ਅੰਮ੍ਰਿਤਸਰ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਜੀ ਤਰਸੇਮ ਸਿੰਘ ਨੇ ਕਿਹਾ ਹੈ ਕਿ ਉਹ 14 ਜਨਵਰੀ ਨੂੰ ਮਾਘੀ ਮੇਲੇ ਮੌਕੇ ਪੰਜਾਬ ਵਿਚ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਨਗੇ।
ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਪਾਰਟੀ ਦੀ ਅਗਵਾਈ ਕਰੇਗਾ ਤੇ ਉਦੋਂ ਤੱਕ ਪਾਰਟੀ ਦੀ ਕਮਾਨ ਉਨ੍ਹਾਂ ਕੋਲ ਰਹੇਗੀ। ਤਰਸੇਮ ਸਿੰਘ ਨੇ ਕਿਹਾ ਕਿ ਉਹ ਸੰਗਤ ਦੀ ਹਾਜ਼ਰੀ ਵਿਚ ਨਵੀਂ ਪਾਰਟੀ ਦੇ ਨਾਮ ਤੇ ਏਜੰਡੇ ਬਾਰੇ ਐਲਾਨ ਕਰਨਗੇ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਹਮਾਇਤੀਆਂ ਦੇ ਨਾਲ ਅਜਨਾਲਾ ਪੁਲੀਸ ਥਾਣੇ ’ਤੇ ਕੀਤੇ ਹਮਲੇ ਦੇ ਦੋਸ਼ ਵਿਚ 23 ਫਰਵਰੀ ਨੂੰ ਮੋਗਾ ਦੇ ਰੋਡੇ ਪਿੰਡ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ।