ਮੌਕੇ ਸਮੂੰਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਸ੍ਰੀ ਮੂਲਮੰਤਰ ਜੀ ਦੇ ਜਾਪ, ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਰਚਿਤ ਮਹੱਲੇ ਦੇ ਸਲੋਕ ਦੇ ਜਾਪ, ਸ਼ਬਦ ਕੀਰਤਨ ਸਰਵਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਪ੍ਰਿੰ: ਗਿੱਲ ਨੇ ਕਿਹਾ ਕਿ ‘ਤਿਲਕ ਜੰਝੂ ਦੇ ਰਾਖੇ’ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਲਈ ਆਪਣਾ ਸੀਸ ਭੇਂਟ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੁਆਰਾ ਦਿੱਤੀ ਗਈ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆ ’ਚ ਹੋਰ ਕਿਤੇ ਵੀ ਨਹੀਂ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਹੋਣ ਅਤੇ ਸ਼ੁਭ ਅਮਲਾਂ ਨੂੰ ਜੀਵਨ ’ਚ ਅਪਨਾਉਣ ਲਈ ਪ੍ਰੇਰਿਆ ਕੀਤਾ।
ਇਸ ਮੌਕੇ ਵਿਦਿਆਰਥੀਆਂ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਅਧਾਰਿਤ ਕਵਿਤਾਵਾਂ ਅਤੇ ਵਿਚਾਰ ਗੋਸ਼ਟੀਆਂ ਕੀਤੀਆਂ ਗਈਆਂ। ਇਸ ਮੌਕੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਮਾਹਲ ਨੇ ਵਿਦਿਆਰਥੀਆਂ ਨੂੰ ਧਰਮ ਪ੍ਰਤੀ ਪ੍ਰਪੱਕ ਸੋਚ ਰੱਖਣ ਅਤੇ ਸ਼ੁਭ ਅਮਲਾਂ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂੰਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।